Corona Virus
ਪੰਜਾਬ ਸਰਕਾਰ ਨੇ ਮੈਡੀਕਲ, ਚਿੰਤਾ ਅਤੇ ਪਰੇਸ਼ਾਨੀ ਨਾਲ ਜੁੜੇ ਮੁੱਦਿਆਂ ਬਾਰੇ ਸਲਾਹ ਲਈ ਵਿਸ਼ੇਸ਼ ਕੋਵਿਡ ਹੈਲਪਲਾਈਨ ਨੰਬਰ 18001804104 ਕੀਤਾ ਜਾਰੀ

ਚੰਡੀਗੜ੍ਹ, 30 ਮਾਰਚ , ( ਬਲਜੀਤ ਮਰਵਾਹਾ ) : ਤਾਲਾਬੰਦੀ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਲਈ, ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਨਾਗਰਿਕਾਂ ਲਈ ਇੱਕ ਸਪੈਸ਼ਲ ਹੈਲਪਲਾਈਨ ਨੰਬਰ 18001804104 ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਲੋਕ ਟੈਲੀ-ਕਾਨਫਰੰਸ ‘ਤੇ ਸੀਨੀਅਰ ਡਾਕਟਰਾਂ ਦੇ ਨੈਟਵਰਕ ਨਾਲ ਜੁੜ ਕੇ ਕੋਵਿਡ -19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ। ਇਸ ਮੰਤਵ ਲਈ ਆਈ.ਐਮ.ਸੀ. ਦੁਆਰਾ 1800 ਤੋਂ ਵੱਧ ਸੀਨੀਅਰ ਡਾਕਟਰਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪਲੇਟਫਾਰਮ, ਇਸਦੇ ਪ੍ਰੋਟੋਕੋਲ ਅਤੇ ਕਾਰਜਕੁਸ਼ਲਤਾਵਾਂ ਬਾਰੇ ਨਿਯਮਤ ਤੌਰ ‘ਤੇ ਸਿਖਲਾਈ ਦਿੱਤੀ ਗਈ ਹੈ। ਇਹ ਜਾਣਕਾਰੀ ਪ੍ਰਸ਼ਾਸਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਦਿੱਤੀ।
ਹੈਲਪਲਾਈਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਵਿਨੀ ਮਹਾਜਨ ਨੇ ਕਿਹਾ ਕਿ ਐਮਰਜੈਂਸੀ ਡਾਕਟਰੀ ਸਹਾਇਤਾ ਲਈ ਮਾਮਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਪਹਿਲ ਦੇਣ ਲਈ ਇਕ ਇੰਟੈਲੀਜੈਂਟ ਕੋਰੋਨਾਵਾਇਰਸ ਟ੍ਰਾਈਜਿੰਗ ਸਿਸਟਮ ਵਿਕਸਤ ਕੀਤਾ ਗਿਆ ਹੈ। ਇਹ ਪ੍ਰਣਾਲੀ ਆਈਸੋਲੇਸ਼ਨ, ਘਰੇਲੂ ਕੁਆਰੰਟੀਨ ਅਤੇ ਉਹ ਲੋਕ ਜਿਨ੍ਹਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਹੈ, ਲਈ ਮਾਮਲਿਆਂ ਦੀ ਪਛਾਣ ਕਰਨ ਵਿਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਅਤੇ ਕਾਰਵਾਈ ਲਈ ਕੇਸ ਸਰਕਾਰ ਨੂੰ ਸੂਚਿਤ ਕੀਤੇ ਜਾਣਗੇ। ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਵਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ ਜੋ ਕਿ ਪੰਜਾਬ ਸਰਕਾਰ ਦੇ ਰਾਜ ਕੌਵਿਡ 19 ਕੰਟਰੋਲ ਰੂਮ (ਐਸ.ਸੀ.ਸੀ.ਆਰ.) ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਪੰਜਾਬ ਰਾਜ ਸ਼ਾਖਾ ਨਾਲ ਰਲ਼ਕੇ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਵਿਸ਼ੇਸ਼ਤਾ ਨੂੰ ਐਂਡਰਾਇਡ ਪਲੇਅਸਟੋਰ ਅਤੇ ਆਈਓਐਸ ਐਪਸਟੋਰ ‘ਤੇ ਉਪਲਬਧ ਕੋਵਾ ਪੰਜਾਬ ਮੋਬਾਇਲ ਐਪਲੀਕੇਸ਼ਨ ਵਿਚ ਵੀ ਸ਼ਾਮਲ ਕੀਤਾ ਗਿਆ ਹੈ।