Punjab
21 ਦਿਨਾਂ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
ਰਾਮ ਰਹੀਮ ਫਿਰ ਤੋਂ ਜੇਲ੍ਹ ਚੋਂ ਬਾਹਰ ਆ ਗਿਆ ਹੈ। ਇਸ ਵਾਰ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲੀ ਹੈ। ਇਹ ਕੋਈ ਪਹਿਲੀ ਵਾਰ ਨਹੀਂ, ਬਲਕਿ 16ਵੀਂ ਵਾਰ ਹੈ ਜਦੋਂ ਡੇਰਾ ਮੁਖੀ ਜੇਲ੍ਹ ਤੋਂ ਬਾਹਰ ਆਇਆ ਹੈ। ਰਾਮ ਰਹੀਮ ਦੇ ਬਾਹਰ ਆਉਣ ਨਾਲ ਇੱਕ ਵਾਰ ਫਿਰ ਸਿਆਸੀ ਅਤੇ ਸਮਾਜਿਕ ਚਰਚਾਵਾਂ ਤੇਜ਼ ਹੋ ਗਈਆਂ ਹਨ। ਵਿਰੋਧੀ ਧਿਰਾਂ ਸਰਕਾਰ ‘ਤੇ ਸਵਾਲ ਖੜੇ ਕਰ ਰਹੀਆਂ ਹਨ, ਜਦਕਿ ਡੇਰਾ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਸਵੇਰੇ ਕੜੀ ਸੁਰੱਖਿਆ ਹੇਠ ਉਸਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਜੇਲ੍ਹ ਤੋਂ ਨਿਕਲਣ ਤੋਂ ਬਾਅਦ ਰਾਮ ਰਹੀਮ ਸਿੱਧਾ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਡੇਰਾ ਆਸ਼ਰਮ ਲਈ ਰਵਾਨਾ ਹੋ ਗਿਆ।
ਰਾਮ ਰਹੀਮ ਇਸ ਤੋਂ ਪਹਿਲਾਂ ਵੀ ਕਈ ਵਾਰ ਫਰਲੋ ਅਤੇ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। 2017 ਵਿੱਚ ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਹ 16ਵੀਂ ਵਾਰ ਹੈ ਜਦੋਂ ਉਹ ਜੇਲ੍ਹ ਤੋਂ ਬਾਹਰ ਆਇਆ ਹੈ। ਇਸ ਗੱਲ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਸਰਕਾਰ ‘ਤੇ ਨਿਸ਼ਾਨੇ ਸਾਧਦੀਆਂ ਰਹੀਆਂ ਹਨ।
