Punjab
ਰਣਜੀਤ ਐਵੀਨਿਊ ਗੋਲੀ ਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 2 ਸਾਥੀਆਂ ਸਣੇ 3 ਗ੍ਰਿਫ਼ਤਾਰ

ਚੰਡੀਗੜ੍ਹ 2 ਦਸੰਬਰ 2023: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿਖੇ ਨੀਰਜ ਕੁਮਾਰ ਨਾਮਕ ਵਿਅਕਤੀ ‘ਤੇ ਗੋਲੀਆਂ ਚਲਾਉਣ ਵਾਲੇ ਜੱਗੂ ਭਗਵਾਨਪੁਰੀਆ ਗੈਂਗ ਦੇ 2 ਕਾਰਕੁਨਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਫੜੇ ਗਏ ਦੋ ਮੁਲਜ਼ਮਾਂ ਦੀ ਪਛਾਣ ਸਾਰਥਕ ਅਤੇ ਅਨਮੋਲ ਸ਼ਰਮਾ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜਦੋਂ ਕਿ ਫੜੇ ਗਏ ਤੀਜੇ ਮੁਲਜ਼ਮ ਦੀ ਪਛਾਣ ਖਜ਼ਾਨਾ ਗੇਟ ਅੰਮ੍ਰਿਤਸਰ ਦੇ ਅਲਤਮਿਸ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਵਾਰਦਾਤ ‘ਚ ਵਰਤੀ ਗਈ ਚਿੱਟੇ ਰੰਗ ਦੀ ਵਰਨਾ ਕਾਰ ਨੂੰ ਕਬਜ਼ੇ ‘ਚ ਲੈ ਲਿਆ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ. 02 ਈ.ਐੱਚ. 0009 ਵੀ ਬਰਾਮਦ ਕੀਤਾ ਹੈ। ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਵਿੱਚ ਵਾਪਰੀ ਇਸ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪੰਜਾਬ ਪੁਲੀਸ ਦੀਪਕ ਅਰੋੜਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾ ਦੇ ਆਧਾਰ ‘ਤੇ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਦੇਖ-ਰੇਖ ਹੇਠ ਏ.ਆਈ.ਜੀ. ਸੰਦੀਪ ਗੋਇਲ ਦੀ ਅਗਵਾਈ ਹੇਠ ਏ.ਜੀ.ਟੀ.ਐਫ. ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਟੀਮ ਨੇ ਸਾਰਥਕ ਅਤੇ ਅਨਮੋਲ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ, ਜਦਕਿ ਤੀਜੇ ਮੁਲਜ਼ਮ ਅਲਟਾਮਿਸ ਨੂੰ ਸਮਾਣਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਆਪ੍ਰੇਸ਼ਨ ਵਿੱਚ ਡੀ.ਐਸ.ਪੀ. ਏ.ਜੀ.ਟੀ.ਐਫ. ਰਾਜਨ ਪਰਮਿੰਦਰ ਸਿੰਘ ਨੇ ਸਹਿਯੋਗ ਦਿੱਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਅੰਮ੍ਰਿਤਸਰ ਵਿੱਚ ਪਹਿਲਾਂ ਵੀ ਤਿੰਨ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਲੋੜੀਂਦੇ ਸਨ। ਇਸ ਤੋਂ ਇਲਾਵਾ ਉਕਤ ਦੋਸ਼ੀ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਲੌਜਿਸਟਿਕਸ ਸਪੋਰਟ, ਲੁਕਣ ਦੇ ਅੱਡੇ ਅਤੇ ਹਥਿਆਰ ਵੀ ਮੁਹੱਈਆ ਕਰਵਾਉਂਦੇ ਸਨ।