Connect with us

Health

ਓ.ਪੀ. ਸੋਨੀ ਨੇ ਜੱਚਾ ਬੱਚਾ ਹਸਪਤਾਲ ਖਰੜ ਅਤੇ ਜ਼ਿਲ੍ਹਾ ਹਸਪਤਾਲ ਫ਼ਤਿਹਗੜ੍ਹ ਸਾਹਿਬ ਦਾ ਕਾਰਜ ਮੁਕੰਮਲ ਕਰਨ ਲਈ ਸਮਾਂ-ਸੀਮਾ ਤੈਅ ਕੀਤੀ

Published

on

OP Soni

ਉਪ ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 26 ਨਵੰਬਰ : ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਵਲ ਹਸਪਤਾਲ ਖਰੜ ਵਿੱਚ ਬਣਾਏ ਜਾ ਰਹੇ ਜੱਚਾ-ਬੱਚਾ ਹਸਪਤਾਲ ਅਤੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਹਸਪਤਾਲ ਦਾ ਕੰਮ ਅਗਲੇ ਮਹੀਨੇ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ, ਜਿਨ੍ਹਾਂ ਕੋਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਹੈ, ਨੇ ਅਧਿਕਾਰੀਆਂ ਨੂੰ ਸਿਹਤ ਵਿਭਾਗ ਦੇ ਸਾਰੇ ਅਹਿਮ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਹ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਲਈ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਵਾਸਤੇ ਆਖਦਿਆਂ ਸ੍ਰੀ ਸੋਨੀ ਨੇ ਵਿਭਾਗ ਵੱਲੋਂ ਚਲਾਏ ਗਏ ਵੱਖ-ਵੱਖ ਪ੍ਰੋਗਰਾਮਾਂ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਟੀਚਿਆਂ ਦੀ ਪ੍ਰਾਪਤੀ ਲਈ ਸਮੇਂ ਨਾਲ ਮਿਲ ਕੇ ਚੱਲਣ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕਰਨ ਲਈ ਕੰਮ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਜੈਕਟਾਂ ਦੀ ਗੁਣਵੱਤਾ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਅਤੇ ਦੇਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਦੇ ਸਕੱਤਰ ਵਿਕਾਸ ਗਰਗ, ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਕੁਮਾਰ ਰਾਹੁਲ, ਐਮ.ਡੀ. ਪੀ.ਐਚ.ਐਸ.ਸੀ. ਭੁਪਿੰਦਰ ਸਿੰਘ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ.ਅੰਦੇਸ਼ ਕੰਗ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਓਮ ਪ੍ਰਕਾਸ਼ ਗੋਜਰਾ ਹਾਜ਼ਰ ਸਨ।