Punjab
ਪੰਜਾਬ ਸਰਕਾਰ-ਰਾਜਪਾਲ ਵਿਵਾਦ: ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ
10 ਨਵੰਬਰ 2023: ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਚੱਲ ਰਹੇ ਵਿਵਾਦ ‘ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਚੀਫ਼ ਜਸਟਿਸ ਨੇ ਸਖ਼ਤ ਟਿੱਪਣੀ ਕੀਤੀ। ਚੀਫ਼ ਜਸਟਿਸ ਨੇ ਪੁੱਛਿਆ ਕਿ ਰਾਜਪਾਲ ਨੂੰ ਕੋਈ ਪਤਾ ਸੀ ਕਿ ਉਹ ਅੱਗ ਨਾਲ ਖੇਡ ਰਹੇ ਹਨ? ਜੇਕਰ ਰਾਜਪਾਲ ਨੂੰ ਲੱਗਦਾ ਹੈ ਕਿ ਬਿੱਲ ਗਲਤ ਤਰੀਕੇ ਨਾਲ ਪਾਸ ਕੀਤਾ ਗਿਆ ਹੈ, ਤਾਂ ਉਸ ਨੂੰ ਇਸ ਨੂੰ ਵਿਧਾਨ ਸਭਾ ਦੇ ਸਪੀਕਰ ਨੂੰ ਵਾਪਸ ਭੇਜਣਾ ਚਾਹੀਦਾ ਹੈ।
ਪੰਜਾਬ ਸਰਕਾਰ ਦੀ ਤਰਫੋਂ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਮੌਜੂਦਾ ਰਾਜਪਾਲ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਣਾ ਅਸੰਭਵ ਹੈ। ਚੀਫ਼ ਜਸਟਿਸ ਨੇ ਪੰਜਾਬ ਦੇ ਰਾਜਪਾਲ ਦੇ ਵਕੀਲ ਨੂੰ ਸਵਾਲ ਕੀਤਾ ਕਿ ਜੇਕਰ ਵਿਧਾਨ ਸਭਾ ਦਾ ਇੱਕ ਸੈਸ਼ਨ ਵੀ ਗ਼ੈਰ-ਕਾਨੂੰਨੀ ਕਰਾਰ ਦਿੱਤਾ ਜਾਂਦਾ ਹੈ ਤਾਂ ਸਦਨ ਵੱਲੋਂ ਪਾਸ ਕੀਤਾ ਗਿਆ ਬਿੱਲ ਗ਼ੈਰ-ਕਾਨੂੰਨੀ ਕਿਵੇਂ ਹੋ ਜਾਵੇਗਾ? ਜੇਕਰ ਰਾਜਪਾਲ ਇਸ ਤਰ੍ਹਾਂ ਬਿੱਲ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦੇ ਰਹੇ ਤਾਂ ਕੀ ਦੇਸ਼ ਵਿੱਚ ਸੰਸਦੀ ਲੋਕਤੰਤਰ ਬਚੇਗਾ?
ਸੁਪਰੀਮ ਕੋਰਟ ਨੇ ਕਿਹਾ ਕਿ ਰਾਜਪਾਲ ਰਾਜ ਦਾ ਸੰਵਿਧਾਨਕ ਮੁਖੀ ਹੁੰਦਾ ਹੈ ਪਰ ਪੰਜਾਬ ਦੇ ਹਾਲਾਤਾਂ ਨੂੰ ਦੇਖ ਕੇ ਲੱਗਦਾ ਹੈ ਕਿ ਸਰਕਾਰ ਅਤੇ ਉਸ ਵਿਚ ਵੱਡਾ ਮਤਭੇਦ ਹੈ, ਜੋ ਲੋਕਤੰਤਰ ਲਈ ਠੀਕ ਨਹੀਂ ਹੈ। ਸੁਪਰੀਮ ਕੋਰਟ ਨੇ ਰਾਜਪਾਲ ਦੇ ਵਕੀਲ ਨੂੰ ਕਿਹਾ ਕਿ ਤੁਸੀਂ ਬਿੱਲ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੱਖ ਸਕਦੇ। ਸਿੰਘਵੀ ਨੇ ਪੰਜਾਬ ਸਰਕਾਰ ਦੀ ਤਰਫੋਂ ਕਿਹਾ ਕਿ ਰਾਜਪਾਲ ਬਿੱਲ ਨੂੰ ਰੋਕਣ ਦੇ ਬਹਾਨੇ ਬਦਲਾ ਲੈ ਰਹੇ ਹਨ।
ਚੀਫ ਜਸਟਿਸ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਸੰਵਿਧਾਨ ਵਿੱਚ ਇਹ ਕਿੱਥੇ ਲਿਖਿਆ ਹੈ ਕਿ ਰਾਜਪਾਲ ਸਪੀਕਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇ ਸਕਦਾ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਮੇਰੇ ਕੋਲ ਰਾਜਪਾਲ ਵੱਲੋਂ ਲਿਖੀਆਂ ਦੋ ਚਿੱਠੀਆਂ ਹਨ, ਜਿਸ ਵਿੱਚ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਹੈ ਕਿ ਵਿਧਾਨ ਸਭਾ ਦਾ ਸੈਸ਼ਨ ਖੁਦ ਜਾਇਜ਼ ਨਹੀਂ ਹੈ, ਇਸ ਲਈ ਉਹ ਬਿੱਲ ਨੂੰ ਆਪਣੀ ਮਨਜ਼ੂਰੀ ਨਹੀਂ ਦੇ ਸਕਦਾ। ਰਾਜਪਾਲ ਨੇ ਕਿਹਾ ਕਿ ਉਹ ਇਸ ਵਿਵਾਦ ‘ਤੇ ਕਾਨੂੰਨੀ ਸਲਾਹ ਲੈ ਰਹੇ ਹਨ, ਅਸੀਂ ਕਾਨੂੰਨ ਦੀ ਪਾਲਣਾ ਕਰਨੀ ਹੈ। ਕੇਂਦਰ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਰਾਜਪਾਲ ਦਾ ਪੱਤਰ ਅੰਤਿਮ ਫੈਸਲਾ ਨਹੀਂ ਹੋ ਸਕਦਾ। ਕੇਂਦਰ ਸਰਕਾਰ ਇਸ ਵਿਵਾਦ ਨੂੰ ਸੁਲਝਾਉਣ ਦਾ ਰਾਹ ਲੱਭ ਰਹੀ ਹੈ।