Punjab
“ਕੋਵਿਡ 19 ਨਾਲ ਨਜਿੱਠਣ ਲਈ ਪੰਜਾਬ ਨੇ ਪੈਦਾ ਕੀਤੀ ਮਿਸਾਲ”

ਖੰਨਾ, 06 ਜੁਲਾਈ (ਗੁਰਪ੍ਰੀਤ ਸਿੰਘ): ਖੰਨਾ ਦੇ ਮਲੌਦ ਦੇ ਪਿੰਡ ਰੱਬੋਂ ਉੱਚੀ ‘ਚ ਬਾਬਾ ਮਹਾਰਾਜ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਸਤਰੀ ਪ੍ਰੋਗਰਾਮ ‘ਚ ਪਹੁੰਚੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਕੋਵਿਡ 19 ਕਾਰਨ ਵਿਸ਼ਵ ਭਰ ਵਿਚ ਪੈਦਾ ਹੋਈ ਮੌਜੂਦਾ ਸਥਿਤੀ ਨਾਲ ਨਿਪਟਣ ਵਿੱਚ ਪੰਜਾਬ ਨੇ ਦੇਸ਼ ਭਰ ਵਿਚ ਮਿਸਾਲ ਪੈਦਾ ਕੀਤੀ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਲਏ ਸਹੀ ਫੈਸਲਿਆਂ ਕਾਰਨ ਅੱਜ ਪੰਜਾਬ ਵੱਡੇ ਪੱਧਰ ਉਤੇ ਇਸ ਬਿਮਾਰੀ ਦੀ ਮਾਰ ਤੋਂ ਬਚ ਗਿਆ ਹੈ। ਉਹਨਾਂ ਦੱਸਿਆ ਕਿ ਅੱਜ ਸੂਬੇ ਦੇ ਲੋਕਾਂ ਨੂੰ ਟੈਸਟ ਅਤੇ ਇਲਾਜ ਆਦਿ ਲਈ ਨਿੱਜ਼ੀ ਹਸਪਤਾਲਾਂ ਜਾਂ ਹੋਰ ਜਗ੍ਹਾ ਭਟਕਣ ਦੀ ਲੋੜ ਨਹੀਂ ਹੈ।

ਸੂਬੇ ਦੇ ਸਰਕਾਰੀ ਅਦਾਰਿਆਂ ਵਿੱਚ ਰੋਜ਼ਾਨਾ 10 ਹਜ਼ਾਰ ਤੋਂ ਵਧੇਰੇ ਟੈਸਟ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਸਥਿਤ ਇਕ ਲੈਬੋਰਟਰੀ ਵੱਲੋਂ ਲੋਕਾਂ ਦੀਆਂ ਝੂਠੀਆਂ ਪਾਜੀਟਿਵ ਰਿਪੋਰਟਾਂ ਬਾਰੇ ਪੁੱਛੇ ਜਾਣ ਉਤੇ ਉਹਨਾਂ ਕਿਹਾ ਕਿ ਵਿਭਾਗ ਵਲੋਂ ਉਸ ਲੈਬ ਦਾ ਲਾਇਸੈਂਸ ਕੈਂਸਲ ਕਰ ਦਿੱਤਾ ਗਿਆ ਹੈ। ਭਵਿੱਖ ਵਿੱਚ ਵੀ ਅਜਿਹੀ ਕਿਸੇ ਲੈਬ ਨਾਲ ਕੋਈ ਰਿਆਇਤ ਨਹੀਂ ਕੀਤੀ ਜਾਵੇਗੀ।
ਉਹਨਾਂ ਇਸ ਮੌਕੇ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਨਾਮ ਉਤੇ ਇਕ ਮਹੀਨੇ ਵਿੱਚ ਹੈਲਥ ਐਂਡ ਵੈਲਨੈਸ ਸੈਂਟਰ ਖੋਲਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਸਿਹਤ ਸਹੂਲਤਾਂ ਦਾ ਵਿਕਾਸ ਕਰਨ ਲਈ ਹਰ ਹੀਲਾ ਅਪਣਾਇਆ ਜਾ ਰਿਹਾ ਹੈ।
ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਸੂਬੇ ਭਰ ਵਿਚ 2900 ਹੈਲਥ ਐਂਡ ਵੈਲਨੈਸ ਸੈਂਟਰ ਖੋਲਣ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚੋਂ 1900 ਬਣਾ ਦਿੱਤੇ ਗਏ ਹਨ ਜਦਕਿ ਬਾਕੀ 1000 ਵੀ ਜਲਦੀ ਹੀ ਚਾਲੂ ਕਰ ਦਿੱਤੇ ਜਾਣਗੇ।
ਇਸੇ ਤਰ੍ਹਾਂ ਉਹਨਾਂ ਪਿੰਡ ਰੱਬੋਂ ਉੱਚੀ ਵਿੱਚ ਬਾਬਾ ਮਹਾਰਾਜ ਸਿੰਘ ਜੀ ਦਾ ਬੁੱਤ ਸਥਾਪਤ ਕਰਨ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਅਖਤਿਆਰੀ ਕੋਟੇ ਵਿੱਚੋਂ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ। ਬਾਬਾ ਮਹਾਰਾਜ ਸਿੰਘ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਉਹਨਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਆਖੰਡਤਾ ਨੂੰ ਬਣਾਈ ਰੱਖਣ ਲਈ ਅੱਜ ਸਮੇਂ ਦੀ ਲੋੜ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾ ਕੇ ਪਹਿਲੇ ਸਿੱਖ ਸ਼ਹੀਦ ਦਾ ਰੁਤਬਾ ਹਾਸਿਲ ਕਰਨ ਵਾਲੇ ਭਾਈ ਮਹਾਰਾਜ ਸਿੰਘ ਜੀ ਵੱਲੋਂ ਦਰਸਾਏ ਰਸਤੇ ‘ਤੇ ਚੱਲਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਗੌਰਵਮਈ ਇਤਿਹਾਸ ਨੂੰ ਸਾਂਭਣ ਲਈ ਦ੍ਰਿੜ ਸੰਕਲਪ ਹੈ ਅਤੇ ਇਸੇ ਕਰਕੇ ਹੀ ਬਾਬਾ ਮਹਾਰਾਜ ਸਿੰਘ ਜੀ ਦਾ ਬੁੱਤ ਪਿੰਡ ਰੱਬੋਂ ਉੱਚੀ ਵਿਖੇ ਸਥਾਪਤ ਕੀਤਾ ਜਾਵੇਗਾ । ਉਨ੍ਹਾਂ ਬਾਬਾ ਮਹਾਰਾਜ ਸਿੰਘ ਜੀ ਦੀ ਤਸਵੀਰ ‘ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ।