National
ਰਾਮ ਰਹੀਮ ਨੇ ਕੀਤਾ HC ਦਾ ਰੁਖ਼, ਹੁਣ ਕਿਹੜਾ ਕਰ ਰਹੇ ਹਨ ਦਾਅਵਾ ? ਪੜ੍ਹੋ ਪੂਰੀ ਖ਼ਬਰ
ਰਾਮ ਰਹੀਮ ਨੇ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲ ਰੁਖ਼ ਕੀਤਾ ਹੈ। ਉਹ ਇਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣ ਦੀ ਮੰਗ ਕਰ ਰਹੇ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਰੋਕ ਵਾਲੇ ਹੁਕਮਾਂ ‘ਤੇ ਡੇਰਾ ਸੱਚਾ ਸੌਦਾ ਨੇ ਦਲੀਲ ਦਿੱਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਰੋਲ ਜਾਂ ਛੁੱਟੀ ‘ਤੇ ਪਾਬੰਦੀ ਲਗਾਉਣ ਵਾਲੇ ਹੁਕਮਾਂ ਨੂੰ ਹਟਾਵੇ।
ਦੱਸਣਯੋਗ ਹੈ ਕਿ ਰਾਮ ਰਹੀਮ ਦੇ ਵਾਰ-ਵਾਰ ਜੇਲ ‘ਚੋਂ ਬਾਹਰ ਆਉਣ ‘ਤੇ ਇਤਰਾਜ਼ ਜਤਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ ਇਸੇ ਸਾਲ 29 ਫਰਵਰੀ ਨੂੰ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜ਼ਾਜਤ ਤੋਂ ਬਿਨਾਂ ਸੌਦਾ ਸਾਧ ਦੀ ਪੈਰੋਲ ਅਰਜ਼ੀ ‘ਤੇ ਵਿਚਾਰ ਨਾ ਕਰਨ ਦੇ ਹੁਕਮ ਦਿੱਤੇ ਸਨ।
ਸਾਧਵੀਂ ਜਿਨਸੀ ਸੋਸ਼ਣ ‘ਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਦਾਅਵਾ ਕੀਤੀ ਸੀ ਕਿ ਹਰਿਆਣਾ ਚੰਗੇ ਆਚਰਣ ਕੈਦੀ (ਅਸਥਾਈ ਰਿਹਾਈ) ਐਕਟ 2022 ਦੇ ਤਹਿਤ, ਯੋਗ ਦੋਸ਼ੀਆਂ ਨੂੰ ਸਾਲ ਵਿੱਚ 70 ਦਿਨਾਂ ਦੀ ਪੈਰੋਲ ਅਤੇ 21 ਦਿਨਾਂ ਦੀ ਛੁੱਟੀ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ। ਇਸ ਤਹਿਤ ਉਹ ਇਸ ਸਾਲ 20 ਦਿਨਾਂ ਦੀ ਪੈਰੋਲ ਅਤੇ 21 ਦਿਨਾਂ ਦੀ ਛੁੱਟੀ ਸਮੇਤ ਕੁੱਲ 41 ਦਿਨਾਂ ਦੀ ਰਿਹਾਈ ਲਈ ਯੋਗ ਹੈ।ਹਾਈ ਕੋਰਟ ਦੇ ਹੁਕਮਾਂ ‘ਤੇ ਸੌਦਾ ਸਾਧ ਨੇ ਰੋਕ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਪੈਰੋਲ ਅਤੇ ਛੁੱਟੀ ਦੇਣ ਦਾ ਉਦੇਸ਼ ਸੁਧਾਰਾਤਮਕ ਪ੍ਰਕਿਰਤੀ ਦਾ ਹੈ ਅਤੇ ਦੋਸ਼ੀ ਨੂੰ ਪਰਿਵਾਰ ਅਤੇ ਸਮਾਜ ਨਾਲ ਆਪਣੇ ਸਮਾਜਿਕ ਸਬੰਧ ਬਣਾਏ ਰੱਖਣ ਦੇ ਯੋਗ ਬਣਾਉਣਾ ਹੈ।
ਸਜ਼ਾ ਤੋਂ ਬਾਅਦ ਕਿੰਨੀ ਵਾਰ ਜੇਲ੍ਹ ਚੋਂ ਬਾਹਰ ਆਏ ਰਾਮ ਰਹੀਮ-
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਸ ਸਮੇਂ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹਨ। ਰਾਮ ਰਹੀਮ 2022 ਤੋਂ ਹੁਣ ਤੱਕ 6 ਵਾਰ ਛੁੱਟੀ ਅਤੇ 3 ਵਾਰ ਪੈਰੋਲ ਲੈ ਕੇ ਕੁੱਲ 192 ਦਿਨਾਂ ਲਈ ਬਾਹਰ ਆ ਚੁੱਕਿਆ ਹੈ। ਇਹ ਪਹਿਲੀ ਵਾਰ ਹੈ ਕਿ ਹਰਿਆਣਾ ਤੇ ਪੰਜਾਬ ਵਿੱਚ ਹੋ ਰਹੀਆਂ ਚੋਣਾਂ ਬਿਨਾਂ ਰਾਮ ਰਹੀਮ ਦੇ ਹੋ ਰਹੀਆਂ ਹਨ। ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਨੇ ਇਸ ਵਾਰ ਚੋਣਾਂ ‘ਚ ਡੇਰਾ ਮੁਖੀ ਸੌਦਾ ਸਾਧ ਨੂੰ ਪੈਰੋਲ ਨਹੀਂ ਦਿੱਤੀ।
(ਸਟੋਰੀ- ਇਕਬਾਲ ਕੌਰ, ਵਰਲਡ ਪੰਜਾਬੀ)