Punjab
ਗਰਮੀ ‘ਚ ਲੂ ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ
ਪਟਿਆਲਾ: ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵਧਦੇ ਤਾਪਮਾਨ ਦੇ ਮੱਦੇਨਜ਼ਰ ਲੂ (ਗਰਮ ਹਵਾ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਲੂ ਤੋਂ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ।
ਇਸ ਸਬੰਧੀ ਵਿਭਾਗਾਂ ਨੂੰ ਐਡਵਾਈਜ਼ਰੀ ਜਾਰੀ ਕਰਦਿਆ ਉਨ੍ਹਾਂ ਕਿਹਾ ਕਿ ਹੀਟ ਵੇਵ ਨੂੰ ਮੁੱਖ ਰੱਖਦੇ ਹੋਏ ਆਮ ਲੋਕਾਂ ਦੀ ਸਹੂਲਤ ਲਈ ਪਬਲਿਕ ਡੀਲਿੰਗ ਦਫ਼ਤਰਾਂ ਦੇ ਅੰਦਰ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸੇਵਾ ਕੇਂਦਰ, ਫਰਦ ਕੇਂਦਰ, ਸਾਂਝ ਕੇਂਦਰ, ਹਸਪਤਾਲਾਂ ਅਤੇ ਪੁਲਿਸ ਥਾਣਿਆਂ ਵਿਖੇ ਆਮ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਲੂ ਤੋਂ ਬਚਾਅ ਸਬੰਧੀ ਸੁਝਾਅ ਦਿੰਦਿਆ ਕਿਹਾ ਹੈ ਕਿ ਧੁੱਪ ਤੋਂ ਬਚਣ ਲਈ ਐਨਕਾਂ, ਛਤਰੀ, ਜੁੱਤੇ ਆਦਿ ਪਾਉਣ ਤੋਂ ਇਲਾਵਾ ਸਿਰ ਢੱਕ ਕੇ ਹੀ ਬਾਹਰ ਨਿਕਲਿਆ ਜਾਵੇ ਅਤੇ ਪਾਣੀ ਨਾਲ ਜ਼ਰੂਰ ਰੱਖਿਆ ਜਾਵੇ। ਜੇ ਕੋਈ ਬਾਹਰ ਕੰਮ ਕਰਨ ਜਾਂਦਾ ਹੈ ਤਾਂ ਉਹ ਆਪਣੇ ਸਰੀਰ ਨੂੰ ਚੰਗੀ ਤਰ੍ਹਾਂ ਢੱਕ ਕੇ ਜਾਵੇ ਤੇ ਇਸ ਮੌਸਮ ਵਿਚ ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕੁਝ ਸਾਵਧਾਨੀਆਂ ਵਰਤਕੇ ਅਸੀਂ ਜਿਥੇ ਲੂ ਤੋਂ ਬਚਾਅ ਕਰ ਸਕਦੇ ਹਾਂ ਉਥੇ ਆਪਣੇ ਆਪ ਨੂੰ ਬਿਮਾਰ ਹੋਣ ਤੋਂ ਵੀ ਬਚਾਅ ਸਕਦੇ ਹਾਂ।