Connect with us

Punjab

ਲੋਕਾਂ ਨੇ ਨਸ਼ਾ ਖਰੀਦਣ ਆਏ ਨੌਜਵਾਨਾਂ ਦੀ ਕੀਤੀ ਚਿਤਰ ਪਰੇਡ, ਮਾਹੌਲ ਗਰਮਾਇਆ

Published

on

ਬਟਾਲਾ : ਥਾਣਾ ਘੁਮਾਣ ਅਧੀਨ ਪੈਂਦੇ ਪਿੰਡ ਦਕੋਹਾ ਵਿੱਚ ਨਸ਼ਾ ਖਰੀਦਣ ਅਤੇ ਕਰਨ ਆਏ 3-4 ਨੌਜਵਾਨਾਂ ਦੀ ਪਿੰਡ ਦੇ ਨੌਜਵਾਨਾਂ ਅਤੇ ਵਾਲਮੀਕਿ ਧਾਰਮਿਕ ਸਿੱਖ ਮੋਰਚਾ ਦੇ ਆਗੂਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਲਮੀਕਿ ਧਾਰਮਿਕ ਸਿੱਖ ਮੋਰਚਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਣਜੀਤ ਸਿੰਘ ਦਕੋਹਾ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ੇ ਅੰਨ੍ਹੇਵਾਹ ਵਿਕ ਰਹੇ ਹਨ। ਅੱਜ ਦੁਪਹਿਰ ਪਿੰਡ ਦੇ ਸ਼ਮਸ਼ਾਨਘਾਟ ਤੋਂ ਉਨ੍ਹਾਂ ਨੇ ਨੇੜਲੇ ਪਿੰਡਾਂ ਨਾਲ ਸਬੰਧਤ ਕੁਝ ਨੌਜਵਾਨਾਂ ਨੂੰ ਕਾਬੂ ਕਰ ਲਿਆ। ਜਦੋਂ ਉਨ੍ਹਾਂ ਦੇ ਇੱਥੇ ਆਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਇੱਥੇ ਨਸ਼ਾ ਖਰੀਦਣ ਅਤੇ ਕਰਨ ਆਏ ਹਾਂ, ਜਿਸ ‘ਤੇ ਉਨ੍ਹਾਂ ਕੋਲੋਂ ਟੀਕੇ ਅਤੇ ਹੋਰ ਸਮੱਗਰੀ ਵੀ ਬਰਾਮਦ ਹੋਈ ਹੈ। ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਤੁਰੰਤ ਇਸ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ। ਕਾਫੀ ਦੇਰ ਤੱਕ ਪੁਲਸ ਨਾ ਪਹੁੰਚਣ ‘ਤੇ ਉਕਤ ਨੌਜਵਾਨਾਂ ਨੇ ਮੁਆਫੀ ਮੰਗ ਕੇ ਖਹਿੜਾ ਛੁਡਵਾਇਆ।

ਉਨ੍ਹਾਂ ਕਿਹਾ ਕਿ ਦਕੋਹਾ ਅਤੇ ਘੁਮਾਣ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਤਸਕਰ ਬੇਖੌਫ ਹੋ ਕੇ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਬਟਾਲਾ ਦੀ ਮਹਿਲਾ ਐਸਐਸਪੀ ਤੋਂ ਮੰਗ ਕੀਤੀ ਕਿ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਨਸ਼ਿਆਂ ਕਾਰਨ ਬਰਬਾਦ ਹੋ ਰਹੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ। ਇਸ ਸਬੰਧੀ ਜਦੋਂ ਥਾਣਾ ਘੁਮਾਣ ਦੇ ਐਸਐਚਓ ਪਰਮਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ ਜਾਵੇਗੀ।