Punjab
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਦੀ ਸਖ਼ਤ ਕਾਰਵਾਈ, ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਨੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਮੁੜ ਸੁਰਜੀਤ ਕਰਨ ਦੇ ਮਕਸਦ ਨਾਲ ਸਖ਼ਤ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਤਹਿਤ ਰਾਜਾ ਵੜਿੰਗ ਨੇ ਕਾਂਗਰਸੀ ਆਗੂ ਹਰਚੰਦ ਕੌਰ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਤੇ ਉੱਘੀ ਕਾਂਗਰਸੀ ਆਗੂ ਬੀਬੀ ਹਰਚੰਦ ਕੌਰ ਘਨੌਰੀ ਕਲਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਵਿਧਾਨ ਸਭਾ ਹਲਕੇ ਤੋਂ ਕੱਢ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਬੀਬੀ ਹਰਚੰਦ ਕੌਰ ਘਨੌਰੀ ਨੇ ਵੀ ਹਲਕਾ ਮਹਿਲ ਕਲਾਂ ਤੋਂ ਚੋਣ ਲੜੀ ਸੀ ਅਤੇ ਉਹ ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੋਂ ਚੋਣ ਹਾਰ ਗਏ ਸਨ।
ਦੂਜੇ ਪਾਸੇ ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਮੁੜ ਸੁਰਜੀਤ ਕਰਨ ਦੇ ਯਤਨਾਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਰਾਜਾ ਵੜਿੰਗ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ ਕਿ ਜਦੋਂ ਤੱਕ ਉਹ ਪਾਰਟੀ ਪ੍ਰਧਾਨ ਦੇ ਅਹੁਦੇ ‘ਤੇ ਤਾਇਨਾਤ ਹਨ, ਉਹ ਅਜਿਹੇ ਕੰਮ ਕਰਨਗੇ ਕਿ ਲੋਕ ਯਾਦ ਰੱਖਣਗੇ।