Politics
ਮਮਤਾ ਬੈਨਰਜੀ ਨੂੰ ਮਿਲਣਗੇ ਅੱਜ ਰਾਕੇਸ਼ ਟਿਕੈਤ, ਕਿਸਾਨ ਅੰਦੋਲਨ ਨੂੰ ਭਖਾਉਣ ਲਈ ਨਵੀਂ ਰਣਨੀਤੀ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਕੋਲਕਾਤਾ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰ ਰਹੇ ਹਨ। ਟਿਕੈਤ ਮਮਤਾ ਬੈਨਰਜੀ ਨਾਲ ਕਿਸਾਨੀ ਅੰਦੋਲਨ ਦੀਆਂ ਭਵਿੱਖ ‘ਚ ਵਿੱਢੀਆਂ ਜਾਣ ਵਾਲੀਆਂ ਰਣਨੀਤੀਆਂ ‘ਤੇ ਵਿਚਾਰ-ਵਟਾਂਦਰਾ ਕਰਨਗੇ। ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਮਮਤਾ ਬੈਨਰਜੀ ਨੂੰ ਚੋਣਾਂ ‘ਚ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਵੀ ਦੇਣਗੇ। ਟਿਕੈਤ ਨੇ ਬੰਗਾਲ ਚੋਣਾਂ ਵਿੱਚ ਮਮਤਾ ਬੈਨਰਜੀ ਲਈ ਚੋਣ ਪ੍ਰਚਾਰ ਵੀ ਕੀਤਾ ਸੀ। ਭਾਰਤੀ ਕਿਸਾਨ ਯੂਨੀਅਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਹਨ। ਰਾਕੇਸ਼ ਟਿਕੈਤ ਚੋਣ ਪ੍ਰਚਾਰ ਲਈ ਨੰਦੀਗ੍ਰਾਮ ਗਏ ਸਨ। ਚੋਣ ਪ੍ਰਚਾਰ ਦੌਰਾਨ ਟਿਕੈਤ ਨੇ ਸਥਾਨਕ ਲੋਕਾਂ ਨੂੰ ਟੀਐਮਸੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਭਾਜਪਾ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ ਸੀ। ਹਾਲਾਂਕਿ ਮਮਤਾ ਇਸ ਸੀਟ ਤੋਂ ਚੋਣ ਹਾਰ ਗਈ ਸੀ। ਰਾਕੇਸ਼ ਟਿਕੈਤ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਅੰਦੋਲਨ ਦੀ ਅਗਵਾਈ ਕਰ ਰਹੇ ਹਨ। ਅੰਦੋਲਨਕਾਰੀਆਂ ਦੀ ਮੰਗ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਵੱਖ-ਵੱਖ ਕਿਸਾਨ ਸੰਗਠਨਾਂ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਵੱਡੀਆਂ ਕੰਪਨੀਆਂ ਲਈ ਰਾਹ ਖੋਲ੍ਹ ਰਹੀ ਹੈ ਜੋ ਕਿ ਕਿਸਾਨਾਂ ਲਈ ਬਹੁਤ ਗਲਤ ਹੋਵੇਗਾ।
ਪਿਛਲੇ ਸਾਲ ਨਵੰਬਰ ਤੋਂ ਸੈਂਕੜੇ ਪ੍ਰਦਰਸ਼ਨਕਾਰੀਆਂ ਨਾਲ ਰਾਕੇਸ਼ ਟਿਕੈਤ ਕੌਮੀ ਰਾਜਧਾਨੀ ਨੇੜੇ ਡੇਰਾ ਲਗਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਮਮਤਾ ਬੈਨਰਜੀ ਨੇ ਵੀ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਸ਼ੁਰੂ ਤੋਂ ਵਿਰੋਧ ਕੀਤਾ ਹੈ ਤੇ ਉਨ੍ਹਾਂ ਨੇ ਵੀ ਕਿਸਾਨਾਂ ਨੂੰ ਸਮਰਥਨ ਦਿੱਤਾ। ਉਨ੍ਹਾਂ ਦੀ ਪਾਰਟੀ ਦੇ ਕਈ ਆਗੂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮਿਲਣ ਦਿੱਲੀ ਵੀ ਆਏ ਸਨ। ਦੂਜੇ ਪਾਸੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਖੇਤੀਬਾੜੀ ਬਿੱਲਾਂ ਤੋਂ ਇਲਾਵਾ ਹੋਰ ਵਿਕਲਪਾਂ ‘ਤੇ ਗੱਲਬਾਤ ਕਰਨ ਲਈ ਤਿਆਰ ਹੈ। ਤੋਮਰ ਨੇ ਕਿਹਾ, “ਕੇਂਦਰ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਹੈ ਤੇ ਅਸੀਂ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਾਂ।” ਉਨ੍ਹਾਂ ਕਿਹਾ, “ਜੇਕਰ ਕਿਸਾਨ ਯੂਨੀਅਨਾਂ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਵਿਕਲਪਾਂ ‘ਤੇ ਵਿਚਾਰ ਕਰਨ ਲਈ ਤਿਆਰ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।