Corona Virus
ਫਿਰੋਜ਼ਪੁਰ ਜਿਲ੍ਹੇ ਲਈ ਰਾਹਤ ਦੀ ਖ਼ਬਰ: ਕੋਰੋਨਾ ਪੋਜ਼ਿਟਿਵ ਮਰੀਜ਼ ਦੇ ਸੰਪਰਕ ਵਿਚ ਆਏ 34 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ

ਫਿਰੋਜ਼ਪੁਰ, 21 ਅਪ੍ਰੈਲ: ਪਿੰਡ ਵਾੜਾ ਭਾਈ ਕਾ ਦੇ 27 ਸਾਲਾ ਕੋਰੋਨਾ ਪੋਜ਼ਿਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ਵਾਲੇ ਸਾਰੇ 34 ਲੋਕਾਂ ਦੀ ਟੈੱਸਟ ਰਿਪੋਰਟ ਨੈਗੇਟਿਵ ਆਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰਕੁਲਵੰਤ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਸਾਰੇ 34 ਲੋਕਾਂ ਦੀ ਰਿਪੋਰਟ ਨੈਗੇਟਿਵ ਅਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਰੱਖਣਾ ਚਾਹੁੰਦੇ ਹਨ ਤਾਂ ਕਰਫ਼ਿਊ ਦਾ ਸਖ਼ਤੀ ਨਾਲ ਪਾਲਨਾ ਕਰਨ ਤੇ ਆਪਣੇ ਘਰਾਂ ਵਿਚ ਹੀ ਰਹਿਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੋਜ਼ਿਟਿਵ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ, ਜਿਸ ਵਿਚ ਉਨ੍ਹਾਂ ਦੇ 57 ਸਾਲਾਂ ਪਿਤਾ, 50 ਸਾਲਾਂ ਮਾਂ, 26 ਸਾਲਾਂ ਪਤਨੀ ਅਤੇ 2 ਸਾਲ ਦਾ ਬੇਟਾ ਸ਼ਾਮਲ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੁਧਿਆਣਾ ਵਿਚ ਤੈਨਾਤ ਪਿੰਡ ਵਾੜਾ ਭਾਈ ਕਾ ਦਾ ਰਹਿਣ ਵਾਲਾ 27 ਸਾਲਾਂ ਪੁਲਿਸ ਮੁਲਾਜ਼ਮ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸੂਚਨਾ ਮਿਲਦੇ ਹੀ ਤੁਰੰਤ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਸੰਪਰਕ ਵਿਚ ਆਏ ਲੋਕਾਂ ਦੀ ਪਹਿਚਾਣ ਕਰ ਕੇ ਉਨ੍ਹਾਂ ਨੂੰ ਹੋਮ ਕੁਆਰਨਟਾਈਨ ਕੀਤਾ ਗਿਆ ਹੈ। ਕੁਲ 34 ਮਰੀਜ਼ਾਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਦੇ ਸੈਂਪਲ ਲਏ ਗਏ ਸੀ, ਜਿਨ੍ਹਾਂ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਉੱਤੇ ਮੰਡਰਾ ਰਿਹਾ ਖ਼ਤਰਾ ਟੱਲ ਜ਼ਰੂਰ ਗਿਆ ਹੈ ਪਰ ਖ਼ਤਮ ਨਹੀਂ ਹੋਇਆ ਹੈ। ਇਹ ਤਾਂ ਹੀ ਪੂਰੀ ਤਰ੍ਹਾਂ ਖ਼ਤਮ ਹੋਵੇਗਾ ਜਦੋਂ ਅਸੀਂ ਸਾਰੇ ਮਿਲ ਕੇ ਕਰਫ਼ਿਊ ਦਾ ਪਾਲਨ ਕਰਾਂਗੇ ਅਤੇ ਆਪਣੇ ਘਰਾਂ ਵਿਚ ਰਹਾਂਗੇ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕੋਰੋਨਾ ਪੋਜ਼ਿਟਿਵ ਮਰੀਜ਼ ਪੂਰੀ ਤਰ੍ਹਾਂ ਠੀਕ ਹੈ ਅਤੇ ਉਸ ਵਿਚ ਕੋਈ ਵੀ ਲੱਛਣ ਸਾਹਮਣੇ ਨਹੀਂ ਆਏ ਹਨ। ਉਨ੍ਹਾਂ ਕਿਹਾ ਕਿ ਲੋਕ ਸੋਸ਼ਲ ਡਿਸਟੈਂਸਿੰਗ, ਮਾਸਕ ਪਹਿਨਣ ਸਮੇਤ ਸਿਹਤ ਵਿਭਾਗ ਵੱਲੋਂ ਜਾਰੀ ਸਾਰੀਆਂ ਸਾਵਧਾਨੀਆਂ ਦੀਆਂ ਪਾਲਨਾ ਕਰਨ ਅਤੇ ਖ਼ੁਦ ਨੂੰ ਸੁਰੱਖਿਅਤ ਰੱਖਣ।