Corona Virus
ਪ੍ਰਸ਼ਾਸਨ ਵੱਲੋਂ ਲੋੜਮੰਦ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਰਾਸ਼ਨ

ਫਿਰੋਜ਼ਪੁਰ, 2 ਅਪ੍ਰੈਲ 2020- ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਫਿਰੋਜ਼ਪੁਰ ਵਿਚ ਗ਼ਰੀਬ ਅਤੇ ਜ਼ਰੂਰਤਮੰਦ ਲੋਕਾਂ ਤੱਕ ਮੱਦਦ ਪਹੁੰਚਾਉਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਫਿਰੋਜ਼ਪੁਰ ਵਿਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 20 ਹਜ਼ਾਰ ਫੂਡ ਪੈਕਟ ਅਤੇ 469 ਸੁੱਕੇ ਰਾਸ਼ਨ ਦੀਆਂ ਕਿੱਟਾਂ ਦੀ ਵੰਡੀਆਂ ਗਈਆਂ।
ਇਸ ਦੇ ਤਹਿਤ ਫਿਰੋਜ਼ਪੁਰ ਛਾਉਣੀ ਵਿਚ 4500 ਫੂਡ ਪੈਕਟ ਅਤੇ 87 ਸੁੱਕੇ ਰਾਸ਼ਨ ਦੀਆਂ ਕਿੱਟਾਂ ਦੀ ਵੰਡ ਕੀਤੀ ਗਈ ਹੈ। ਇਸੇ ਤਰ੍ਹਾਂ ਫਿਰੋਜ਼ਪੁਰ ਸ਼ਹਿਰ ਵਿਚ 15 ਹਜ਼ਾਰ 500 ਫੂਡ ਪੈਕਟ ਅਤੇ 382 ਸੁੱਕੇ ਰਾਸ਼ਨ ਦੀਆਂ ਕਿੱਟਾਂ ਦੀ ਵੰਡ ਕੀਤੀ ਗਈ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਇੱਕ ਮੰਚ ‘ਤੇ ਇਕੱਠਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਲੋਕਾਂ ਤੱਕ ਮਦਦ ਪਹੁੰਚਾਉਣ ਦਾ ਸਿਲਸਿਲਾ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 6 ਸਥਾਨਾਂ ‘ਤੇ ਕਮਿਊਨਿਟੀ ਰਸੋਈਆਂ ਚਲਾਈਆਂ ਜਾ ਰਹੀਆਂ ਹਨ, ਜਿੱਥੋਂ ਜ਼ਰੂਰਤਮੰਦ ਲੋਕਾਂ ਤੱਕ ਖਾਣਾ ਅਤੇ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਦਾਨੀ ਸੱਜਣਾਂ ਨੂੰ ਇਨ੍ਹਾਂ ਕਮਿਊਨਿਟੀ ਰਸੋਈਆਂ ਵਿਚ ਦਾਨ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਰੂਰਤਮੰਦ ਲੋਕਾਂ ਤੱਕ ਮਦਦ ਪਹੁੰਚਾਉਣ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 8 ਹਜ਼ਾਰ ਸੁੱਕੇ ਰਾਸ਼ਨ ਦੀਆਂ ਕਿੱਟਾਂ ਤਿਆਰ ਕਰਵਾਈਆਂ ਗਈਆਂ ਹਨ ਅਤੇ ਵੱਖ-ਵੱਖ ਸੰਗਠਨਾਂ ਨੂੰ ਇੱਕ ਮੰਚ ‘ਤੇ ਇਕੱਠਾ ਕੀਤਾ ਗਿਆ ਹੈ ਤਾਂ ਜੋ ਪ੍ਰਭਾਵਸ਼ਾਲੀ ਤਰੀਕੇ ਨਾਲ ਲੋਕਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਜ਼ਿਲ੍ਹਾ ਪੱਧਰ ਦਾ ਰਿਲੀਫ ਫ਼ੰਡ ਵੀ ਸਥਾਪਿਤ ਕੀਤਾ ਗਿਆ ਹੈ, ਜਿਸ ਵਿਚ ਲੋਕ ਆਪਣੀ ਮਦਦ ਦਾਨ ਦੇ ਰੂਪ ਵਿਚ ਰਿਲੀਫ ਫ਼ੰਡ ਵਿਚ ਜਮ੍ਹਾ ਕਰਵਾ ਸਕਦੇ ਹਨ।