Punjab
ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਕੇ.ਵੀ.ਕੇ. ਨੇ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪਟਿਆਲਾ:
ਵਾਤਾਵਰਣ ਦੀ ਸ਼ੁੱਧਤਾ ਲਈ ਕੀਤੇ ਜਾਣ ਵਾਲੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਜੋੜਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਸੀਨੀਅਰ ਸੈਕੰਡਰੀ ਸਕੂਲ, ਅਜਨੌਦਾ ਵਿਖੇ ਕਰਵਾਇਆ ਗਿਆ।
ਇਸ ਮੌਕੇ ਵਿਦਿਆਰਥੀਆਂ ਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲੇਖ ਰਚਨਾ, ਭਾਸ਼ਣ ਅਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ। ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਵਿਪਨ ਕੁਮਾਰ ਰਾਮਪਾਲ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ। ਉਨ੍ਹਾਂ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਊਰਜਾ ਜਾ ਖਾਦ ਦੇ ਰੂਪ ਵਿੱਚ ਵਰਤਣ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਮੇਂ ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ।
ਡਾ. ਰਜਨੀ ਗੋਇਲ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਜ਼ਿੰਮੇਵਾਰੀ ਨਾਲ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦਾ ਆਯੋਜਨ ਪ੍ਰਿੰਸੀਪਲ ਕਿਰਨਜੀਤ ਕੌਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੇ ਵੱਖ ਵੱਖ ਇਨਾਮ ਜਿੱਤੇ। ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵੱਲੋਂ ਸਕੂਲ ਦੇ ਪ੍ਰਿੰਸੀਪਲ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਸਮੂਹ ਸਟਾਫ਼ ਅਤੇ ਕੇ.ਵੀ.ਕੇ. ਰੌਣੀ ਦੇ ਵਿਗਿਆਨੀਆਂ ਦਾ ਧੰਨਵਾਦ ਕੀਤਾ।