Connect with us

Punjab

ਰਾਮ ਰਹੀਮ ਦੀ ਪੈਰੋਲ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ,SGPC ਨੇ ਦਿੱਤੀ ਚੁਣੌਤੀ

Published

on

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਇਸ ਦੌਰਾਨ ਡੇਰਾ ਮੁਖੀ ਸਮੇਤ ਹੋਰ ਦੋਸ਼ੀਆਂ ਅਤੇ ਹਰਿਆਣਾ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨਾ ਹੈ।

ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ 17 ਫਰਵਰੀ ਲਈ ਜਵਾਬ ਤਲਬ ਕੀਤਾ ਸੀ। ਹਾਈ ਕੋਰਟ ਵੱਲੋਂ ਡੇਰਾ ਮੁਖੀ ਨੂੰ ਹੱਥ ਲਿਖਤ ਨੋਟਿਸ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਪਟੀਸ਼ਨ ਵਿੱਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਪੁਲੀਸ ਡਾਇਰੈਕਟਰ ਜਨਰਲ, ਪੰਜਾਬ ਦੇ ਗ੍ਰਹਿ ਸਕੱਤਰ ਪ੍ਰਮੁੱਖ ਸਕੱਤਰ, ਕੇਂਦਰੀ ਗ੍ਰਹਿ ਸਕੱਤਰ, ਸੁਨਾਰੀਆ ਜੇਲ੍ਹ ਦੇ ਸੁਪਰਡੈਂਟ, ਰੋਹਤਕ ਦੇ ਡੀਸੀ ਅਤੇ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਜਵਾਬਦੇਹ ਬਣਾਇਆ ਗਿਆ ਹੈ। ਪਟੀਸ਼ਨ ਵਿੱਚ ਰੋਹਤਕ ਡਿਵੀਜ਼ਨਲ ਕਮਿਸ਼ਨਰ ਵੱਲੋਂ ਪੈਰੋਲ ਦੇਣ ਵਿੱਚ ਕਾਨੂੰਨੀ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਇਆ ਗਿਆ ਹੈ।

ਪੈਰੋਲ ਰੱਦ ਕਰਨ ਦੀ ਮੰਗ ਕੀਤੀ
ਐਸਜੀਪੀਸੀ ਨੇ ਰੋਹਤਕ ਦੇ ਕਮਿਸ਼ਨਰ ਵੱਲੋਂ ਰਾਮ ਰਹੀਮ ਨੂੰ 20 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਦੇਣ ਦੇ ਹੁਕਮ ਨੂੰ ਹਰਿਆਣਾ ਵਰਚੂਅਸ ਪ੍ਰਿਜ਼ਨਰਜ਼ (ਅਸਥਾਈ ਰਿਹਾਈ) ਐਕਟ 2022 ਦੀ ਧਾਰਾ-11 ਦੀ ਵਿਵਸਥਾ ਦੇ ਵਿਰੁੱਧ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਅਦਾਲਤ ਨੂੰ ਪੈਰੋਲ ਦੀ ਮਿਆਦ ਦੌਰਾਨ ਰਾਮ ਰਹੀਮ ਦੇ ਗ਼ੈਰ-ਕਾਨੂੰਨੀ ਬਿਆਨਾਂ ਅਤੇ ਗਤੀਵਿਧੀਆਂ ਦੇ ਖ਼ਤਰਨਾਕ ਨਤੀਜਿਆਂ ਦੀ ਜਾਣਕਾਰੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਐਸਜੀਪੀਸੀ ਨੇ ਇਸ ਪੈਰੋਲ ਨੂੰ ਭਾਰਤ ਦੀ ਪ੍ਰਭੂਸੱਤਾ-ਅਖੰਡਤਾ ਅਤੇ ਦੇਸ਼ ਵਿੱਚ ਜਨਤਕ ਸਦਭਾਵਨਾ, ਸ਼ਾਂਤੀ ਅਤੇ ਸਮਾਜਿਕ ਤਾਣੇ-ਬਾਣੇ ਨੂੰ ਬਰਕਰਾਰ ਰੱਖਣ ਲਈ ਖ਼ਤਰਾ ਕਰਾਰ ਦਿੱਤਾ ਹੈ।