Connect with us

Punjab

ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਆਯੋਜਿਤ ਹੋਈ ਮਾਪੇ ਅਧਿਆਪਕ ਮਿਲਣੀ

Published

on

ਐੱਸ.ਏ.ਐੱਸ. ਨਗਰ:

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਗੁਣਾਤਮਿਕ ਲਈ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਲਗਾਤਾਰ ਵਿਦਿਆਰਥੀਆਂ ਦੇ ਮਾਪਿਆਂ ਨਾਲ ਸੰਪਰਕ ਬਣਾਈ ਰੱਖਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਛਿਮਾਹੀ ਮੁਲਾਂਕਣ ਦੀ ਪ੍ਰਗਤੀ ਰਿਪੋਰਟ ਮਾਪਿਆਂ ਨਾਲ ਸਾਂਝੀ ਕਰਨ ਲਈ ਡਾਇਰੈਕਟਰ ਐੱਸਸੀਈਆਰਟੀ ਪੰਜਾਬ ਡਾ. ਮਨਿੰਦਰ ਸਿੰਘ ਸਰਕਾਰੀਆ ਦੇ ਨਿਰਦੇਸ਼ਾਂ ਅਨੁਸਾਰ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ।

ਪੰਜਾਬ ਦੇ ਸਮੂਹ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਆ ਕੇ ਆਪਣੇ ਬੱਚਿਆਂ ਦੀ ਪ੍ਰਗਤੀ ਰਿਪੋਰਟ ਬਾਰੇ ਜਾਣਕਾਰੀ ਲਈ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਜਿੱਥੇ ਮਾਪਿਆਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਉੱਥੇ ਨਾਲ ਹੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਚਾਨਣਾ ਪਾਇਆ।

ਮਾਪੇ ਅਧਿਆਪਕ ਮਿਲਣੀ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐੱਸ.ਏ.ਐੱਸ. ਨਗਰ ਸੁਸ਼ੀਲ ਨਾਥ ਨੇ ਦੱਸਿਆ ਕਿ ਸਕੂਲ ਮੁਖੀਆਂ ਦੁਆਰਾ ਮਾਪਿਆਂ ਦੇ ਬੈਠਣ ਲਈ ਵਧੀਆ ਪ੍ਰਬੰਧ ਸਨ। ਜਮਾਤ ਇੰਚਾਰਜਾਂ ਅਤੇ ਸਕੂਲ ਮੁਖੀਆਂ ਨੇ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਅਕਾਦਮਿਕ ਅਤੇ ਸਹਿ-ਅਕਾਦਮਿਕ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਇਹਨਾਂ ਪ੍ਰੀਖਿਆਵਾਂ ਵਿੱਚ ਰਹਿ ਗਏ ਕਮਜ਼ੋਰ ਪੱਖਾਂ ‘ਤੇ ਕਿਸ ਵਿਧੀ ਨਾਲ ਕੰਮ ਕੀਤਾ ਜਾਣਾ ਹੈ ਬਾਰੇ ਚਰਚਾ ਕੀਤੀ। ਉਹਨਾਂ ਮਾਪਿਆਂ ਨੂੰ ਸਕੂਲਾਂ ਵਿੱਚ ਸਮਾਰਟ ਕਲਾਸਰੂਮ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਪ੍ਰਗਤੀ ਬਾਰੇ ਵੀ ਦੱਸਿਆ। ਇਸ ਮਾਪੇ ਅਧਿਆਪਕ ਮਿਲਣੀ ਵਿੱਚ ਵੱਖ-ਵੱਖ ਥਾਵਾਂ ‘ਤੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨਾਂ ਅਤੇ ਮੈਂਬਰਾਂ, ਜ਼ਿਲ੍ਹਾ ਅਤੇ ਬਲਾਕ ਸਿੱਖਿਆ ਅਧਿਕਾਰੀਆਂ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।