Punjab
ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦੇ ਵਿਕਾਸ ਫੰਡਾਂ ਤੇ ਮਗਨਰੇਗਾ ਅਧੀਨ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿਆ

ਪਟਿਆਲਾ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਿੰਡਾਂ ‘ਚ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਵਿਭਾਗੀ ਅਧਿਕਾਰੀਆਂ ਨੂੰ ਵਿਕਾਸ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਉਣ ਦਾ ਹਦਾਇਤ ਕਰਦਿਆ ਕਿਹਾ ਕਿ ਪਿੰਡਾਂ ‘ਚ ਖੇਡਾਂ ਦਾ ਮਾਹੌਲ ਸਿਰਜਣ ਲਈ ਖੇਡ ਸਟੇਡੀਅਮ ਬਣਾਉਣ ਦੇ ਕੰਮ ‘ਚ ਤੇਜ਼ੀ ਲਿਆਂਦੀ ਜਾਵੇ ਅਤੇ ਜਿਹੜੇ ਕੰਮ ਮੁਕੰਮਲ ਹੋ ਚੁੱਕੇ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਅਹਿਮ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮਾਰਟ ਵਿਲੇਜ ਮੁਹਿੰਮ, ਐਮ.ਪੀ. ਲੈਡਜ., ਪੰਜਾਬ ਨਿਰਮਾਣ ਪ੍ਰੋਗਰਾਮ, ਅਨ-ਟਾਈਡ ਫੰਡ, ਪੇਂਡੂ ਖੇਡ ਸਟੇਡੀਅਮ, ਜਨ ਸੁਵਿਧਾ ਕੈਂਪ, ਅੰਮ੍ਰਿਤ ਸਰੋਵਰ ਅਤੇ ਮਗਨਰੇਗਾ ਅਧੀਨ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਸਰਕਾਰ ਦੇ ਫ਼ਲੈਗ਼ਸ਼ਿਪ ਪ੍ਰੋਗਰਾਮ ਗੰਭੀਰਤਾ ਨਾਲ ਲਾਗੂ ਕੀਤੇ ਜਾਣ ਅਤੇ ਇਸ ਸਬੰਧੀ ਪ੍ਰਗਤੀ ਰਿਪੋਰਟ ਹਰੇਕ ਮਹੀਨੇ ਸੌਂਪੀ ਜਾਵੇ।
ਸਾਕਸ਼ੀ ਸਾਹਨੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਰੇਗਾ ਤਹਿਤ ਕਰਵਾਏ ਜਾਣ ਵਾਲੇ ਕੰਮਾਂ ‘ਚ ਪਿੰਡ ਦੇ ਲੋੜਵੰਦ ਮਜ਼ਦੂਰਾਂ ਨੂੰ ਰੋਜ਼ਗਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਚੱਲ ਰਹੇ ਵਿਕਾਸ ਕੰਮਾਂ ਵਾਲੇ ਸਥਾਨਾਂ ਦਾ ਸਮੇਂ ਸਮੇਂ ‘ਤੇ ਆਪ ਦੌਰਾ ਕਰਨ ਤੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤਾਂ ਕਿ ਕੰਮ ਸਮੇਂ ਸਿਰ ਮੁਕੰਮਲ ਹੋ ਸਕਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਨੇ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਨੂੰ ਵਿਕਾਸ ਕੰਮਾਂ ਲਈ ਜਾਰੀ ਹੋਏ ਫੰਡਾਂ ਦੀ ਵਰਤੋਂ ਕਰਨ ਸਮੇਤ ਲੰਬਤ ਪਏ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰੇ ਕਰਨ ਦੇ ਨਾਲ ਨਾਲ ਹਰੇਕ ਅਧਿਕਾਰੀ ਤੇ ਕਰਮਚਾਰੀ ਦੀ ਜਵਾਬਦੇਹੀ ਤੈਅ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਜਾ ਕਰਮਚਾਰੀ ਵੱਲੋਂ ਕਿਸੇ ਪੱਧਰ ‘ਤੇ ਵੀ ਢਿੱਲ ਮੱਠ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।