Connect with us

punjab

ਪੰਜਾਬ ਸਰਕਾਰ ਨੂੰ ਰਾਖਵਾਂਕਰਨ ਦੀ ਹੱਦ ਅਬਾਦੀ ਅਨੁਸਾਰ ਮਿੱਥਣ ਦੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸਿਫਾਰਸ਼

Published

on

mrs. tejinder kaur

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਇਕ ਪੱਤਰ ਲਿਖ ਕੇ ਸਿਫਾਰਸ਼ ਕੀਤੀ ਹੈ ਕਿ ਉਹ ਸੂਬੇ ਵਿਚ ਅਨੁਸੂਚਿਤ ਜਾਤੀਆਂ ਲਈ ਲਾਗੂ ਰਾਖਵਾਂਕਰਨ ਨੀਤੀ ਨੂੰ ਰਾਜ ਦੀ ਅਬਾਦੀ ਅਨੁਸਾਰ ਮਿੱਥ ਕੇ ਲਾਗੂ ਕਰੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 16 ਤੇ 16 ਏ ਅਨੁਸਾਰ ਸੂਬੇ ਵਿਚ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਨੀਤੀ ਨੂੰ ਬੀਤੇ ਸਮੇਂ ਵਿੱਚ ਅਬਾਦੀ ਦੇ ਅਨੁਪਾਤ ਅਨੁਸਾਰ ਮੁਲਾਂਕਣ ਕਰਨ ਉਪਰੰਤ ਰਾਖਵਾਂਕਰਨ ਦੀ ਹੱਦ ਨੂੰ ਬਣਦੀ ਹੱਦ ਅਨੁਸਾਰ ਵਧਾਇਆ ਗਿਆ ਸੀ।

ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਅਨੁਸੂਚਿਤ ਜਾਤੀਆਂ ਲਈ 19-10-1949 ਨੂੰ 15 ਫ਼ੀਸਦ  ਰਾਖਵਾਂਕਰਨ ਦਿੱਤਾ ਗਿਆ ਸੀ ਜਿਸ ਨੂੰ 19-08-1952 ਨੂੰ ਵਧਾ ਕੇ 19 ਫ਼ੀਸਦ ਕੀਤਾ ਗਿਆ ਅਤੇ 7-09-1963 ਨੂੰ 20 ਫ਼ੀਸਦ ਕਰ ਦਿੱਤਾ ਗਿਆ ਸੀ। ਆਖ਼ਿਰੀ ਵਾਰ 6-6-1974 ਨੂੰ ਰਾਖਵਾਂਕਰਨ 20 ਫ਼ੀਸਦ ਤੋਂ ਵਧਾਕੇ 25 ਫ਼ੀਸਦ ਕੀਤਾ ਗਿਆ ਸੀ ਅਤੇ ਨਾਲ ਹੀ ਪਦ ਉਨਤੀ ਵਿਚ ਰਾਖਵਾਂਕਰਨ ਕਲਾਸ 3 ਅਤੇ 4 ਲਈ 20 ਫ਼ੀਸਦ ਅਤੇ ਕਲਾਸ 1ਅਤੇ 2 ਲਈ 14 ਫ਼ੀਸਦ ਕੀਤਾ ਗਿਆ ਸੀ।

ਸ੍ਰੀਮਤੀ ਤੇਜਿੰਦਰ ਕੌਰ ਨੇ ਕਿਹਾ ਬੀਤੇ  47 ਸਾਲ ਤੋਂ ਰਾਖਵਾਂਕਰਨ ਨੂੰ ਰੀਵਿਊ ਨਹੀਂ ਕੀਤਾ ਗਿਆ ਜੋਕਿ ਅਨੂਸੂਚਿਤ ਜਾਤੀਆਂ ਨਾਲ ਅਨਿਆਏ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ 2011 ਦੀ ਮਰਦਮਸ਼ੁਮਾਰੀ ਅਨੁਸਾਰ ਸੂਬੇ ਵਿਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੀ ਅਬਾਦੀ 31.94 ਫ਼ੀਸਦ ਹੋ ਗਈ ਹੈ ਇਸ ਲਈ ਸਾਲ 2011 ਵਿਚ ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ ਦਾ ਕੋਟਾ ਵਧਾ ਕੇ 32 ਫ਼ੀਸਦ ਕਰਨਾ ਬਣਦਾ ਸੀ।

ਚੇਅਰਪਰਸਨ ਨੇ ਕਿਹਾ ਕਿ 2021 ਵਿਚ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਅਨੂਸੂਚਿਤ ਜਾਤੀਆਂ ਦੀ ਅਬਾਦੀ ਸੂਬੇ ਵਿਚ 36 ਫ਼ੀਸਦ ਹੋਣ ਦੀ ਸੰਭਾਵਨਾ ਹੈ। ਕਮਿਸ਼ਨ ਵਲੋਂ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੀ ਅਨੂਸੂਚਿਤ ਜਾਤੀਆਂ ਦੀ ਭਲਾਈ ਲਈ ਗਠਿਤ ਕਮੇਟੀ ਨੂੰ ਵੀ ਪੱਤਰ ਦੀ ਕਾਪੀ ਭੇਜ ਕੇ ਇਸ ਸਬੰਧੀ ਰੀਵਿਊ ਕਰਨ ਲਈ ਲਿਖਿਆ ਗਿਆ ਹੈ।