World
ਪਾਕਿ ਅਦਾਲਤ ਨੇ ਇਮਰਾਨ ਨੂੰ ਜ਼ਮਾਨਤ ਰੱਦ ਕਰਨ ਦੀ ਦਿੱਤੀ ਚੇਤਾਵਨੀ,ਕਿਹਾ ਕਿ ਖਾਨ ਨੇ ਬਣਾਇਆ ਹੋਇਆ ਹੈ “ਅਦਾਲਤਾਂ ਦਾ ਮਜ਼ਾਕ”

ਵੱਖ-ਵੱਖ ਅਦਾਲਤਾਂ ਦੀਆਂ ਸੁਣਵਾਈਆਂ ਤੋਂ ਲਗਾਤਾਰ ਗੈਰਹਾਜ਼ਰੀ ‘ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ, ਪਾਕਿਸਤਾਨ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਨੂੰ ਰੱਦ ਕਰਨ ਦੀ ਚੇਤਾਵਨੀ ਦਿੱਤੀ। ਇਸਲਾਮਾਬਾਦ ਹਾਈ ਕੋਰਟ ਦੇ ਚੀਫ ਜਸਟਿਸ ਆਮਿਰ ਫਾਰੂਕ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਸੰਸਦ ਮੈਂਬਰ ਮੋਹਸਿਨ ਸ਼ਾਹਨਵਾਜ਼ ਰਾਂਝਾ ਵੱਲੋਂ ਪਿਛਲੇ ਸਾਲ ਦਾਇਰ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਦੇ ਮੁਖੀ ਖਾਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੇ “ਅਦਾਲਤਾਂ ਦਾ ਮਜ਼ਾਕ” ਬਣਾਇਆ ਹੈ।
ਅਦਾਲਤ ਨੇ ਖਾਨ ਨੂੰ ਬੁੱਧਵਾਰ ਨੂੰ ਹੀ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਖਾਨ ਦੇ ਖਿਲਾਫ ਪਿਛਲੇ ਸਾਲ ਅਪ੍ਰੈਲ ‘ਚ ਬੇਭਰੋਸਗੀ ਮਤੇ ਦੇ ਜ਼ਰੀਏ ਸੱਤਾ ਤੋਂ ਹਟਾਏ ਜਾਣ ਤੋਂ ਬਾਅਦ 100 ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਹਨ। ਹਾਲਾਂਕਿ ਅਜੇ ਤੱਕ ਉਸ ਨੂੰ ਕਿਸੇ ਵੀ ਮਾਮਲੇ ‘ਚ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਕਈ ਮਾਮਲਿਆਂ ਵਿੱਚ, ਖਾਨ (70) ਨੂੰ ਹਾਈ ਕੋਰਟ ਨੇ ਇਸ ਸ਼ਰਤ ‘ਤੇ ਅਗਾਊਂ ਜ਼ਮਾਨਤ ਦਿੱਤੀ ਹੈ ਕਿ ਉਹ ਅਦਾਲਤੀ ਸੁਣਵਾਈਆਂ ਵਿੱਚ ਹਾਜ਼ਰ ਹੁੰਦਾ ਹੈ, ਜਿਸ ਲਈ ਖਾਨ ਨੇ ਸਹਿਮਤੀ ਦਿੱਤੀ ਹੈ।
ਜਸਟਿਸ ਫਾਰੂਕ ਨੇ ਸਾਬਕਾ ਪ੍ਰਧਾਨ ਮੰਤਰੀ ਖਾਨ ਦੇ ਵੱਖ-ਵੱਖ ਮਾਮਲਿਆਂ ‘ਚ ਲਗਾਤਾਰ ਗੈਰ-ਹਾਜ਼ਰੀ ‘ਤੇ ਨਾਖੁਸ਼ੀ ਜ਼ਾਹਰ ਕਰਦੇ ਹੋਏ ਉਨ੍ਹਾਂ ਨੂੰ ਅੱਜ ਹੀ ਅਦਾਲਤ ‘ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜੇਕਰ ਖਾਨ ਅੱਜ ਖੁਦ ਅਦਾਲਤ ਵਿੱਚ ਪੇਸ਼ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਰੱਦ ਕਰ ਦਿੱਤੀ ਜਾਵੇਗੀ।