Punjab
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਕਰਨ ਦੀ ਤਿਆਰੀ

ਚੰਡੀਗੜ੍ਹ: ਹਾਈਕਮਾਂਡ ਜਿੱਥੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ, ਉਥੇ ਹੀ ਸਿੱਧੂ ਇਸ ਗੱਲ ਤੋਂ ਬੇਫਿਕਰ ਹੋ ਕੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਲਗਾਤਾਰ ਹਮਲੇ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ ਅੰਮ੍ਰਿਤਸਰ ਦੇ ਜਹਾਜਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਰੇਤੇ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਮਾਨ ਸਰਕਾਰ ਖ਼ਿਲਾਫ਼ ਜੰਮ ਕੇ ਹਮਲਾ ਕੀਤਾ।
ਉਨ੍ਹਾਂ ਕਿਹਾ ਕਿ ਰੇਤ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਅਤੇ ਸੂਬੇ ਵਿੱਚ ਉਸਾਰੀ ਦਾ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਸਿੱਧੂ ਨੇ ਕਿਹਾ ਕਿ ਸਰਕਾਰ 20 ਹਜ਼ਾਰ ਕਰੋੜ ਦੇ ਮਾਲੀਏ ਦੀ ਗੱਲ ਕਰਦੀ ਹੈ, ਜਦਕਿ ਭਗਵੰਤ ਮਾਨ ਸਰਕਾਰ ਨੇ ਹਾਲ ਹੀ ‘ਚ ਸੂਬੇ ‘ਤੇ 7 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ।
ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਰੇਤ ਦੀ ਇੱਕ ਟਰਾਲੀ ਜੋ 22 ਸੌ ਰੁਪਏ ਵਿੱਚ ਮਿਲਦੀ ਸੀ, ਅੱਜ 16 ਹਜ਼ਾਰ ਰੁਪਏ ਵਿੱਚ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਮਾਈਨਿੰਗ ਮਾਫੀਆ ਨੂੰ ਨੱਥ ਪਾ ਕੇ ਸਰਕਾਰ ਨੂੰ 20 ਹਜ਼ਾਰ ਕਰੋੜ ਰੁਪਏ ਦਾ ਮਾਲੀਆ ਮਿਲੇਗਾ, ਪਰ ਅਜਿਹਾ ਕੁਝ ਨਹੀਂ ਹੋਇਆ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਤੱਕ ਵੀ ਕਾਂਗਰਸ ਅਤੇ ਅਕਾਲੀ ਸਰਕਾਰ ਰੇਤ ਤੋਂ 200 ਕਰੋੜ ਤੋਂ ਵੱਧ ਦਾ ਮਾਲੀਆ ਨਹੀਂ ਲੈ ਸਕੀ।
ਜਦੋਂ ਉਨ੍ਹਾਂ ਨੂੰ ਕਾਂਗਰਸ ਹਾਈਕਮਾਂਡ ਦੀ ਕਾਰਵਾਈ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਇਸ ਬਾਰੇ ਚੁੱਪ ਵੱਟੀ ਰੱਖੀ। ਧਿਆਨ ਯੋਗ ਹੈ ਕਿ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ।
ਹਰੀਸ਼ ਚੌਧਰੀ ਨੇ ਇਹ ਮੰਗ ਸਿੱਧੂ ਵੱਲੋਂ ਆਪਣੇ ਆਪ ਨੂੰ ਪਾਰਟੀ ਤੋਂ ਉੱਪਰ ਦਿਖਾਉਣ ਦੀ ਕੋਸ਼ਿਸ਼ ਨੂੰ ਲੈ ਕੇ ਕੀਤੀ ਹੈ। ਇਸ ਮਾਮਲੇ ‘ਚ ਸੋਮਵਾਰ ਨੂੰ 23 ਅਪ੍ਰੈਲ ਦੀ ਚਿੱਠੀ ਸਾਹਮਣੇ ਆਈ ਹੈ। ਇਸ ਪੱਤਰ ਦੇ ਨਾਲ ਹੀ ਚੌਧਰੀ ਨੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਿੱਧੂ ਦੀਆਂ ਮੌਜੂਦਾ ਗਤੀਵਿਧੀਆਂ ਬਾਰੇ ਵਿਸਤ੍ਰਿਤ ਨੋਟ ਵੀ ਭੇਜਿਆ ਹੈ। ਇਸ ਦੇ ਬਾਵਜੂਦ ਸਿੱਧੂ ਆਪਣੀ ਧੁਨ ‘ਚ ਕੰਮ ਕਰ ਰਹੇ ਹਨ।