Punjab
ਦਿੱਲੀ ਸਿੱਖ ਕਤਲੇਆਮ ਮਾਮਲੇ ‘ਚ ਸੱਜਣ ਸਿੰਘ ਬਰੀ

ਚੰਡੀਗੜ੍ਹ 21ਸਤੰਬਰ 2023: ਦਿੱਲੀ ਦੀ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਇੱਕ ਵਿਅਕਤੀ ਦੀ ਹੱਤਿਆ ਦੇ ਮਾਮਲੇ ਵਿੱਚ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਪੂਰੇ ਘਟਨਾਕ੍ਰਮ ਲਈ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਜਾਂਚ ਏਜੰਸੀਆਂ ‘ਤੇ ਸਹੀ ਢੰਗ ਨਾਲ ਜਾਂਚ ਨਾ ਕਰਨ ਦਾ ਦੋਸ਼ ਵੀ ਲਾਇਆ।
ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਦੋ ਹੋਰ ਦੋਸ਼ੀਆਂ ਵੇਦ ਪ੍ਰਕਾਸ਼ ਪਾਇਲ ਅਤੇ ਬ੍ਰਹਮਾਨੰਦ ਗੁਪਤਾ ਨੂੰ ਵੀ ਬਰੀ ਕਰ ਦਿੱਤਾ, ਇਹ ਕਹਿੰਦੇ ਹੋਏ ਕਿ ਇਸਤਗਾਸਾ ਪੱਖ ਉਨ੍ਹਾਂ ਦੇ ਖਿਲਾਫ ਕਤਲ ਅਤੇ ਦੰਗਿਆਂ ਦਾ ਮਾਮਲਾ ਸਾਬਤ ਕਰਨ ਵਿੱਚ ਅਸਫਲ ਰਿਹਾ।
SGPC ਨੇ ਜ਼ਾਹਿਰ ਕੀਤਾ ਗੁੱਸਾ
ਸ਼੍ਰੋਮਣੀ ਕਮੇਟੀ ਨੇ ਕਿਹਾ- 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ (ਪਹਿਲਾਂ ਹੀ ਸਿੱਖ ਕਤਲੇਆਮ ਦੇ ਇੱਕ ਹੋਰ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ) ਨੂੰ ਸੁਲਤਾਨਪੁਰੀ ਕਤਲੇਆਮ ਵਿੱਚ ਬਰੀ ਕਰਨਾ ਪੀੜਤ ਪਰਿਵਾਰਾਂ ਅਤੇ ਪਿਛਲੇ 40 ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰਾਂ ਲਈ ਇੱਕ ਵੱਡਾ ਧੱਕਾ ਹੈ। ਇਹ ਸਿੱਖ ਕੌਮ ਲਈ ਬਹੁਤ ਦੁਖਦਾਈ ਹੈ। ਇਹ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਵਿਚ ਸਰਕਾਰਾਂ ਦੀ ਨਾਕਾਮੀ ਅਤੇ ਭਰੋਸੇਮੰਦ ਸਬੂਤਾਂ ਅਤੇ ਗਵਾਹਾਂ ਦੇ ਬਾਵਜੂਦ ਮੁਕੱਦਮੇਬਾਜ਼ੀ ਵਿਚ ਨਾਕਾਮ ਰਹਿਣ ਦਾ ਪ੍ਰਮਾਣ ਹੈ।
ਇਸ ਤੋਂ ਪਹਿਲਾਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੀ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਜ਼ਮਾਨਤ ਮਿਲ ਚੁੱਕੀ ਹੈ। ਜਾਂਚ ਏਜੰਸੀਆਂ ਸਹੀ ਜਾਂਚ ਨਹੀਂ ਕਰ ਰਹੀਆਂ ਅਤੇ ਸਿੱਖਾਂ ਦਾ ਦੇਸ਼ ਦੀ ਨਿਆਂ ਪ੍ਰਣਾਲੀ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ। ਸ਼ਾਇਦ ਜਾਣਬੁੱਝ ਕੇ ਇਸ ਦੇਸ਼ ਵਿੱਚ ਸਿੱਖਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਵੀ ਜੇਲ੍ਹਾਂ ਵਿੱਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਜੇਕਰ ਸਿੱਖ ਉਨ੍ਹਾਂ ਲਈ ਆਵਾਜ਼ ਉਠਾਉਂਦੇ ਹਨ ਤਾਂ ਉਨ੍ਹਾਂ ਨੂੰ ਦੇਸ਼ ਧ੍ਰੋਹੀ ਕਰਾਰ ਦਿੱਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਹਰ ਸੰਭਵ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ।
ਦਿੱਲੀ ਦੀ ‘ਆਪ’ ਸਰਕਾਰ ‘ਤੇ ਉੱਠੇ ਸਵਾਲ
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਪੂਰੇ ਮਾਮਲੇ ਪਿੱਛੇ ਕੋਈ ਹੋਰ ਸਾਜ਼ਿਸ਼ ਹੈ। ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੀ ਭੂਮਿਕਾ ਸ਼ੱਕੀ ਹੈ। ਕੇਜਰੀਵਾਲ ਦੀ ਦਿੱਲੀ ਸਰਕਾਰ ਪੀੜਤ ਧਿਰ ਵੱਲ ਝੁਕਦੀ ਨਜ਼ਰ ਨਹੀਂ ਆ ਰਹੀ। ਗਰੇਵਾਲ ਨੇ ਕਿਹਾ ਕਿ ਐਸਜੀਪੀਸੀ ਨੇ ਪਹਿਲਾਂ ਵੀ ਅਜਿਹੇ ਮਾਮਲਿਆਂ ਵਿੱਚ ਆਪਣੀ ਭੂਮਿਕਾ ਨਿਭਾਈ ਹੈ ਅਤੇ ਭਵਿੱਖ ਵਿੱਚ ਵੀ ਜਦੋਂ ਵੀ ਲੋੜ ਪਈ ਤਾਂ ਸ਼੍ਰੋਮਣੀ ਕਮੇਟੀ ਸਾਡੇ ਨਾਲ ਖੜ੍ਹੀ ਰਹੇਗੀ।