Connect with us

Uncategorized

ਸੁਨਾਮ ਦੇ ਸਰਬਪੱਖੀ ਵਿਕਾਸ ਲਈ ਰਾਹ ਪੱਧਰਾ ਕਰਨ ਵਾਲੇ ਮੁੱਖ ਮੰਤਰੀ ਮਾਨ ਵੱਲੋਂ ਐਲਾਨੇ 22.60 ਕਰੋੜ ਰੁਪਏ ਦੇ ਪ੍ਰੋਜੈਕਟਾਂ ਲਈ ਸ਼ੁਕਰਗੁਜ਼ਾਰ ਹਾਂਃ ਅਮਨ ਅਰੋੜਾ

Published

on

ਚੰਡੀਗੜ੍ਹ/ਸੰਗਰੂਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸਰਬਪੱਖੀ ਵਿਕਾਸ ਲਈ ਲਗਭਗ 22.60 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰਨ ਲਈ ਧੰਨਵਾਦ ਕੀਤਾ ਹੈ।

ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਆਈ.ਟੀ.ਆਈ. ਸੁਨਾਮ ਵਿਖੇ 1.66 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਵੀ ਰੱਖਿਆ, ਜੋ ਨੌਜਵਾਨਾਂ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਵਿੱਚ ਸਹਾਈ ਹੋਵੇਗਾ। 

ਮਹਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਮੌਕੇ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਅਤੇ ਬਗ਼ੈਰ ਕਿਸੇ ਪੱਖਪਾਤ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਸਬੰਧੀ ਮਾਨ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਸੁਨਾਮ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। 

ਮੁੱਖ ਮੰਤਰੀ ਨੇ ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਪ੍ਰਬੰਧਕੀ ਕੰਪਲੈਕਸ ਬਣਾਉਣ ਦਾ ਵੀ ਐਲਾਨ ਕੀਤਾ ਹੈ, ਜਿਸ ਨਾਲ ਚੀਮਾ ਦੇ ਵਸਨੀਕਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਚੀਮਾ ਵਿਖੇ 5.07 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਸਟੈਂਡ, ਲੌਂਗੋਵਾਲ ਵਿਖੇ 3.58 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਟੇਡੀਅਮ, ਲੌਂਗੋਵਾਲ ਵਿਖੇ 2.54 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਸਟੈਂਡ ਬਣਾਉਣ ਦਾ ਵੀ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ। ਸੁਨਾਮ ਸ਼ਹਿਰ ਵਿੱਚ ਸੀਵਰੇਜ ਅਤੇ ਜਲ ਸਪਲਾਈ ਦਾ ਬਕਾਇਆ ਕੰਮ 5.28 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। 

ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਝੂਠੇ ਵਾਅਦੇ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ ਜਦਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਚਾਰ ਮਹੀਨਿਆਂ ਦੇ ਅੰਦਰ ਹੀ ਲੋਕਾਂ ਦੀ ਭਲਾਈ ਲਈ ਕਈ ਵੱਡੇ ਅਤੇ ਇਤਿਹਾਸਕ ਫ਼ੈਸਲੇ ਲਏ ਹਨ ਅਤੇ ਉਹਨਾਂ ਨੂੰ ਸਫ਼ਲਤਾਪੂਰਵਕ ਲਾਗੂ ਵੀ ਕੀਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸ਼ਾਸਨ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਸੁਨਾਮ ਵਾਸੀਆਂ ਦੀਆਂ ਸਾਰੀਆਂ ਪ੍ਰਮੁੱਖ ਮੰਗਾਂ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਵੱਲੋਂ ਸੁਨਾਮ ਦੇ ਲੋਕਾਂ ਨਾਲ ਪੁਰਾਣੀਆਂ ਯਾਦਾਂ ਸਾਂਝੀਆਂ ਕਰਨ ਕਾਰਨ ਲੋਕ ਬਹੁਤ ਉਤਸ਼ਾਹਿਤ ਸਨ। ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਉਹ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।