Connect with us

Punjab

ਰਮਨ ਬਹਿਲ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Published

on

ਚੰਡੀਗੜ੍ਹ:

ਰਮਨ ਬਹਿਲ ਨੇ ਮੰਗਲਵਾਰ ਨੂੰ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ, ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਅਤੇ ਖੁਰਾਕ ਤੇ ਸਪਲਾਈ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ਼ ਲਿਆ। 

ਬਹਿਲ ਨੇ ਅੱਜ ਆਪਣਾ ਅਹੁਦਾ ਸੰਭਾਲ਼ਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਕੇਂਦਰੀ ਅਤੇ ਪੰਜਾਬ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਸ ਭਰੋਸੇ ਨਾਲ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੀ ਦਿਸ਼ਾ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ 100 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਕੰਮ ਕਰਨਗੇ।

ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਬੁੱਧਵਾਰ ਨੂੰ 14 ਆਗੂਆਂ ਨੂੰ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਲਈ ਚੇਅਰਮੈਨ ਨਿਯੁਕਤ ਕਰਨ ਸੰਬੰਧੀ ਸੂਚੀ ਜਾਰੀ ਕੀਤੀ ਗਈ ਸੀ। ਇਸ ਸੂਚੀ ਅਨੁਸਾਰ ਰਮਨ ਬਹਿਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਸ੍ਰੀ ਰਮਨ ਬਹਿਲ ਅਤੇ ਉਨ੍ਹਾਂ ਦਾ ਪਰਿਵਾਰ ਕਈ ਦਹਾਕਿਆਂ ਤੋਂ ਪੰਜਾਬ ਦੀ ਰਾਜਨੀਤੀ ‘ਚ ਸਰਗਰਮ ਹੈ। ਉਨ੍ਹਾਂ ਦੇ ਪਿਤਾ ਖੁਸ਼ਹਾਲ ਬਹਿਲ ਪੰਜਾਬ ਦੇ ਸਿੱਖਿਆ ਮੰਤਰੀ ਰਹਿ ਚੁੱਕੇ ਹਨ। ਰਮਨ ਬਹਿਲ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਵਰਣਨਯੋਗ ਹੈ ਕਿ ਬਹਿਲ ਜ਼ਿਲ੍ਹਾ ਗੁਰਦਾਸਪੁਰ ਹਲਕਾ ਇੰਚਾਰਜ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੂੰ ‘ਆਪ’ ਵੱਲੋਂ ਗੁਰਦਾਸਪੁਰ ਹਲਕੇ ਤੋਂ ਐਮ.ਐਮ.ਏ. ਦੀ ਚੋਣ ਲਈ ਟਿਕਟ ਵੀ ਦਿੱਤੀ ਗਈ ਸੀ।

ਇਸ ਮੌਕੇ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਐਮ.ਡੀ. ਪੀ.ਐਚ.ਐਸ.ਸੀ ਨੀਲਿਮਾ, ਚੇਅਰਮੈਨ ਪਨਸਪ ਬਲਬੀਰ ਸਿੰਘ ਪੰਨੂ, ਚੇਅਰਮੈਨ ਪੀ.ਐਸ.ਈ.ਬੀ ਡਾ: ਯੋਗਰਾਜ, ਚੇਅਰਮੈਨ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਵਿਭੂਤੀ ਸ਼ਰਮਾ, ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ, ਅਮਿਤ ਮੰਟੋ ਸੁਜਾਨਪੁਰ; ਗੁਰਦੀਪ ਸਿੰਘ ਰੰਧਾਵਾ, ਲੋਕ ਸਭਾ ਇੰਚਾਰਜ `ਆਪ` ਸ਼ੀ. ਰਾਜੀਵ ਸ਼ਰਮਾ, ਜ਼ਿਲ੍ਹਾ ਆਪ ਇੰਚਾਰਜ ਜਗਰੂਪ ਸਿੰਘ ਸ਼ੇਖਵਾਂ, ਕਰਮਚਾਰੀ ਭਲਾਈ ਐਸੋਸੀਏਸ਼ਨਸ਼ ਦੇ ਪ੍ਰਧਾਨ ਮਨਜੋਤ ਸਿੰਘ ਅਤੇ ਵੱਡੀ ਗਿਣਤੀ ‘ਚ ਉਨ੍ਹਾਂ ਦੇ ਸਮਰਥਕ, ਰਿਸ਼ਤੇਦਾਰ, ਪਰਿਵਾਰਕ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ।