Punjab
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਕੇ ਉਭਰੇਗਾ ਪੰਜਾਬ : ਹਰਪਾਲ ਸਿੰਘ ਚੀਮਾ
ਐਸ.ਏ.ਐਸ.ਨਗਰ/ਚੰਡੀਗੜ੍ਹ:
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਸੂਬਾ ਜਲਦ ਹੀ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਕੇ ਉਭਰੇਗਾ।
ਕੈਬਨਿਟ ਮੰਤਰੀ ਇੱਥੇ ਐਸ.ਏ.ਐਸ.ਨਗਰ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਕੈਂਪਸ ਵਿਖੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ ‘ਪੰਜਾਬ ਐਕਸਪੋਰਟਸ ਐਂਡ ਬ੍ਰਾਂਡਜ਼’ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਸਨ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਨਵੀਂ ਸਰਕਾਰ ਨੂੰ ਚੁਣਿਆ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲੋਕ ਪੱਖੀ ਪਹਿਲਕਦਮੀਆਂ ਤੋਂ ਇਲਾਵਾ ਨਵੀਂ ਸਨਅਤੀ ਨੀਤੀ ਅਤੇ ਨਵੀਂ ਲੌਜਿਸਟਿਕਸ ਨੀਤੀ ਲਿਆਂਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਾਸਤੇ ਆਕਰਸ਼ਿਤ ਕਰਨ ਲਈ ਭਾਰਤ ਅਤੇ ਵਿਦੇਸ਼ਾਂ ਦਾ ਦੌਰਾ ਵੀ ਕਰ ਰਹੇ ਹਨ।
ਚੀਮਾ ਨੇ ਕਿਹਾ ਕਿ ਪੰਜਾਬ ਨੂੰ ਕਣਕ ਅਤੇ ਚੌਲਾਂ ਆਦਿ ਫ਼ਸਲਾਂ ਦੀ ਸਭ ਵੱਧ ਪੈਦਾਵਾਰ ਹੋਣ ਕਰਕੇ ‘ਭਾਰਤ ਦੇ ਅੰਨ ਭੰਡਾਰ ‘ ਵਜੋਂ ਵੀ ਜਾਣਿਆ ਜਾਂਦਾ ਹੈ, ਜਿਸ ਨੇ ਇਨ੍ਹਾਂ ਦੋਵਾਂ ਫਸਲਾਂ ਦੀ ਕਾਸ਼ਤ ਲਈ ਦੇਸ਼ ਭਰ ਵਿੱਚ ਚੋਟੀ ਦਾ ਦਰਜਾ ਪ੍ਰਾਪਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ, ਬਿਜਲੀ ਨੂੰ ਬਚਾਉਣ ਅਤੇ ਖੇਤੀ ਲਾਗਤਾਂ ਨੂੰ ਘਟਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਬਾਸਮਤੀ ਦੀ ਕਾਸ਼ਤ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਦਿਸ਼ਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਹੀ ਬਾਸਮਤੀ ਦੀ ਕਾਸ਼ਤ ਅਤੇ ਬਰਾਮਦ ਲਈ ਨਵੀਂ ਨੀਤੀ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਬਾਸਮਤੀ ਦਾ ਸਭ ਤੋਂ ਵੱਡਾ ਬਰਾਮਦਕਾਰ ਸੂਬਾ ਹੋਣ ਦੇ ਨਾਤੇ ਉਨ੍ਹਾਂ ਦੀ ਸਰਕਾਰ ਨੇ ਤਰਨਤਾਰਨ ਵਿਖੇ ਬਾਸਮਤੀ ‘ਤੇ ਵਿਸ਼ੇਸ਼ ਖੋਜ ਕੇਂਦਰ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਹੈ, ਜਿਸ ਵਿੱਚ ਬੀਜ ਖੋਜ ਸਹੂਲਤਾਂ ਅਤੇ ਅਨਾਜ ਦੀ ਪਰਖ ਵਾਲੀਆਂ ਲੈਬਾਰਟਰੀਆਂ ਹੋਣਗੀਆਂ।
ਮੰਤਰੀ ਨੇ ਕਿਹਾ ਕਿ ਹਰੀ ਕ੍ਰਾਂਤੀ ਪਹਿਲਾਂ ਪੰਜਾਬ ਵਿੱਚ ਲਿਆਂਦੀ ਗਈ ਸੀ ਅਤੇ ਹੁਣ ਮਾਨ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਲਿਆਉਣ ਦਾ ਫੈਸਲਾ ਕੀਤਾ ਹੈ ਕਿਉਂਕਿ ਦੇਸ਼ ਦੀ ਰਾਜਧਾਨੀ ਅਤੇ ਹੋਰ ਗੁਆਂਢੀ ਰਾਜਾਂ ਨਾਲ ਸੜਕੀ ਅਤੇ ਰੇਲ ਸੰਪਰਕ ਵਿੱਚ ਬਹੁਤ ਸੁਧਾਰ ਕੀਤਾ ਗਿਆ ਹੈ। ਚੀਮਾ ਨੇ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਹਰ ਖੇਤਰ ਵਿੱਚ ਕਾਮਯਾਬੀ ਹਾਸਲ ਕਰੇਗੀ ਅਤੇ ਸੂਬੇ ਨੂੰ ਨਵੀਆਂ ਲੀਹਾਂ ‘ਤੇ ਪਾਉਣ ਲਈ ਸਮਾਜ ਦੇ ਸਾਰੇ ਵਰਗਾਂ ਦਾ ਪੂਰਨ ਸਹਿਯੋਗ ਬਹੁਤ ਲੋੜੀਂਦਾ ਹੈ।
ਇਸ ਤੋਂ ਪਹਿਲਾਂ ਆਈਏਐਸ ਅਭਿਨਵ ਤਿ੍ਰਖਾ ਨੇ ਪੰਜਾਬ ਦੇ ਨਿਰਯਾਤ ਅੰਕੜਿਆਂ ਬਾਰੇ ਪੀ.ਪੀ.ਟੀ. ਵੀ ਪੇਸ਼ ਕੀਤੀ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਬਾਰੇ ਚਾਨਣਾ ਪਾਇਆ।
ਸੈਸ਼ਨ ਦੌਰਾਨ ਪਿ੍ਰਅੰਕਾ ਸ਼ਰਮਾ, ਪਾਰਟਨਰ, ਕੇ.ਪੀ.ਐਮ.ਜੀ., ਮਦਨ ਐੱਮ. ਪਿਲੁਤਲਾ ਡੀਨ, ਆਈ.ਐੱਸ.ਬੀ. ਮੋਹਾਲੀ, ਕੈਪਟਨ ਅਸ਼ਵਨੀ ਨਾਯਰ ਡਿਪਟੀ ਸੀ.ਈ.ਓ., ਹਿੰਦ ਟਰਮੀਨਲਜ਼ ਪ੍ਰਾਈਵੇਟ ਲਿਮਟਿਡ, ਸੰਦੀਪ ਜੈਨ ਕਾਰਜਾਕਰੀ ਡਾਇਰੈਕਟਰ ਮੌਂਟੇ ਕਾਰਲੋ ਫੈਸ਼ਨਜ਼ ਲਿਮਟਿਡ, ਅਸ਼ੋਕ ਸੇਠੀ ਡਾਇਰੈਕਟਰ ਰਾਈਸ ਮਿੱਲਰਜ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਪੰਜਾਬ ,ਰਾਜੇਸ਼ ਖਰਬੰਦਾ, ਐਮ.ਡੀ ਨਿਵੀਆ ਸਪੋਰਟਸ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।