Connect with us

Punjab

ਪੰਜਾਬ ਕਾਂਗਰਸ ਟੁੱਟ ਸਕਦੀ ਏ- ਚੰਨੀ ਰੰਧਾਵਾ ਸਮੇਤ ਵੱਡੇ ਲੀਡਰ ਨਾਰਾਜ਼: ਨਵੀਂ ਖੇਤਰੀ ਪਾਰਟੀ ਦੀ ਵੀ ਚਰਚਾ !

Published

on

ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਇੱਕ ਨਵੇਂ ਅਤੇ ਅਹਿਮ ਮੋੜ ‘ਤੇ ਪਹੁੰਚਦਾ ਨਜ਼ਰ ਆ ਰਿਹਾ ਹੈ। ਪਿਛਲੇ ਕਈ ਮਹੀਨਿਆਂ ਤੋਂ ਸੂਬਾ ਪ੍ਰਧਾਨ ਨੂੰ ਬਦਲਣ ਦੀ ਮੰਗ ਉੱਠਦੀ ਰਹੀ, ਪਰ ਕਾਂਗਰਸ ਹਾਈ ਕਮਾਂਡ ਨੇ ਹਰ ਵਾਰ ਇਸ ਮੰਗ ਨੂੰ ਨਜ਼ਰਅੰਦਾਜ਼ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹੀ ਪ੍ਰਧਾਨ ਬਣਾਈ ਰੱਖਿਆ। ਇਸ ਫ਼ੈਸਲੇ ਕਾਰਨ ਪੰਜਾਬ ਦੇ ਕਈ ਸੀਨੀਅਰ ਆਗੂਆਂ ਵਿੱਚ ਨਾਰਾਜ਼ਗੀ ਲਗਾਤਾਰ ਵਧਦੀ ਗਈ ਅਤੇ ਹੁਣ ਇਹ ਚਰਚਾਵਾਂ ਤੇਜ਼ ਹੋ ਗਈਆਂ ਹਨ ਕਿ ਪੰਜਾਬ ਕਾਂਗਰਸ ਦਾ ਇੱਕ ਵੱਡਾ ਧੜਾ ਪਾਰਟੀ ਤੋਂ ਵੱਖ ਹੋ ਸਕਦਾ ਹੈ।

ਕਾਂਗਰਸੀ ਹਲਕਿਆਂ ਵਿੱਚ ਚੱਲ ਰਹੀਆਂ ਚਰਚਾਵਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਈ ਸੀਨੀਅਰ ਆਗੂ ਆਪਣੀ ਅਗਲੀ ਰਣਨੀਤੀ ‘ਤੇ ਵਿਚਾਰ ਕਰ ਰਹੇ ਹਨ। ਸੂਤਰਾਂ ਦਾ ਦਾਅਵਾ ਹੈ ਕਿ ਜੇਕਰ ਹਾਈ ਕਮਾਂਡ ਵੱਲੋਂ ਨਾਰਾਜ਼ ਨੇਤਾਵਾਂ ਦੀਆਂ ਚਿੰਤਾਵਾਂ ਨੂੰ ਦੂਰ ਨਾ ਕੀਤਾ ਗਿਆ ਤਾਂ ਇੱਕ ਵੱਡਾ ਸਿਆਸੀ ਫ਼ੈਸਲਾ ਸਾਹਮਣੇ ਆ ਸਕਦਾ ਹੈ। ਕੁਝ ਸੂਤਰ ਤਾਂ ਇੱਥੋਂ ਤੱਕ ਕਹਿ ਰਹੇ ਹਨ ਕਿ ਪੰਜਾਬ ਵਿੱਚ ਇੱਕ ਨਵੀਂ ਖੇਤਰੀ ਪਾਰਟੀ ਬਣਾਉਣ ਦੀ ਸੰਭਾਵਨਾ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਗੁੱਟਬੰਦੀ ਪਹਿਲਾਂ ਨਾਲੋਂ ਕਾਫ਼ੀ ਵੱਧ ਗਈ ਸੀ। ਪਾਰਟੀ ਦੇ ਬਹੁਤ ਸਾਰੇ ਵਿਧਾਇਕਾਂ ਅਤੇ ਸੀਨੀਅਰ ਆਗੂਆਂ ਦਾ ਮੰਨਣਾ ਸੀ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ਵਿੱਚ ਵੱਡੇ ਬਦਲਾਅ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਜਾਣੀ ਚਾਹੀਦੀ ਹੈ। ਇਸ ਮੰਗ ਨੂੰ ਲੈ ਕੇ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ ਅਤੇ ਹਾਈ ਕਮਾਂਡ ਤੱਕ ਸੁਨੇਹਾ ਵੀ ਪਹੁੰਚਾਇਆ ਗਿਆ, ਪਰ ਕੋਈ ਤਬਦੀਲੀ ਨਹੀਂ ਕੀਤੀ ਗਈ।

