Delhi
ਰਾਹੁਲ ਗਾਂਧੀ ਨੇ ਮਣੀਪੁਰ ਮੁੱਦੇ ‘ਤੇ ਕੇਂਦਰ ‘ਤੇ ਸਾਧਿਆ ਨਿਸ਼ਾਨਾ, ਕਿਹਾ-‘ਜੋ ਦੇਸ਼ ਔਰਤਾਂ ਦਾ ਸਨਮਾਨ ਨਹੀਂ ਕਰ ਸਕਦਾ ਉਹ ਕਦੇ…..
28 JULY 2023: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਨੀਪੁਰ ਹਿੰਸਾ ਅਤੇ ਔਰਤਾਂ ਨਾਲ ਹੋਈਆਂ ਘਿਨਾਉਣੀਆਂ ਘਟਨਾਵਾਂ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਮੋਦੀ ਸਰਕਾਰ ਨੂੰ ਘੇਰਿਆ ਹੈ। ਕਾਂਗਰਸ ਨੇਤਾ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਸੱਤਾ ਦੇ ਲਾਲਚ ‘ਚ ਔਰਤਾਂ ਦੇ ਮਾਣ-ਸਨਮਾਨ ਅਤੇ ਦੇਸ਼ ਦੇ ਸਵੈ-ਮਾਣ ਨਾਲ ਖਿਲਵਾੜ ਕਰ ਰਹੀ ਹੈ।
ਰਾਹੁਲ ਗਾਂਧੀ ਨੇ ਫੇਸਬੁੱਕ ਪੋਸਟ ਰਾਹੀਂ ਮਨੀਪੁਰ ਦੀ ਘਟਨਾ ਅਤੇ ਔਰਤਾਂ ਵਿਰੁੱਧ ਅਪਰਾਧ ਦੇ ਕੁਝ ਹੋਰ ਮਾਮਲਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, ”ਜਿਹੜਾ ਦੇਸ਼ ਆਪਣੀਆਂ ਔਰਤਾਂ ਦਾ ਸਨਮਾਨ ਨਹੀਂ ਕਰਦਾ, ਉਹ ਕਦੇ ਅੱਗੇ ਨਹੀਂ ਵਧ ਸਕਦਾ।”
ਮਨੀਪੁਰ ਵੀਡੀਓ ਮਾਮਲੇ ਦੀ ਜਾਂਚ CBI ਕਰੇਗੀ
ਕੇਂਦਰ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਉਸ ਨੇ ਹਿੰਸਾ ਪ੍ਰਭਾਵਿਤ ਮਨੀਪੁਰ ਵਿੱਚ ਦੋ ਔਰਤਾਂ ਦੇ ਕੱਪੜੇ ਉਤਾਰਨ ਦੀ ਘਟਨਾ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤੀ ਹੈ। ਸਰਕਾਰ ਦਾ ਸਟੈਂਡ “ਔਰਤਾਂ ਵਿਰੁੱਧ ਕਿਸੇ ਵੀ ਅਪਰਾਧ ਲਈ ਜ਼ੀਰੋ ਟੋਲਰੈਂਸ” ਹੈ। ਗ੍ਰਹਿ ਮੰਤਰਾਲੇ ਨੇ ਆਪਣੇ ਸਕੱਤਰ ਅਜੈ ਕੁਮਾਰ ਭੱਲਾ ਰਾਹੀਂ ਦਾਇਰ ਕੀਤੇ ਹਲਫ਼ਨਾਮੇ ਵਿੱਚ ਵੀ ਸੁਪਰੀਮ ਕੋਰਟ ਨੂੰ ਕੇਸ ਦੀ ਸੁਣਵਾਈ ਮਨੀਪੁਰ ਤੋਂ ਬਾਹਰ ਤਬਦੀਲ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਮੁਕੱਦਮੇ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾ ਸਕੇ।