Connect with us

Punjab

ਨਿਯਮਾਂ ਅਨੁਸਾਰ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

Published

on

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨਿਯਮਾਂ ਅਨੁਸਾਰ ਬੱਸਾਂ ਚਲਾਉਣ ਵਾਲੇ ਟਰਾਂਸਪੋਰਟਰਾਂ ਦੀ ਭਲਾਈ ਲਈ ਵਚਨਬੱਧ ਹੈ।

ਇੱਥੇ ਵੱਖ-ਵੱਖ ਬੱਸ ਟਰਾਂਸਪੋਰਟਰਾਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟਰਾਂ ਦੀਆਂ ਜਾਇਜ਼ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਢੁਕਵੀਆਂ ਮੰਗਾਂ ਬਾਰੇ ਛੇਤੀ ਹੀ ਉਸਾਰੂ ਫੈਸਲਾ ਲਿਆ ਜਾਵੇਗਾ। ਬੜੇ ਹੀ ਸਕਾਰਾਤਮਕ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਟਰਾਂਸਪੋਰਟ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਦ੍ਰਿੜ੍ਹ ਹੈ, ਜਿਸ ਦੇ ਚੱਲਦਿਆਂ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਸੂਬੇ ਦੇ ਟਰਾਂਸਪੋਰਟਰਾਂ ਵੱਲ ਖੜ੍ਹੇ ਮੋਟਰ ਟੈਕਸਾਂ/ਏਰੀਅਰ ਨੂੰ ਬਿਨਾਂ ਕਿਸੇ ਜੁਰਮਾਨੇ ਦੇ ਅਗਲੇ ਤਿੰਨ ਮਹੀਨਿਆਂ ਵਿੱਚ ਜਮ੍ਹਾਂ ਕਰਵਾਉਣ ਲਈ ਸਮਾਂ ਦਿੱਤਾ ਗਿਆ ਹੈ। 

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਟੇਟ ਕੈਰਿਜ ਟੈਕਸ ਪਹਿਲਾਂ ਹੀ ਘਟਾ ਦਿੱਤਾ ਗਿਆ ਸੀ ਅਤੇ ਹੁਣ ਜਿਹੜੇ ਟਰਾਂਸਪੋਰਟਰ ਆਪਰੇਟਰ ਟੈਕਸ ਅਦਾ ਕਰਨ ਵਿੱਚ ਨਾਕਾਮ ਰਹੇ ਸਨ, ਉਨ੍ਹਾਂ ਲਈ ਸਰਕਾਰ ਵੱਲੋਂ ਐਮਨੇਸਟੀ ਸਕੀਮ ਤਹਿਤ ਰਾਹਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਵੱਲੋਂ ਗੱਡੀਆਂ ਦੇ ਬਣਦੇ ਟੈਕਸ ਉੱਤੇ 10 ਫ਼ੀਸਦੀ ਸੋਸ਼ਲ ਸਕਿਊਰਟੀ ਸੈਸ ਹਟਾਉਣ ਦੀ ਮੰਗ ਬਾਰੇ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਵਿੱਤ ਵਿਭਾਗ ਨਾਲ ਸਬੰਧਤ ਹੈ ਪਰ ਫਿਰ ਵੀ ਉਹ ਇਸ ਬਾਰੇ ਵਿੱਤ ਵਿਭਾਗ ਨਾਲ ਰਾਬਤਾ ਕਰਨਗੇ।

ਮੋਟਰ ਟੈਕਸਾਂ/ਏਰੀਅਰ ਨੂੰ ਬਿਨਾਂ ਕਿਸੇ ਜੁਰਮਾਨੇ ਦੇ ਅਗਲੇ ਤਿੰਨ ਮਹੀਨਿਆਂ ਵਿੱਚ ਜਮ੍ਹਾਂ ਕਰਵਾਉਣ ਲਈ ਸਮਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਟਰਾਂਸਪੋਰਟਰਾਂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਨਿੱਜੀ ਬੱਸ ਸਰਵਿਸ ਮਾਲਕਾਂ ਨੂੰ ਬਹੁਤ ਵੱਡਾ ਲਾਭ ਮਿਲਿਆ ਹੈ ਜਿਸ ਨਾਲ ਕੋਵਿਡ ਕਾਰਨ ਭਾਰੀ ਆਰਥਿਕ ਸੰਕਟ ਵਿੱਚੋਂ ਨਿਕਲ ਕੇ ਮੁੜ ਪੈਰਾਂ ਸਿਰ ਹੋਣ ਦਾ ਮੌਕਾ ਮਿਲੇਗਾ। ਟਰਾਂਸਪੋਰਟਰਾਂ ਵੱਲੋਂ ਭੁੱਲਰ ਨੂੰ ਭਰੋਸਾ ਦਿਵਾਇਆ ਗਿਆ ਕਿ ਪੰਜਾਬ ਸਰਕਾਰ ਨੂੰ ਉਨ੍ਹਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਵਿਭਾਗ ਵਿਕਾਸ ਗਰਗ, ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਟਰਾਂਸਪੋਰਟ ਡਾਇਰੈਕਟਰ ਅਮਨਦੀਪ ਕੌਰ,ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰਬੀਰ ਸਿੰਘ ਸਿੱਧੂ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।