Punjab
ਪੰਜਾਬ ਵਿਧਾਨ ਸਭਾ ਚੋਣਾਂ 2022: ਜਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 74.90 ਕਰੋੜ ਰੁਪਏ ਦੀਆਂ ਵਸਤਾਂ ਜਬਤ: ਸੀਈਓ ਪੰਜਾਬ
ਚੰਡੀਗੜ,
ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ ਚੋਣ ਜਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 22 ਜਨਵਰੀ, 2022 ਤੱਕ ਜਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 74.90 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਵੇਰਵੇ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 3.62 ਕਰੋੜ ਰੁਪਏ ਦੀ 11.38 ਲੱਖ ਲੀਟਰ ਸਰਾਬ ਜਬਤ ਕੀਤੀ ਹੈ। ਇਸੇ ਤਰਾਂ ਇਨਫੋਰਸਮੈਂਟ ਵਿੰਗਾਂ ਵੱਲੋਂ 56.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.05 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜਬਤ ਕੀਤੀ ਗਈ ਹੈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1140 ਵੱਧ ਸੰਵੇਦਨਸੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2555 ਵਿਅਕਤੀਆਂ ਦੀ ਸਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1426 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 287 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਗੈਰ ਜਮਾਨਤੀ ਵਾਰੰਟਾਂ ਦੇ 2366 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 173 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 9077 ਨਾਕੇ ਲਾਏ ਗਏ ਹਨ।
ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 369086 ਹਥਿਆਰ ਜਮਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 41 ਬਿਨਾਂ ਲਾਇਸੈਂਸ ਵਾਲੇ ਹਥਿਆਰ ਜਬਤ ਕੀਤੇ ਗਏ ਹਨ।