Connect with us

Punjab

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਾਲ ਕੀਤੀ ਮੁਲਾਕਾਤ..

Published

on

ਚੰਡੀਗੜ੍ਹ 14ਸਤੰਬਰ 2023:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੰਧਵਾਂ ਨੇ ਪੰਜਾਬ ਦੀਆਂ ਸੜਕਾਂ ’ਤੇ ਵਾਪਰ ਰਹੇ ਜਾਨਲੇਵਾ ਹਾਦਸਿਆਂ ਦਾ ਮੁੱਦਾ ਉਠਾਇਆ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੋਟਕਪੂਰਾ ਦੇ ਪਿੰਡ ਟਹਿਣਾ ਵਿੱਚ ਵਾਪਰੇ ਸੜਕ ਹਾਦਸਿਆਂ ਬਾਰੇ ਗੱਲ ਕੀਤੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਟਹਿਣਾ ਵਿੱਚ ਵਾਪਰੇ ਭਿਆਨਕ ਸੜਕ ਹਾਦਸਿਆਂ ਨੂੰ ਰੋਕਣ ਲਈ ਕੀਮਤੀ ਜਾਨਾਂ ਬਚਾਉਣ ਬਾਰੇ ਗੱਲਬਾਤ ਕੀਤੀ। ਇਸ ਲਈ ਉਨ੍ਹਾਂ ਮੌਕੇ ’ਤੇ ਅੰਡਰ ਬ੍ਰਿਜ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਅੰਡਰਬ੍ਰਿਜ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਦੇ ਨਾਲ-ਨਾਲ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਵੀ ਸਹਾਈ ਹੋਵੇਗਾ।

ਕੇਂਦਰੀ ਮੰਤਰੀ ਨੇ ਮੰਗ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ
ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕਿਹਾ ਕਿ ਫਰੀਦਕੋਟ ਦੇ ਆਸ-ਪਾਸ ਲੰਘਦੇ ਭਾਰੀ ਵਾਹਨਾਂ ਕਾਰਨ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ’ਤੇ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਪਿੰਡ ਟਹਿਣਾ ਨੇੜੇ ਅੰਡਰਬ੍ਰਿਜ ਬਣਾਉਣ ਦੀ ਮੰਗ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਇਸ ਸਬੰਧੀ ਜਲਦੀ ਹੀ ਲਿਖਤੀ ਪ੍ਰਵਾਨਗੀ ਜਾਰੀ ਕਰਨ ਦੀ ਗੱਲ ਕਹੀ।

ਪੰਜਾਬ ਵਿੱਚ ਇੱਕ ਦਰਜਨ ਟੋਲ ਬੰਦ
ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਦਰਜਨ ਦੇ ਕਰੀਬ ਸੜਕਾਂ ਨੂੰ ਟੋਲ ਫਰੀ ਕਰਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਦੀ ਰੋਜ਼ਾਨਾ ਹਜ਼ਾਰਾਂ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕੇਂਦਰੀ ਮੰਤਰੀ ਨਾਲ ਪੰਜਾਬ ਦੇ ਹੋਰ ਸੜਕੀ ਪ੍ਰਾਜੈਕਟਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ।