Punjab
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲੇ ਦਾ ਆਯੋਜਨ
ਪਟਿਆਲਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਪਟਿਆਲਾ (ਰੌਣੀ) ਵੱਲੋਂ ਕੇ.ਵੀ.ਕੇ. ਕੈਂਪਸ ਵਿਖੇ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਅਧੀਨ ਇਕ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ। ਇਹ ਮੇਲਾ ਖਾਸ ਤੌਰ ਤੇ ਕਿਸਾਨ ਭਾਗੀਦਾਰੀ – ਪ੍ਰਾਥਮਿਕਤਾ ਹਮਾਰੀ ਮੁਹਿੰਮ ਦੇ ਤਹਿਤ ਕਰਵਾਇਆ ਗਿਆ। ਮੇਲੇ ’ਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਾਗਬਾਨੀ ਵਿਭਾਗ, ਮੱਛੀ ਪਾਲਣ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਨੇ ਸ਼ਿਰਕਤ ਕਰਕੇ ਕਿਸਾਨਾਂ ਲਈ ਪ੍ਰਦਰਸ਼ਨੀਆਂ ਦਾ ਆਯੋਜਨ ਵੀ ਕੀਤਾ। ਮੇਲੇ ਵਿਚ ਲਗਭਗ 400 ਕਿਸਾਨ ਵੀਰਾਂ ਅਤੇ ਬੀਬੀਆਂ ਨੇ ਭਾਗ ਲਿਆ।
ਇਸ ਮੌਕੇ ਤੇ ਇਕ ਕਿਸਾਨ-ਵਿਗਿਆਨੀ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਨੇ ਆਏ ਹੋਏ ਕਿਸਾਨਾਂ ਨੂੰ ਤੇਲ ਬੀਜ ਫਸਲਾਂ, ਦਾਲਾਂ, ਮਿਲਟਸ ਅਤੇ ਬਾਇਓ ਫੋਰਟੀਫਾਈਡ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਜ਼ਿਲ੍ਹੇ ਦੇ ਵੱਖ-ਵੱਖ ਉਦਮੀ ਅਤੇ ਸਫਲ ਕਿਸਾਨਾਂ ਨੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਇਸ ਮੌਕੇ ’ਤੇ ਲਗਾਈ।
ਮੇਲੇ ਦੌਰਾਨ ਡਾ. ਗੁਰਪ੍ਰੀਤ ਕੌਰ, ਡਾ. ਰਜਨੀ ਗੋਇਲ, ਡਾ. ਪਰਮਿੰਦਰ ਸਿੰਘ, ਡਾ. ਰਚਨਾ ਸਿੰਗਲਾ, ਡਾ. ਹਰਦੀਪ ਸਭਿਖੀ, ਡਾ. ਗੁਰਨਾਜ਼ ਗਿੱਲ ਅਤੇ ਡਾ. ਜਸ਼ਨਜੋਤ ਕੌਰ ਨੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਤੇ ਜਾਣਕਾਰੀ ਦਿੱਤੀ ਅਤੇ ਉਹਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।
ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਵਿਪਨ ਰਾਮਪਾਲ ਨੇ ਕਿਸਾਨਾਂ ਦੀ ਕ੍ਰਿਸ਼ੀ ਅਤੇ ਸਹਾਇਕ ਧੰਦਿਆਂ ਵਿਚ ਭਾਗੀਦਾਰੀ ਨੂੰ ਆਪਣੀ ਪ੍ਰਾਥਮਿਕਤਾ ਦੱਸਦਿਆਂ ਹੋਇਆ ਤੇਲ-ਬੀਜ ਅਤੇ ਦਾਲਾਂ ਦੀਆਂ ਫਸਲਾਂ ਦੀ ਕਾਸ਼ਤ ਨੂੰ ਤਰਜੀਹ ਦੇਣ ਦਾ ਸੰਦੇਸ਼ ਦਿੱਤਾ। ਉਹਨਾਂ ਨੇ ਆਏ ਹੋਏ ਕਿਸਾਨ ਵੀਰਾਂ ਅਤੇ ਬੀਬੀਆਂ ਦਾ ਤਹਿ-ਦਿਲੋਂ ਧੰਨਵਾਦ ਵੀ ਕੀਤਾ।