Punjab
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਤੋਹਫਾ, ਬੱਚਿਆਂ ਨੂੰ ਵਰਦੀਆਂ ਦੇਣ ਦਾ ਕੀਤਾ ਫੈਸਲਾ
ਮਾਨਯੋਗ ਪੰਜਾਬ ਸਰਕਾਰ ਨੇ ਐਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵਰਦੀਆਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਸਰਕਾਰ ਨਰਸਰੀ ਦੇ ਬੱਚਿਆਂ ਨੂੰ ਵੀ ਵਰਦੀਆਂ ਦੇਵੇਗੀ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ 3,51,724 ਬੱਚਿਆਂ ਨੂੰ ਵਰਦੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਸਿੱਖਿਆ ਵਿਭਾਗ ਵੱਲੋਂ 21.10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਬੈਂਸ ਨੇ ਕਿਹਾ ਕਿ ਪਹਿਲਾਂ ਇਨ੍ਹਾਂ ਬੱਚਿਆਂ ਨੂੰ ਸਕੂਲੀ ਵਰਦੀਆਂ ਨਹੀਂ ਦਿੱਤੀਆਂ ਗਈਆਂ ਸਨ ਪਰ ਜਦੋਂ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਲਈ ਕਿਹਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਦਿਲਚਸਪ ਵਿਸ਼ੇਸ਼ ਕਲਾਸ-ਰੂਮ ਵੀ ਤਿਆਰ ਕੀਤੇ ਗਏ ਹਨ। ਬੈਂਸ ਨੇ ਕਿਹਾ ਕਿ ਮਾਨਯੋਗ ਸਰਕਾਰ ਦਾ ਟੀਚਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਹਰ ਪੱਖ ਤੋਂ ਵਿਕਸਤ ਕਰਨਾ ਹੈ।