Connect with us

punjab

ਪੰਜਾਬ ਯੂਥ ਵਿਕਾਸ ਬੋਰਡ ਨੇ ਸੂਬੇ ਭਰ ਵਿੱਚ ਸਫਲਤਾਪੂਰਵਕ 33 ਕੋਵਿਡ ਟੀਕਾਕਰਨ ਕੈਂਪ ਲਗਾਏ: ਬਿੰਦਰਾ

Published

on

sukhvinder singh bindra

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਬੋਰਡ ਵੱਲੋਂ ਸੂਬੇ ਭਰ ਵਿੱਚ ਹੁਣ ਤੱਕ 33 ਟੀਕਾਕਰਨ ਕੈਂਪ ਲਗਾਏ ਜਾ ਚੁੱਕੇ ਹਨ। ਉਹ ਪੰਜਾਬ ਯੂਥ ਵਿਕਾਸ ਬੋਰਡ ਦੇ ਸਾਰੇ ਮੈਂਬਰਾਂ ਅਤੇ ਯੂਥ ਕਲੱਬਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਉਣ ਲਈ ਪ੍ਰੇਰਿਤ ਕਰ ਰਹੇ ਹਨ ਤਾਂ ਜੋ ਅਸੀਂ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਦੇ ਯੋਗ ਹੋ ਸਕੀਏ।

ਟੀਕਾਕਰਨ ਮੁਹਿੰਮ ਨੂੰ ਤੇਜ਼ ਕਰ ਕੇ ਕੋਵਿਡ-19 ਮਹਾਂਮਾਰੀ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦਿਆਂ ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਹੁਣ ਤੱਕ ਸੂਬੇ ਭਰ ਵਿੱਚ ਕੁੱਲ 33 ਕੋਵਿਡ-19 ਟੀਕਾਕਰਨ ਕੈਂਪ ਲਗਾਏ ਗਏ ਹਨ।

ਸ੍ਰੀ ਬਿੰਦਰਾ ਨੇ ਕੱਲ੍ਹ ਲੁਧਿਆਣਾ ਦੇ ਦੁੱਗਰੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਇਸ ਤਰ੍ਹਾਂ ਦੇ ਦੋ ਕੈਂਪਾਂ ਦਾ ਉਦਘਾਟਨ ਕੀਤਾ ਜਦੋਂਕਿ ਕੱਲ੍ਹ ਅੰਮ੍ਰਿਤਸਰ ਅਤੇ ਮੁਹਾਲੀ ਵਿਖੇ ਵੀ ਇੱਕ-ਇੱਕ ਕੈਂਪ ਲਗਾਇਆ ਗਿਆ। ਇਸ ਮੌਕੇ ਚੇਅਰਮੈਨ ਨੇ ਕਿਹਾ ਕਿ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਕੋਵਿਡ ਟੀਕਾ ਲਗਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ। ਪੰਜਾਬ ਯੂਥ ਵਿਕਾਸ ਬੋਰਡ ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ ਟੀਕੇ ਦੀ ਖੁਰਾਕ ਲਗਵਾਉਣ ਲਈ ਠੋਸ ਯਤਨ ਕਰ ਰਹੀ ਹੈ ਤੇ ਸਾਰੇ ਯੋਗ ਵਿਅਕਤੀਆਂ ਨੂੰ ਜਲਦ ਤੋਂ ਜਲਦ ਟੀਕਾਕਰਨ ਅਧੀਨ ਕਵਰ ਕਰਨਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਚੇਅਰਮੈਨ ਨੇ ਕਿਹਾ ਕਿ ਸਿਰਫ ਟੀਕਾਕਰਨ ਦੀ ਤੇਜ਼ ਮੁਹਿੰਮ ਨਾਲ ਵੱਧ ਤੋਂ ਵੱਧ ਲੋਕਾਂ ਵਿੱਚ ਰੋਗ ਪ੍ਰਤੀਰੋਧ ਸ਼ਕਤੀ ਵਧਾਈ ਜਾ ਸਕਦੀ ਹੈ ਜਿਸ ਨਾਲ ਇਸ ਬਿਮਾਰੀ ਦੇ ਫੈਲਾਅ ਦੀ ਕੜੀ ਨੂੰ ਤੋੜਿਆ ਜਾ ਸਕਦਾ ਹੈ। ਉਨ੍ਹਾਂ ਨੇ ਅਜਿਹੇ ਲੋਕ ਹਿੱਤ ਕਾਰਜਾਂ ਲਈ ਹਮੇਸ਼ਾ ਪੰਜਾਬ ਯੂਥ ਵਿਕਾਸ ਬੋਰਡ ਦਾ ਸਾਥ ਦੇਣ ਲਈ ਸਨਅਤਕਾਰਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।