India
ਜ਼ਿਲੇ ਦੇ ਪਿੰਡਾਂ ਵਿਚ ਸੈਨੀਟਾਈਜ਼ਰ ਦਾ ਛਿੜਕਾਅ ਕੀਤੇ ਜਾਣ ਦੀਆਂ ਤਸਵੀਰਾਂ
ਕਪੂਰਥਲਾ, 26 ਮਾਰਚ : ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲੇ ਦੇ ਸਮੂਹ ਪਿੰਡਾਂ ਨੂੰ ਸੈਨੀਟਾਈਜ਼ ਕਰਨ ਦਾ ਬੀੜਾ ਚੁੱਕਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਤੀ ਉਂਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲੇ ਵਿਚ ਪੈਂਦੇ ਪਿੰਡਾਂ ਵਿਚ ਪੰਚਾਇਤਾਂ ਦੇ ਸਹਿਯੋਗ ਨਾਲ ਸੈਨੀਟਾਈਜ਼ਰ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਜ਼ਿਲੇ ਵਿਚ ਪੈਂਦੇ ਪੰਜ ਬਲਾਕਾਂ ਨੂੰ ਅੱਗੇ ਕਲੱਸਟਰਾਂ ਵਿਚ ਵੰਡਿਆ ਗਿਆ ਹੈ ਅਤੇ ਹਰੇਕ ਪੰਚਾਇਤ ਪੱਧਰ ’ਤੇ ਸੈਨੀਟਾਈਜ਼ਰ ਦੇ ਛਿੜਕਾਅ ਲਈ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਸ ਮੁਹਿੰਮ ਦਾ ਅੱਜ ਆਗਾਜ਼ ਕਰ ਦਿੱਤਾ ਗਿਆ ਹੈ ਅਤੇ ਇਸ ਤਹਿਤ ਸਾਰੇ ਪਿੰਡ ਕਵਰ ਕੀਤੇ ਜਾਣਗੇ।
ਉਨਾਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਇਸ ਭਿਆਨਕ ਬਿਮਾਰੀ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੀ ਸਿਹਤ ਦਾ ਖਿਆਲ ਰੱਖਿਆ ਜਾਵੇ। ਉਨਾਂ ਕਿਹਾ ਕਿ ਗਲ਼ੀਆਂ ਵਿਚ ਘੁੰਮਣ ਅਤੇ ਛੋਟੇ-ਛੋਟੇ ਇਕੱਠ ਕਰਨ ਤੋਂ ਵੀ ਗੁਰੇਜ਼ ਕੀਤਾ ਜਾਵੇ। ਇਸੇ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਅਵਤਾਰ ਸਿੰਘ ਭੁੱਲਰ ਵੱਲੋਂ ਵੀ ਲੋਕਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਬਚਾਅ ਰੱਖਣ ਲਈ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫ਼ਸਰ ਸ. ਨਾਜ਼ਰ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਨਰਿੰਦਰ ਸਿੰਘ ਮੱਲੀ ਅਤੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।