Connect with us

Punjab

ਕੈਪਟਨ ਵੱਲੋਂ ਸ਼ਰਾਬ ਦੇ ਨਜਾਇਜ਼ ਕਾਰੋਬਾਰ ਅਤੇ ਤਸਕਰੀ ਲਈ ਵਿਸ਼ੇਸ਼ ਟੀਮ ਦੇ ਗਠਨ ਦਾ ਐਲਾਨ

Published

on

ਚੰਡੀਗੜ੍ਹ, 5 ਜੂਨ 2020 – ਸ਼ਰਾਬ ਦੇ ਨਜਾਇਜ਼ ਕਾਰੋਬਾਰ ਵਿੱਚ ਸ਼ਾਮਲ ਹਰੇਕ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਲਾਕਡਾਊਨ ਦੇ ਸਮੇਂ ਦੌਰਾਨ ਸ਼ਰਾਬ ਦੀ ਨਜਾਇਜ਼ ਵਿਕਰੀ ਅਤੇ ਤਸਕਰੀ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਗਠਨ ਦਾ ਐਲਾਨ ਕੀਤਾ ਹੈ।

ਇੱਕ ਵੀਡੀਓ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਕਰਨਗੇ ਅਤੇ ਟੀਮ ਵੱਲੋਂ ਇਸ ਸਾਰੇ ਰੈਕੇਟ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

ਇੱਕ ਸਵਾਲ ਦੇ ਜਵਾਬ ਵਿੱਚ ਸਹਿਮਤੀ ਪ੍ਰਗਟਾਉਂਦਿਆਂ ਕਿ ਇੰਨੀ ਵੱਡੀ ਪੱਧਰ ‘ਤੇ ਸ਼ਰਾਬ ਦੀ ਨਾਜਾਇਜ਼ ਵਿਕਰੀ ਅਤੇ ਹੋਰ ਸੂਬਿਆਂ ਤੋਂ ਤਸਕਰੀ ਕੁਝ ਅੰਦਰਲੇ ਵਿਅਕਤੀਆਂ ਦੀ ਸ਼ਮੂਲੀਅਤ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ, ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਸਮੇਤ ਸਾਰੇ ਤੱਥਾਂ ਦਾ ਪਤਾ ਲਗਾਉਣ ਲਈ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀਆਂ ਸਮੇਤ ਇਸ ਨਜਾਇਜ਼ ਕਾਰੋਬਾਰ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

ਕਥਿਤ ਬੀਜ ਘੁਟਾਲੇ ਵਿੱਚ ਸਰਕਾਰੀ ਕਰਮਚਾਰੀਆਂ ਦੀ ਸੰਭਾਵਿਤ ਸ਼ਮੂਲੀਅਤ ਬਾਰੇ ਟਿੱਪਣੀ ਕਰਨ ਲਈ ਕਹੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਅਤੇ ਖੇਤੀਬਾੜੀ ਵਿਭਾਗ ਦੇ ਇਕ ਜੁਆਇੰਟ ਡਾਇਰੈਕਟਰ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਦੁਆਰਾ ਵਿਸਥਾਰ ਵਿੱਚ ਪੜਤਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਅਜ਼ਮਾਇਸ਼ ਦੇ ਅਧਾਰ ‘ਤੇ ਲਗਭਗ 3000 ਕੁਇੰਟਲ ਪੀ.ਆਰ. 128 ਅਤੇ 129 ਕਿਸਮਾਂ ਦੇ ਝੋਨੇ ਦਾ ਬੀਜ ਤਿਆਰ ਕੀਤਾ ਸੀ ਜਦੋਂ ਕਿ ਕੁਝ ਅਖੌਤੀ ਡੀਲਰਾਂ ਵੱਲੋਂ ਓਪਨ ਮਾਰਕੀਟ ਵਿੱਚ ਕਿਸਾਨਾਂ ਨੂੰ 30000 ਕੁਇੰਟਲ ਬੀਜ ਵੇਚਿਆ ਗਿਆ ਸੀ। ਇਸ ਤੋਂ ਸਪੱਸ਼ਟ ਸੰਕੇਤ ਮਿਲਦੇ ਹਨ ਕਿ ਮਾਸੂਮ ਕਿਸਾਨਾਂ ਨੂੰ ਲੁੱਟਣ ਲਈ ਇਨ੍ਹਾਂ ਨਵੀਆਂ ਕਿਸਮਾਂ ਵਿੱਚ ਨਕਲੀ ਬੀਜ ਵੀ ਮਿਲਾਏ ਗਏ ਸਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਇਸ ਘੁਟਾਲੇ ਦੀ ਡੂੰਘਾਈ ਤੱਕ ਜਾਂਚ ਕਰੇਗੀ।