Punjab
BREAKING: ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਵੱਡਾ ਤੋਹਫਾ, ਕੈਬਨਿਟ ਮੀਟਿੰਗ ‘ਚ ਲਿਆ ਗਿਆ ਫੈਸਲਾ
ਚੰਡੀਗੜ੍ਹ1 4ਅਕਤੂਬਰ 2023 : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਅਤੇ 1000 ਦੇ ਕਰੀਬ ਨਵੀਆਂ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਸਾਂਝੇ ਤੌਰ ‘ਤੇ ਸੰਬੋਧਨ ਕੀਤਾ।
ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੋਂ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਹੁਣ ਤੱਕ ਸਾਢੇ 37 ਹਜ਼ਾਰ ਤੋਂ ਵੱਧ ਨੌਜਵਾਨ ਲੜਕੇ-ਲੜਕੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਅੱਜ ਵੱਖ-ਵੱਖ ਵਿਭਾਗਾਂ ਦੀਆਂ ਨੌਕਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਪੰਜਾਬ ਸਿਵਲ ਸਕੱਤਰੇਤ ਵਿੱਚ ਕਲਰਕ ਦੀਆਂ 106 ਨਵੀਆਂ ਅਸਾਮੀਆਂ ਭਰਨ ਦਾ ਫੈਸਲਾ ਲਿਆ ਗਿਆ। ਇਸੇ ਤਰ੍ਹਾਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ 440 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਕੁੱਲ ਮਿਲਾ ਕੇ 1000 ਦੇ ਕਰੀਬ ਨਵੇਂ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ 3.5 ਕਰੋੜ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨੀਆਂ ਹਨ ਤਾਂ ਇਸ ਲਈ ਮੁਲਾਜ਼ਮਾਂ ਦੀ ਲੋੜ ਹੈ। ਵੱਖ-ਵੱਖ ਵਿਭਾਗਾਂ ਵਿੱਚ ਲੰਮੇ ਸਮੇਂ ਤੋਂ ਅਸਾਮੀਆਂ ਖਾਲੀ ਪਈਆਂ ਸਨ, ਜਿਸ ਕਾਰਨ ਕੰਮ ਪ੍ਰਭਾਵਿਤ ਹੋ ਰਿਹਾ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਜ਼ਾ ਪੂਰੀ ਕਰ ਚੁੱਕੇ 10 ਕੈਦੀਆਂ ਦੀ ਰਿਹਾਈ ਲਈ ਵਿਚਾਰ ਕਰ ਰਹੀ ਹੈ। ਇਨ੍ਹਾਂ ਵਿੱਚੋਂ 5 ਕੈਦੀਆਂ ਨੂੰ ਅੱਜ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ ਪਰ ਗੰਭੀਰ ਅਪਰਾਧ ਕਰਨ ਵਾਲੇ 5 ਕੈਦੀਆਂ ਦੀ ਰਿਹਾਈ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜੀ. ਐੱਸ. ਟੀ. ਕੌਂਸਲ ਨਾਲ ਸਬੰਧਤ ਐਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਤਾਂ ਜੋ ਕੇਂਦਰ ਸਰਕਾਰ ਨੂੰ ਭੇਜੇ ਜਾ ਸਕਣ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਸਬੰਧੀ ਰਾਜਪਾਲ ਵੱਲੋਂ ਲਿਖੇ ਪੱਤਰ ‘ਤੇ ਕੋਈ ਚਰਚਾ ਨਹੀਂ ਹੋਈ, ਪਰ ਉਹ ਰਾਜਪਾਲ ਨੂੰ ਦੱਸਣਾ ਚਾਹੁੰਦੇ ਹਨ ਕਿ ਇਹ ਸੈਸ਼ਨ ਕਾਨੂੰਨੀ ਹੈ ਅਤੇ ਇਸ ਵਿੱਚ ਅਹਿਮ ਬਿੱਲ ਪੇਸ਼ ਕੀਤੇ ਜਾਣੇ ਹਨ, ਜੋ ਪੰਜਾਬ ਦੇ ਲੋਕਾਂ ਨਾਲ ਸਬੰਧਤ ਹਨ। ਇਸ ਲਈ ਰਾਜਪਾਲ ਨੂੰ ਇਸ ‘ਤੇ ਕੋਈ ਟਿੱਪਣੀ ਨਹੀਂ ਕਰਨੀ ਚਾਹੀਦੀ।