punjab
ਪੰਜਾਬ ਸਰਕਾਰ ਨੇ ਟੀਕਾਕਰਨ ਮੁਹਿੰਮ ਤਹਿਤ ਇੱਕ ਹੋਰ ਵੱਡੀ ਪੁਲਾਂਘ ਪੁੱਟੀ: ਸੁਖਵਿੰਦਰ ਸਿੰਘ ਬਿੰਦਰ

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਨੇ 3 ਤੋਂ 5 ਜੁਲਾਈ ਤਕ ਤਿੰਨ ਦਿਨਾ-ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਟੀਕਾਕਰਨ ਵਿਚ ਇੱਕ ਹੋਰ ਵੱਡੀ ਪੁਲਾਂਘ ਪੁੱਟੀ ਹੈ। ਇਹ ਆਖਦਿਆਂ ਕਿ ਸਮੇਂ ਸਿਰ ਟੀਕਾਕਰਨ ਕਰਵਾਉਣ ਨਾਲ ਕੋਵਿਡ ਮਹਾਂਮਾਰੀ ਤੋਂ ਕੀਮਤੀ ਜਾਨਾਂ ਦਾ ਬਚਾਅ ਕੀਤਾ ਜਾ ਸਕਦਾ ਹੈ, ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 3 ਜੁਲਾਈ ਨੂੰ ਸੂਬੇ ਭਰ ਵਿੱਚ ਚਲਾਈ ਗਈ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਜਿਸ ਤਹਿਤ ਇੱਕ ਦਿਨ ਵਿੱਚ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ 5.14 ਲੱਖ ਖੁਰਾਕਾਂ ਲਗਾਈਆਂ ਗਈਆਂ।
ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਨੇ ਸੂਬੇ ਭਰ ਵਿੱਚ ਹੁਣ ਤੱਕ 18 ਤੋਂ 44 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ 20 ਲੱਖ ਤੋਂ ਵੱਧ ਕਰੋਨਾ ਰੋਕੂ ਟੀਕੇ ਲਗਾਏ ਹਨ। ਬਿੰਦਰਾ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਕਵਰ ਕਰਦਿਆਂ ਟੀਕਾਕਰਨ ਮੁਹਿੰਮ ਨੂੰ ਨਵੀਂਆਂ ਉਚਾਈਆਂ `ਤੇ ਲਿਜਾਣ ਲਈ ਖੇਡਾਂ ਅਤੇ ਯੁਵਕ ਮਾਮਲੇ ਵਿਭਾਗ, ਯੂਥ ਕਲੱਬਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਮਹੱਤਵਪੂਰਣ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬਿੰਦਰਾ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਦੀ ਵੱਡੀ ਮੁੰਹਿਮ ਦੀ ਸ਼ੁਰੂਆਤ ਦੇ ਨਾਲ ਹੀ ਪਹਿਲੇ ਦਿਨ 18 ਤੋਂ 44 ਸਾਲ ਉਮਰ ਵਰਗ ਦੇ 284044 ਲਾਭਪਾਤਰੀਆਂ ਨੂੰ ਟੀਕੇ ਦੀ ਪਹਿਲੀ ਅਤੇ 8065 ਲਾਭਪਾਤਰੀਆਂ ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ, ਜਦੋਂ ਕਿ 4 ਜੁਲਾਈ ਨੂੰ 49251 ਲਾਭਪਾਤਰੀਆਂ ਨੂੰ ਟੀਕੇ ਦੀ ਪਹਿਲੀ ਅਤੇ 1429 ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ। 5 ਜੁਲਾਈ ਨੂੰ ਸਿਹਤ ਟੀਮਾਂ ਨੇ 18915 ਲਾਭਪਾਤਰੀਆਂ ਨੂੰ ਟੀਕੇ ਦੀ ਪਹਿਲੀ ਖੁਰਾਕ ਅਤੇ 1915 ਨੂੰ ਟੀਕੇ ਦੀ ਦੂਜੀ ਖੁਰਾਕ ਦਿੱਤੀ। ਉਨ੍ਹਾਂ ਕਿਹਾ ਕਿ 5 ਜੁਲਾਈ ਤੋਂ ਹੁਣ ਤੱਕ 18 ਤੋਂ 44 ਸਾਲ ਉਮਰ ਵਰਗ ਨੂੰ ਦਿੱਤੀਆਂ ਗਈਆਂ ਖੁਰਾਕਾਂ ਦੀ ਕੁੱਲ ਗਿਣਤੀ 2016364 ਹੈ ਅਤੇ ਸੂਬੇ ਦੇ ਬਾਕੀ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਨਾਲ ਇਹ ਗਿਣਤੀ ਅੱਗੇ ਹੋਰ ਵਧ ਜਾਵੇਗੀ।
ਉਨ੍ਹਾਂ ਨੇ ਕੋਵਿਡ -19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਵੱਡਾ ਯੋਗਦਾਨ ਪਾਉਣ ਲਈ ਸੂਬੇ ਦੇ ਖੇਡਾਂ ਅਤੇ ਯੁਵਕ ਮਾਮਲੇ ਵਿਭਾਗ, ਯੂਥ ਕਲੱਬਾਂ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਅਧਿਕਾਰੀਆਂ ਨੂੰ ਕਾਲਜਾਂ ਵਿੱਚ ਲਗਾਏ ਜਾਣ ਵਾਲੇ ਆਗਾਮੀ ਵਿਸ਼ੇਸ਼ ਟੀਕਾਕਰਨ ਕੈਂਪਾਂ, ਜਿਸ ਬਾਰੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਐਲਾਨ ਕੀਤਾ ਸੀ, ਵਿੱਚ ਵੀ ਅਹਿਮ ਭੂਮਿਕਾ ਨਿਭਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਖੇਡ ਅਫ਼ਸਰਾਂ ਤੇ ਬੋਰਡ ਨਾਲ ਜੁੜੇ ਯੂਥ ਕਲੱਬਾਂ ਵੱਲੋਂ ਆਪਣੇ ਸਬੰਧਤ ਖੇਤਰਾਂ ਦੇ ਨੌਜਵਾਨਾਂ ਅਤੇ ਵਸਨੀਕਾਂ ਨੂੰ ਵੱਡੇ ਪੱਧਰ `ਤੇ ਟੀਕੇ ਲਗਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਮਹਾਂਮਾਰੀ ਦੀ ਤੀਜੀ ਲਹਿਰ ਤੋਂ ਬਚਿਆ ਜਾ ਸਕੇ। ਬਿੰਦਰਾ ਨੇ ਕਿਹਾ ਕਿ ਪੀ.ਵਾਈ.ਡੀ.ਬੀ. ਕੋਵਿਡ-19 ਵਿਰੁੱਧ ਲੜਾਈ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਿਹਾ ਹੈ ਜਿਸ ਵੱਲੋਂ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਸੂਬਾ ਸਰਕਾਰ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ ਕਿਉਂਕਿ ਲਾਭਪਾਤਰੀਆਂ ਨੂੰ ਤੇਜ਼ੀ ਨਾਲ ਕਵਰ ਕਰਨ ਨਾਲ ਵਾਇਰਸ ਦੀ ਸੰਚਾਰ ਲੜੀ ਨੂੰ ਤੋੜਨ ਵਿੱਚ ਸਹਾਇਤਾ ਮਿਲੇਗੀ।