Connect with us

punjab

ਪੁਲਿਸ ਯਾਦਗਾਰੀ ਦਿਵਸ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਡੀ.ਜੀ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

Published

on

ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਸਮਰੱਥ : ਸੁਖਜਿੰਦਰ ਸਿੰਘ ਰੰਧਾਵਾ

ਡੀ.ਜੀ.ਪੀ. ਪੰਜਾਬ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਮਦਦ ਕਰਨ ਦਾ ਦਿੱਤਾ ਭਰੋਸਾ

ਜਲੰਧਰ, ਅਕਤੂਬਰ : ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦੇਣ ਵਾਲੇ ਸੂਬੇ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਇੱਥੇ ਪੰਜਾਬ ਆਰਮਡ ਪੁਲਿਸ (ਪੀਏਪੀ) ਦੇ ਹੈਡਕੁਆਰਟਰ ਵਿਖੇ 62ਵਾਂ ਰਾਜ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਇੱਕ ਬੇਮਿਸਾਲ ਫੋਰਸ ਹੈ, ਜਿਸ ਨੇ ਸ਼ਾਂਤੀ ਅਤੇ ਅਸ਼ਾਂਤੀ ਦੇ ਸਮੇਂ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਅੱਤਵਾਦ ਨਾਲ ਲੜਦੇ ਹੋਏ ਆਪਣੇ 1604 ਅਧਿਕਾਰੀਆਂ ਅਤੇ ਸਿਪਾਹੀਆਂ ਦਾ ਬਲਿਦਾਨ ਦਿੱਤਾ ਗਿਆ ।

ਪੀ.ਏ.ਪੀ. ਕੈਂਪਸ ਦੇ ਅੰਦਰ ਉਸਾਰੇ ਗਏ ਪੁਲਿਸ ਸ਼ਹੀਦ ਸਮਾਰਕ ਵਿਖੇ ਸੁਚੱਜੇ ਢੰਗ ਨਾਲ ਪਰੇਡ ਦਾ ਆਯੋਜਨ ਕੀਤਾ ਗਿਆ। ਉਪ ਮੁੱਖ ਮੰਤਰੀ ਨੂੰ ਸਲਾਮੀ ਦੇਣ ਤੋਂ ਬਾਅਦ, ਕਮਾਂਡੈਂਟ ਰਾਜਪਾਲ ਸਿੰਘ ਸੰਧੂ ਵੱਲੋਂ ਪੰਜਾਬ ਪੁਲਿਸ ਦੇ ਏ.ਐਸ.ਆਈ. ਭਗਵਾਨ ਸਿੰਘ ਅਤੇ ਏ.ਐਸ.ਆਈ. ਦਲਵਿੰਦਰਜੀਤ ਸਿੰਘ ਸਮੇਤ ਇਸ ਸਾਲ ਦੇ ਸਮੁੱਚੇ 377 ਪੁਲਿਸ ਸ਼ਹੀਦਾਂ ਦੇ ਨਾਮ ਪੜ੍ਹੇ ਗਏ। ਦੋ ਮਿੰਟ ਦਾ ਮੌਨ ਰੱਖਿਆ ਗਿਆ, ਜਿਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਵੱਲੋਂ ਸ਼ਹੀਦੀ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਸ: ਰੰਧਾਵਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਦੇਸ਼ ਵਿੱਚ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ, “ਮੈਂ ਉਨ੍ਹਾਂ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮਾਣ ਮਹਿਸੂਸ ਕਰਦਾ ਹਾਂ, ਜਿਨ੍ਹਾਂ ਨੇ ਮਾਤ ਭੂਮੀ ਦੀ ਸੇਵਾ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ।”

ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ਦੇ ਅੰਦਰ ਬੀ.ਐਸ.ਐਫ. ਦੇ ਅਧਿਕਾਰ ਖੇਤਰ ਨੂੰ 50 ਕਿਲੋਮੀਟਰ ਤੱਕ ਵਧਾਉਣ ਦੇ ਫੈਸਲੇ ‘ਤੇ ਉਨ੍ਹਾਂ ਕਿਹਾ ਕਿ ਪੰਜਾਬ, ਜੋ ਕਿ ਸਾਰੀਆਂ ਲੜਾਈਆਂ ਦੌਰਾਨ ਹਮੇਸ਼ਾ ਮੋਹਰੀ ਰਿਹਾ ਹੈ, ਨੂੰ ਆਪਣੀ ਸੁਰੱਖਿਆ ਲਈ ਕਿਸੇ ਹੋਰ ਤਾਕਤ ਦੀ ਜ਼ਰੂਰਤ ਨਹੀਂ ਹੈ। ਉਪ ਮੁੱਖ ਮੰਤਰੀ ਨੇ ਕਿਹਾ, “ਸਾਡੀ ਪੁਲਿਸ ਫੋਰਸ ਪੰਜਾਬ ਦੀ ਸੁਰੱਖਿਆ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ।

