Connect with us

Punjab

ਡਿਪਟੀ ਕਮਿਸ਼ਨਰ ਵੱਲੋਂ ਬਰਸਾਤਾਂ ਦੇ ਮੌਸਮ ‘ਚ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਸਮੀਖਿਆ ਮੀਟਿੰਗ

Published

on

ਪਟਿਆਲਾ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਸਬੰਧਤ ਵਿਭਾਗ ਮਿਲਕੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਇਕ ਮਾਪਦੰਡ ਸੰਚਾਲਨ ਪ੍ਰਕਿਰਿਆ (ਐਸ.ਓ.ਪੀ.) ਤਿਆਰ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨ ਮੌਕੇ ਪਲਾਨ ਨੂੰ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਐਸ.ਓ.ਪੀ ਹਫ਼ਤੇ ‘ਚ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦੀ ਸਹੀ ਨਿਕਾਸੀ ਲਈ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦੇ ਕੰਮ ‘ਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਸਬੰਧੀ ਰਿਪੋਰਟ ਡੀ.ਸੀ. ਦਫ਼ਤਰ ਵਿਖੇ ਜਮਾਂ ਕਰਵਾਉਣ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਦੇ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ‘ਚ ਜਿਨ੍ਹਾਂ ਸੜਕਾਂ ਦਾ ਨੁਕਸਾਨ ਹੁੰਦਾ ਹੈ, ਉਨ੍ਹਾਂ ਦੀ ਸ਼ਨਾਖਤ ਕਰਨ ਅਤੇ ਸੜਕ ਟੁੱਟਣ ਦੀ ਸਥਿਤ ‘ਚ ਬਦਲਵੇਂ ਪ੍ਰਬੰਧਾਂ ਸਬੰਧੀ ਰਿਪੋਰਟ ਤਿਆਰ ਕਰਨ ਦੀ ਹਦਾਇਤ ਵੀ ਕੀਤੀ।

ਸਾਕਸ਼ੀ ਸਾਹਨੀ ਨੇ ਸਮੂਹ ਐਸ.ਡੀ.ਐਮਜ਼ ਨੂੰ ਬਰਸਾਤਾਂ ਦੇ ਮੌਸਮ ਸਮੇਂ ਜ਼ਰੂਰੀ ਸਾਮਾਨ ਦੀ ਉਪਲਬਧਤਾ ਸਬੰਧੀ ਹਦਾਇਤ ਕਰਦਿਆ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਾਮਾਨ ਜ਼ਰੂਰਤ ਪੈਣ ‘ਤੇ ਪਹੁੰਚ ਵਿੱਚ ਹੋਵੇ ਅਤੇ ਸਾਮਾਨ ਦੀ ਵਰਤੋਂ ਲਈ ਲੋੜੀਦੇ ਵਿਅਕਤੀ ਮੌਜੂਦ ਹੋਣ ਤੇ ਸਾਰਾ ਸਮਾਨ ਚਾਲੂ ਹਾਲਤ ਵਿੱਚ ਹੋਵੇ। ਉਨ੍ਹਾਂ ਇਸ ਸਬੰਧੀ ਐਸ.ਡੀ.ਐਮਜ਼ ਨੂੰ ਆਪਣੇ ਪੱਧਰ ‘ਤੇ ਮੀਟਿੰਗ ਕਰਨ ਦੀ ਵੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਸੁਝਾਅ ਪ੍ਰਾਪਤ ਕਰਦਿਆ ਕਿਹਾ ਕਿ ਸਮੇਂ ਤੋਂ ਪਹਿਲਾਂ ਕੀਤੀ ਤਿਆਰੀ ਨਾਲ ਜਿਥੇ ਸੰਕਟ ਦ ਸਥਿਤੀ ਨੂੰ ਸਹੀ ਤਰੀਕੇ ਨਾਲ ਨਜਿੱਠਿਆ ਜਾਂ ਸਕਦਾ ਹੈ, ਉਥੇ ਹੀ ਕੰਮ ‘ਚ ਕੁਸ਼ਲਤਾ ਵੀ ਵਧਦੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਯੂ.ਟੀ) ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਯੂ.ਟੀ) ਚੰਦਰ ਜੋਤੀ ਸਿੰਘ, ਐਸ.ਡੀ.ਐਮ. ਪਾਤੜਾਂ ਅੰਕੁਰਜੀਤ ਸਿੰਘ, ਐਸ.ਡੀ.ਐਮ. ਸਮਾਣਾ ਟੀ. ਬੈਨਿਥ, ਐਸ.ਪੀ. ਹਰਪਾਲ ਸਿੰਘ, ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ, ਪੀ.ਡੀ.ਏ ਦੇ ਏ.ਸੀ.ਏ ਈਸ਼ਾ ਸਿੰਗਲ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।