Connect with us

Punjab

ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਭ੍ਰਿਸ਼ਟ ਅਮਲਾਂ ਨੂੰ ਜ਼ੀਰੋ ਟੋਲਰੈਂਸ

Published

on

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਨੂੰ ਜ਼ੀਰੋ ਟਾਲਰੈਂਸ ਦਾ ਸਪੱਸ਼ਟ ਸੰਦੇਸ਼ ਦਿੱਤਾ। ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ​​ਥੰਮ ਹੈ ਜਿਸ ਨੂੰ ਮਜ਼ਬੂਤ ​​ਕੀਤਾ ਜਾਣਾ ਚਾਹੀਦਾ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 26 ਜੂਨ, 2022 ਨੂੰ ਸੂਬੇ ਦੇ ਸਮੂਹ ਪਿੰਡਾਂ ਵਿੱਚ ਗਰਾਮ ਸਭਾ ਬੁਲਾਉਣ।

ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਗ੍ਰਾਮ ਸਭਾਵਾਂ ਵਿੱਚ ਲੋਕਾਂ ਦੀ ਯੋਗ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੀ ਗ੍ਰਾਮ ਸਭਾ ਸਬੰਧੀ ਪਿੰਡਾਂ ਵਿੱਚ ਪੋਸਟਰ ਸਹੀ ਢੰਗ ਨਾਲ ਲਗਾਏ ਜਾਣ ਅਤੇ ਗ੍ਰਾਮ ਸਭਾ ਦੀ ਇਸ ਮੀਟਿੰਗ ਲਈ ਸਮੇਂ ਸਿਰ ਪ੍ਰਬੰਧ ਕੀਤੇ ਜਾਣ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਤਕਨੀਕੀ ਸ਼ਾਖਾਵਾਂ ਤੋਂ ਸਹੀ ਵਿਉਂਤਬੰਦੀ ਅਤੇ ਡਰਾਇੰਗ ਨਾਲ ਨੇਪਰੇ ਚਾੜ੍ਹੇ ਜਾਣ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਘੱਟੋ-ਘੱਟ ਮਿਆਦ 25 ਸਾਲ ਹੋਣੀ ਚਾਹੀਦੀ ਹੈ; ਵਿਕਾਸ ਕਾਰਜਾਂ ਲਈ ਸਿਰਫ਼ ਮਿਆਰੀ ਸਮੱਗਰੀ ਹੀ ਵਰਤੀ ਜਾਵੇ। ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਅਨੁਮਾਨ ਅਤੇ ਡਰਾਇੰਗ ਸਹੀ ਨਹੀਂ ਹਨ ਤਾਂ ਤਕਨੀਕੀ ਸ਼ਾਖਾਵਾਂ ਦੇ ਅਧਿਕਾਰੀ ਵੀ ਜ਼ਿੰਮੇਵਾਰ ਹੋਣਗੇ।

ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਕਰਨ ਅਤੇ ਕਿਸੇ ਵੀ ਸਰਪੰਚ ਤੋਂ ਕਮਿਸ਼ਨ ਨਾ ਲੈਣ। ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀ ਜਾਂਦੀ ਇੰਟਰਲਾਕਿੰਗ ਟਾਈਲਾਂ, ਇੱਟਾਂ, ਸੀਮਿੰਟ ਆਦਿ ਸਮੱਗਰੀ ਵਿੱਚ ਕਿਸੇ ਅਧਿਕਾਰੀ ਦਾ ਸਿੱਧਾ ਜਾਂ ਅਸਿੱਧਾ ਹਿੱਸਾ ਪਾਇਆ ਗਿਆ ਤਾਂ ਬਖਸ਼ਿਆ ਨਹੀਂ ਜਾਵੇਗਾ।

ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਚੇਅਰਮੈਨਾਂ ਅਤੇ ਮੈਂਬਰਾਂ ਨੂੰ ਜ਼ਿਲ੍ਹਿਆਂ ਅਤੇ ਬਲਾਕਾਂ ਵਿੱਚ ਵਿਕਾਸ ਕਾਰਜਾਂ ਸਬੰਧੀ ਮੀਟਿੰਗਾਂ ਦੌਰਾਨ ਕਿਸੇ ਵੀ ਸਿਆਸੀ ਸਬੰਧਾਂ ਦੀ ਪਰਵਾਹ ਕੀਤੇ ਬਿਨਾਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਭੇਦਭਾਵ ਤੋਂ ਨੇਪਰੇ ਚਾੜ੍ਹੇ ਜਾਣ।

ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਬਲਾਕ ਵਿਕਾਸ ਅਧਿਕਾਰੀਆਂ ਅਤੇ ਹੋਰ ਮੁਲਾਜ਼ਮਾਂ ਦੀਆਂ ਖਾਲੀ ਪਈਆਂ ਅਸਾਮੀਆਂ ਦਾ ਖਰੜਾ ਬਣਾਉਣ ਲਈ ਵੀ ਕਿਹਾ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾ ਸਕੇ। 

ਮੀਟਿੰਗ ਵਿੱਚ ਪ੍ਰਮੁੱਖ ਤੌਰ ‘ਤੇ ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ, ਮਨਪ੍ਰੀਤ ਸਿੰਘ ਛਤਵਾਲ ਡਾਇਰੈਕਟਰ, ਟੀ.ਪੀ.ਐਸ ਫੂਲਕਾ ਸੰਯੁਕਤ ਵਿਕਾਸ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।