Corona Virus
ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਸਾਰੇ ਸਰਕਾਰੀ ਹਸਪਤਾਲਾਂ ‘ਚ ਪੀਪੀਈ ਕਿੱਟਾਂ ਉਪਲੱਬਧ ਕਰਵਾਉਣ ਲਈ ਕਿਹਾ

ਚੰਡੀਗੜ੍ਹ, ਬਲਜੀਤ ਮਰਵਾਹਾ, 6 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਸਾਰੇ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿਟਾਂ ਉਪਲੱਭਧ ਕਰਵਾਉਣ, ਅਤੇ ਕੋਵਿਡ-19 ਖ਼ਿਲਾਫ ਲੜਾਈ ਵਿਚ ਪ੍ਰਾਈਵੇਟ ਹਸਪਤਾਲਾਂ ਅਤੇ ਉਹਨਾਂ ਦੇ ਸਟਾਫ ਦੀ ਮੱਦਦ ਲੈਣ।ਇਸ ਦੇ ਨਾਲ ਹੀ ਸੁਰੱਖਿਆ ਲਈ ਇਸਤੇਮਾਲ ਹੁੰਦੇ ਮੈਡੀਕਲ ਉਪਕਰਣਾਂ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਉਣ।ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਡਾਕਟਰਾਂ ਅਤੇ ਨਰਸਾਂ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਆਈਆਂ ਹਨ ਕਿ ਸਰਕਾਰੀ ਹਸਪਤਾਲਾਂ ਵਿਚ ਪੀਪੀਈ ਕਿੱਟਾਂ ਸਪਲਾਈ ਨਹੀਂ ਕੀਤੀਆਂ ਜਾ ਰਹੀਆਂ ਹਨ, ਜਿਸ ਕਰਕੇ ਦੋ ਨਰਸਾਂ ਨੂੰ ਕੋਰੋਨਾਵਾਇਰਸ ਨੇ ਆਪਣੀ ਜਕੜ ਵਿੱਚ ਲੈ ਲਿਆ ਹੈ। ਉਹਨਾਂ ਕਿਹਾ ਕਿ ਸਾਰੇ ਸਿਹਤ ਵਰਕਰਾਂ ਲਈ ਸੁਰੱਖਿਅਤ ਉਪਕਰਨ ਬਹੁਤ ਹੀ ਜਰੂਰੀ ਹਨ। ਉਹਨਾਂ ਕਿਹਾ ਕਿ ਇਸਤੋਂ ਇਲਾਵਾ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਿਹਤ ਵਰਕਰਾਂ ਦਾ ਇੱਕ ਇੱਕ ਕਰੋੜ ਰੁਪਏ ਦਾ ਬੀਮਾ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਆਪਣੀ ਡਿਊਟੀ ਨਿਭਾਉਂਦੇ ਸਮੇਂ ਉਹਨਾਂ ਅੰਦਰ ਅਸੁਰੱਖਿਆ ਦੀ ਭਾਵਨਾ ਨਾ ਆਵੇ। ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿਚ ਸਾਫ਼ ਸਫ਼ਾਈ ਦਾ ਉੱਚਿਤ ਪ੍ਰਬੰਧ ਕੀਤਾ ਜਾਵੇ।
ਇਹ ਟਿੱਪਣੀ ਕਰਦਿਆਂ ਸਰਕਾਰੀ ਹਸਪਤਾਲਾਂ ਵਿਚ ਕੋਵਿਡ-19 ਦੇ ਸਾਰੇ ਮਰੀਜ਼ਾਂ ਨੂੰ ਸੰਭਾਲਣ ਲਈ ਲੋੜੀਂਦੀਆਂ ਸਹੂਲਤਾਂ ਅਤੇ ਸਾਧਨ ਨਹੀਂ ਹਨ, ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਪ੍ਰਾਈਵੇਟ ਹਸਪਤਾਲਾਂ ਅਤੇ ਉਹਨਾਂ ਦੇ ਸਟਾਫ ਅਤੇ ਡਾਇਗਨੌਸਟਿਕ ਕੇਂਦਰਾਂ ਦੀ ਇਸ ਕੰਮ ਵਿਚ ਮੱਦਦ ਲੈਣੀ ਚਾਹੀਦੀ ਹੈ ਤਾਂ ਕਿ ਸਾਰੇ ਮਰੀਜ਼ਾਂ ਦਾ ਸਹੀ ਇਲਾਜ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਉੱਘੇ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਹਾਲ ਹੀ ਵਿਚ ਹੋਈ ਮੰਦਭਾਗੀ ਮੌਤ ਨੇ ਸਰਕਾਰੀ ਹਸਪਤਾਲਾਂ ਅੰਦਰ ਮੁੱਢਲੀਆਂ ਸਹੂਲਤਾਂ ਦੀ ਕਮੀ ਨੂੰ ਉਜਾਗਰ ਕਰ ਦਿੱਤਾ ਹੈ। ਇਹਨਾਂ ਸਹੂਲਤਾਂ ਦੀ ਕਮੀ ਨੂੰ ਜੰਗੀ ਪੱਧਰ ਉੱਤੇ ਪੂਰਾ ਕਰਨਾ ਚਾਹੀਦਾ ਹੈ ਅਤੇ ਪ੍ਰਾਈਵੇਟ ਹਸਪਤਾਲਾਂ ਦੀਆਂ ਸਹੂਲਤਾਂ ਨੂੰ ਵੀ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਇਸਤੇਮਾਲ ਵਿਚ ਲਿਆਂਦਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਸਾਰੇ ਮੈਡੀਕਲ ਸਰੋਤਾਂ ਨੂੰ ਇਸਤੇਮਾਲ ਵਿਚ ਲਿਆਉਣ ਲਈ ਡਾਕਟਰਾਂ ਦੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣੀਆਂ ਚਾਹੀਦੀਆਂ ਹਨ ਅਤੇ ਇੱਕ ਸਹਿਯੋਗੀ ਵਤੀਰੇ ਨਾਲ ਪ੍ਰਾਈਵੇਟ ਹਸਪਤਾਲਾਂ ਦੇ ਸ਼ੰਕੇ ਦੂਰ ਕੀਤੇ ਜਾਣੇ ਚਾਹੀਦੇ ਹਨ।