ਸ. ਰੰਧਾਵਾ ਨੇ ਐਲਾਨ ਕੀਤਾ ਕਿ ਜ਼ਿਲ੍ਹਿਆਂ ਵਿੱਚ ਸਥਿਤ ਪੁਲਿਸ ਲਾਈਨਾਂ ਦੀਆਂ ਡਿਸਪੈਂਸਰੀਆਂ ਵਿੱਚ ਲੈਬ ਸਥਾਪਤ ਕੀਤੀਆਂ ਜਾਣਗੀਆਂ ਜਿੱਥੇ ਪੁਲਿਸ ਕਰਮੀਆਂ ਦੇ ਪਰਿਵਾਰਾਂ ਨੂੰ ਟੈਸਟਿੰਗ ਦੀ ਸਹੂਲਤ ਹੋਵੇਗੀ। ਇਨ੍ਹਾਂ ਲੈਬਜ਼ ਉੱਪਰ ਕੁੱਲ ਸਵਾ ਕਰੋੜ ਦੇ ਕਰੀਬ ਲਾਗਤ ਆਵੇਗੀ।

ਸ਼ਹੀਦਾਂ ਦੇ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਸ. ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਨਵੀਆਂ ਭਲਾਈ ਯੋਜਨਾਵਾਂ ਉਲੀਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਉਨ੍ਹਾਂ ਦੇ ਪਰਿਵਾਰਾਂ ਦੇ ਕਦੇ ਨਾ ਖਤਮ ਹੋਣ ਵਾਲੇ ਸਮਰਥਨ ਸਦਕਾ ਹੀ ਹੈ ਕਿ ਪੁਲਿਸ ਆਪਣੀ ਡਿਊਟੀ ਪੂਰੀ ਲਗਨ ਅਤੇ ਸਨਮਾਨ ਨਾਲ ਨਿਭਾਉਣ ਦੇ ਸਮਰੱਥ ਹੋਈ ਹੈ ।

ਡੀ.ਜੀ.ਪੀ. ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਇਸ ਮੌਕੇ ਬੋਲਦਿਆਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ “ਅਸੀਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਿਸ ਪੂਰੀ ਲਗਨ ਅਤੇ ਬਹਾਦਰੀ ਨਾਲ ਸਰਹੱਦੀ ਸੂਬੇ ਦੀ ਸੇਵਾ ਕਰਦੀ ਰਹੇਗੀ।”

ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ

21 ਅਕਤੂਬਰ 1959 ਨੂੰ ਸੀ.ਆਰ.ਪੀ.ਐਫ. ਦੀ ਗਸ਼ਤ ਕਰ ਰਹੀ ਪਾਰਟੀ, ਜਿਸ ਦੀ ਅਗਵਾਈ ਐਸ.ਆਈ. ਕਰਮ ਸਿੰਘ ਕਰ ਰਹੇ ਸਨ, ਉਤੇ ਚੀਨੀ ਫੌਜਾਂ ਵੱਲੋਂ ਲੱਦਾਖ ਦੇ ਹੌਟ ਸਪਰਿੰਗਜ਼ ਵਿੱਚ ਘਾਤ ਲਗਾ ਕੇ ਹਮਲਾ ਕਰ ਦਿੱਤਾ ਗਿਆ ਅਤੇ 10 ਜਵਾਨ ਸ਼ਹੀਦ ਹੋ ਗਏ। 16,000 ਫੁੱਟ ਦੀ ਉਚਾਈ ‘ਤੇ ਬੇਹੱਦ ਠੰਡੇ ਮੌਸਮ ਵਿੱਚ ਸਾਰੀਆਂ ਮੁਸ਼ਕਲਾਂ ਨਾਲ ਲੜਦੇ ਹੋਏ ਜਵਾਨਾਂ ਦੀ ਬਹਾਦਰੀ ਅਤੇ ਬਲਿਦਾਨ ਦੁਰਲੱਭ ਦਲੇਰੀ ਦਾ ਪ੍ਰਤੀਕ ਹੈ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਵੱਲੋਂ ਦੇਸ਼ ਦੇ ਸਾਰੇ ਪੁਲਿਸ ਬਲਾਂ ਦੀ ਪ੍ਰਤੀਨਿਧੀ ਪਾਰਟੀ ਹਰ ਸਾਲ ਲਦਾਖ ਦੇ ਹੌਟ ਸਪਰਿੰਗਜ਼ ਵਿਖੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਭੇਜੀ ਜਾਂਦੀ ਹੈ, ਜਿਨ੍ਹਾਂ 21 ਅਕਤੂਬਰ, 1959 ਨੂੰ ਕੌਮੀ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਵਾਰ ਦਿੱਤੀਆਂ।

ਉਦੋਂ ਤੋਂ ਹਰ ਸਾਲ 21 ਅਕਤੂਬਰ ਨੂੰ ਸਮੂਹ ਪੁਲਿਸ ਯੂਨਿਟਾਂ ਵਿੱਚ ਬਹਾਦਰ ਪੁਲਿਸ ਸ਼ਹੀਦਾਂ ਦੇ ਸਤਿਕਾਰ ਵਜੋਂ ਯਾਦਗਾਰੀ ਪਰੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿਨ੍ਹਾਂ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਹਥਿਆਰ ਉਲਟੇ ਕੀਤੇ ਜਾਂਦੇ ਹਨ ਅਤੇ ਦੋ ਮਿੰਟ ਦਾ ਮੌਨ ਰੱਖਿਆ ਜਾਂਦਾ ਹੈ। ਰਾਜਾਂ, ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਪੁਲਿਸ ਸ਼ਹੀਦਾਂ ਦੇ ਨਾਮ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਮਹਾਨ ਕੁਰਬਾਨੀਆਂ ਨੂੰ ਮਾਨਤਾ ਦੇਣ ਲਈ ਪੜ੍ਹੇ ਜਾਂਦੇ ਹਨ।