ਬਾਅਦ ਵਿੱਚ ਪਾਰਟੀ ਅੰਦਰ ਚੱਲ ਰਹੇ ਵਿਵਾਦ ਨੂੰ ਸ਼ਾਂਤ ਕਰਨ ਲਈ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ। ਕਾਂਗਰਸ ਹਾਈ ਕਮਾਂਡ ਨੂੰ ਉਮੀਦ ਸੀ ਕਿ ਇਸ ਨਾਲ ਨਾਰਾਜ਼ਗੀ ਘੱਟ ਹੋ ਜਾਵੇਗੀ, ਪਰ ਸਿਆਸੀ ਹਲਕਿਆਂ ਦਾ ਮੰਨਣਾ ਹੈ ਕਿ ਇਹ ਫ਼ੈਸਲਾ ਵੀ ਕਲੇਸ਼ ਖ਼ਤਮ ਕਰਨ ਵਿੱਚ ਕਾਮਯਾਬ ਨਹੀਂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਕਈ ਸੀਨੀਅਰ ਆਗੂ ਅਜੇ ਵੀ ਆਪਣੇ ਆਪ ਨੂੰ ਨਜ਼ਰਅੰਦਾਜ਼ ਮਹਿਸੂਸ ਕਰ ਰਹੇ ਹਨ।

ਚਰਚਾਵਾਂ ਵਿੱਚ ਜਿਨ੍ਹਾਂ ਵੱਡੇ ਆਗੂਆਂ ਦੇ ਨਾਮ ਸਾਹਮਣੇ ਆ ਰਹੇ ਹਨ, ਉਨ੍ਹਾਂ ਵਿੱਚ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ ਅਤੇ ਰਾਣਾ ਗੁਰਜੀਤ ਸਿੰਘ ਵਰਗੇ ਪ੍ਰਭਾਵਸ਼ਾਲੀ ਨੇਤਾ ਸ਼ਾਮਲ ਦੱਸੇ ਜਾਂਦੇ ਹਨ। ਕਿਹਾ ਜਾ ਰਿਹਾ ਹੈ ਕਿ ਇਹ ਆਗੂ ਜਲਦ ਹੀ ਇੱਕ ਅਹਿਮ ਮੀਟਿੰਗ ਕਰ ਸਕਦੇ ਹਨ, ਜਿਸ ਵਿੱਚ ਪੰਜਾਬ ਦੀ ਸਿਆਸੀ ਸਥਿਤੀ ਅਤੇ ਆਪਣੇ ਭਵਿੱਖ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ।

ਕੁਝ ਕਾਂਗਰਸੀ ਸੂਤਰਾਂ ਦਾ ਦਾਅਵਾ ਹੈ ਕਿ ਜੇਕਰ ਹਾਲਾਤ ਨਹੀਂ ਬਦਲੇ ਤਾਂ ਚੰਨੀ ਦੇ ਨਾਲ 60 ਤੋਂ 70 ਦੇ ਕਰੀਬ ਨੇਤਾ ਅਤੇ ਅਹੁਦੇਦਾਰ ਕਾਂਗਰਸ ਛੱਡ ਸਕਦੇ ਹਨ। ਹਾਲਾਂਕਿ ਇਸ ਸਬੰਧੀ ਕਿਸੇ ਵੀ ਆਗੂ ਵੱਲੋਂ ਜਨਤਕ ਤੌਰ ‘ਤੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ, ਪਰ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਲਗਾਤਾਰ ਜ਼ੋਰ ਫੜ ਰਹੀ ਹੈ।

ਇਸ ਮਾਮਲੇ ‘ਤੇ ਸਿਆਸੀ ਮਾਹਿਰਾਂ ਦੀ ਵੀ ਰਾਏ ਵੰਡੀ ਹੋਈ ਹੈ। ਕਈ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਨਵੀਂ ਖੇਤਰੀ ਪਾਰਟੀ ਬਣਾਉਣਾ ਆਸਾਨ ਹੈ, ਪਰ ਉਸ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣਾ ਅਤੇ ਲੋਕਾਂ ਦਾ ਭਰੋਸਾ ਜਿੱਤਣਾ ਕਾਫ਼ੀ ਮੁਸ਼ਕਲ ਹੁੰਦਾ ਹੈ। ਉਹ ਪਿਛਲੇ ਸਮੇਂ ਦੀਆਂ ਕਈ ਉਦਾਹਰਣਾਂ ਦਿੰਦੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੱਖਰੀ ਪਾਰਟੀ ਬਣਾਈ ਸੀ, ਮਨਪ੍ਰੀਤ ਸਿੰਘ ਬਾਦਲ ਨੇ ਵੀ ਵੱਖਰਾ ਸਿਆਸੀ ਰਾਹ ਅਪਣਾਇਆ, ਜਗਮੀਤ ਸਿੰਘ ਬਰਾੜ ਅਤੇ ਬਲਵੰਤ ਸਿੰਘ ਰਾਮੂਵਾਲੀਆ ਨੇ ਵੀ ਨਵੀਆਂ ਪਾਰਟੀਆਂ ਬਣਾਈਆਂ, ਪਰ ਸਮੇਂ ਦੇ ਨਾਲ ਉਹ ਆਪਣਾ ਵੱਡਾ ਸਿਆਸੀ ਆਧਾਰ ਬਣਾਉਣ ਵਿੱਚ ਸਫਲ ਨਹੀਂ ਹੋ ਸਕੀਆਂ।

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਕੁਝ ਆਗੂਆਂ ਨੇ ਵੀ ਆਪਣੀਆਂ ਪਾਰਟੀਆਂ ਬਣਾਈਆਂ ਹਨ ਅਤੇ ਨਵਜੋਤ ਕੌਰ ਸਿੱਧੂ ਨੇ ਵੀ ਨਵਾਂ ਸਿਆਸੀ ਮੰਚ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਤਜਰਬਿਆਂ ਨੂੰ ਦੇਖਦਿਆਂ ਕਈ ਮਾਹਿਰ ਮੰਨਦੇ ਹਨ ਕਿ ਨਵੀਂ ਪਾਰਟੀ ਲਈ ਸਿਆਸੀ ਜ਼ਮੀਨ ਤਿਆਰ ਕਰਨੀ ਬਹੁਤ ਔਖੀ ਹੁੰਦੀ ਹੈ।

ਦੂਜੇ ਪਾਸੇ ਕੁਝ ਸਿਆਸੀ ਵਿਸ਼ਲੇਸ਼ਕਾਂ ਦੀ ਰਾਏ ਵੱਖਰੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਕਾਂਗਰਸ ਦਾ ਇੱਕ ਵੱਡਾ ਹਿੱਸਾ, ਪ੍ਰਭਾਵਸ਼ਾਲੀ ਨੇਤਾ, ਵਿਧਾਇਕ ਅਤੇ ਜ਼ਿਲ੍ਹਾ ਪੱਧਰ ਦਾ ਸੰਗਠਨ ਇੱਕੋ ਸਮੇਂ ਚਰਨਜੀਤ ਸਿੰਘ ਚੰਨੀ ਨਾਲ ਖੜ੍ਹ ਜਾਂਦਾ ਹੈ, ਤਾਂ ਨਵੀਂ ਪਾਰਟੀ ਨੂੰ ਸ਼ੁਰੂਆਤੀ ਦੌਰ ਵਿੱਚ ਹੀ ਮਜ਼ਬੂਤ ਆਧਾਰ ਮਿਲ ਸਕਦਾ ਹੈ ਅਤੇ ਉਹ ਪੰਜਾਬ ਦੀ ਸਿਆਸਤ ਵਿੱਚ ਨਵਾਂ ਸਮੀਕਰਨ ਵੀ ਪੈਦਾ ਕਰ ਸਕਦੀ ਹੈ।

ਫਿਲਹਾਲ ਸਾਰੀਆਂ ਨਜ਼ਰਾਂ ਕਾਂਗਰਸ ਦੇ ਨਾਰਾਜ਼ ਧੜੇ ਦੀ ਅਗਲੀ ਮੀਟਿੰਗ ਅਤੇ ਹਾਈ ਕਮਾਂਡ ਦੇ ਰੁਖ਼ ‘ਤੇ ਟਿਕੀਆਂ ਹੋਈਆਂ ਹਨ। ਜੇਕਰ ਸਮਝੌਤੇ ਦੀ ਕੋਈ ਗੁੰਜਾਇਸ਼ ਬਣਦੀ ਹੈ ਤਾਂ ਕਲੇਸ਼ ਠੰਢਾ ਵੀ ਪੈ ਸਕਦਾ ਹੈ, ਪਰ ਜੇਕਰ ਮਤਭੇਦ ਹੋਰ ਡੂੰਘੇ ਹੋਏ ਤਾਂ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਉਲਟਫੇਰ ਦੇਖਣ ਨੂੰ ਮਿਲ ਸਕਦਾ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਨਾਰਾਜ਼ ਆਗੂ ਕਾਂਗਰਸ ਵਿੱਚ ਹੀ ਰਹਿਣਗੇ, ਨਵੀਂ ਖੇਤਰੀ ਪਾਰਟੀ ਬਣਾਉਣਗੇ ਜਾਂ ਫਿਰ ਕਿਸੇ ਹੋਰ ਸਿਆਸੀ ਪਾਰਟੀ ਦਾ ਰੁਖ ਕਰਨਗੇ? ਇਸ ਦਾ ਜਵਾਬ ਆਉਣ ਵਾਲੇ ਦਿਨਾਂ ਵਿੱਚ ਹੀ ਸਪੱਸ਼ਟ ਹੋਵੇਗਾ।

ਕੁਲਵੰਤ ਸਿੰਘ ਗੱਗੜਪੁਰੀ