Punjab
ਸਕੂਲ ਆਫ਼ ਐਮੀਨੈਂਸ ਨੂੰ ਕੁਝ ਮਹੀਨਿਆਂ ‘ਚ ਮਿਲੇਗਾ ਨਵਾਂ ਦਿੱਖ,ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ…

Chandigarh 21july 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹੇ ਦੇ ‘ਸਕੂਲ ਆਫ਼ ਐਮੀਨੈਂਸ’ ਦਾ ਦੌਰਾ ਕਰਦਿਆਂ ਕਿਹਾ ਕਿ ਆਉਂਦੇ ਕੁਝ ਮਹੀਨਿਆਂ ਵਿੱਚ ਇਨ੍ਹਾਂ ਸਕੂਲਾਂ ਦੇ ਮੁਹਾਂਦਰੇ ਵਿੱਚ ਲੋੜੀਂਦੀਆਂ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ ਤਾਂ ਜੋ ਇਹ ਸਕੂਲ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਸੁਨਹਿਰੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਣ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਿਲੌਰ ਨੇੜਲੇ ਪਿੰਡ ਮੰਡੀ ਵਿਖੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਬਣਾਏ ਗਏ ਅਤਿ ਆਧੁਨਿਕ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਫਿਲੌਰ ਵਿਖੇ ‘ਸਕੂਲ ਆਫ਼ ਐਮੀਨੈਂਸ’ ਦਾ ਦੌਰਾ ਕਰਦਿਆਂ ਸਟਾਫ਼ ਤੋਂ ਹੋਰ ਲੋੜੀਂਦੀਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਰੁਸ਼ਨਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਮੰਤਵ ਮੌਜੂਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਦਿਆਂ ਉਨ੍ਹਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ।

ਫਿਲੌਰ ਉਪਰੰਤ ਆਦਮਪੁਰ, ਲਾਡੋਵਾਲੀ ਰੋਡ ਅਤੇ ਮਾਡਲ ਟਾਊਨ ਵਿਖੇ ਸ਼ਹੀਦ ਮੇਜਰ ਰੋਹਿਤ ਸ਼ਰਮਾ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਹ ਖੁਦ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ‘ਸਕੂਲ ਆਫ਼ ਐਮੀਨੈਂਸ’ ਦਾ ਦੌਰਾ ਕਰਕੇ ਲੋੜੀਂਦੀਆਂ ਤਬਦੀਲੀਆਂ ਬਾਰੇ ਸਕੂਲ ਸਿੱਖਿਆ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਤਿੰਨ-ਚਾਰ ਮਹੀਨਿਆਂ ਵਿੱਚ ਇਨ੍ਹਾਂ ਸਕੂਲਾਂ ਦੀ ਮੁਕੰਮਲ ਨੁਹਾਰ ਬਦਲੀ ਜਾ ਰਹੀ ਹੈ ਜਿਸ ਵਾਸਤੇ ਜੰਗੀ ਪੱਧਰ ’ਤੇ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਜਲੰਧਰ ਤੋਂ ਬਾਅਦ ਆਉਂਦੇ ਦਿਨਾਂ ਵਿੱਚ ਉਹ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਜਾਕੇ ਸਟਾਫ਼ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਇਨ੍ਹਾਂ ਸਕੂਲਾਂ ਵਿੱਚ ਹਰ ਤਰ੍ਹਾਂ ਦਾ ਬੁਨਿਆਦੀ ਢਾਂਚਾ ਸਥਾਪਿਤ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਜਲੰਧਰ ਦੇ ਸਕੂਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਸਕੂਲਾਂ ਵਿੱਚ ਹੋਰ ਬੁਨਿਆਦੀ ਢਾਂਚੇ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਨਿਰਦੇਸ਼ ਦਿੱਤੇ।
ਸਕੂਲ ਆਫ਼ ਐਮੀਨੈਂਸ’ ਨੂੰ ਮਿਲੇ ਲੋਕਾਂ ਦੇ ਭਰਵੇਂ ਹੁੰਗਾਰੇ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਬੜਾ ਮੰਦਭਾਗਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਸ਼ਹਿਰੀ ਖੇਤਰਾਂ ਵਿੱਚ ਪ੍ਰਮੁੱਖ ਥਾਵਾਂ ’ਤੇ ਬਣੇ ਇਨ੍ਹਾਂ ਸਕੂਲਾਂ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਸਗੋਂ ਇਨ੍ਹਾਂ ਨੂੰ ਨਜ਼ਰ ਅੰਦਾਜ਼ ਕਰਦਿਆਂ ਇਨ੍ਹਾਂ ਦੀ ਹਾਲਤ ਖੰਡਰਾਂ ਵਰਗੀ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੁਝ ਹੀ ਮਹੀਨਿਆਂ ਅੰਦਰ ਇਨ੍ਹਾਂ ਸਕੂਲਾਂ ਦੀ ਦਿੱਖ ਵਿੱਚ ਵੱਡਾ ਸੁਧਾਰ ਲਿਆਉਂਦਿਆਂ ਇਹ ਨਵੀਂਆਂ ਬਿਲਡਿੰਗਾਂ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ।
ਸਿੱਖਿਆ ਮੰਤਰੀ ਵਲੋਂ ਸ਼ਹੀਦ ਮੇਜਰ ਰੋਹਿਤ ਸ਼ਰਮਾ ਦੀ ਜੀਵਨੀ ਨੂੰ ਸਦੀਵੀਂ ਜਿਉਂਦਾ ਰੱਖਣ ਦੀ ਲੋੜ ’ਤੇ ਜ਼ੋਰ : ਇਥੋਂ ਦੇ ਮਾਡਲ ਟਾਊਨ ਵਿਖੇ ਸ਼ਹੀਦ ਮੇਜਰ ਰੋਹਿਤ ਸ਼ਰਮਾ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲ ਵਿਖੇ ਸ਼ਹੀਦ ਮੇਜਰ ਰੋਹਿਤ ਸ਼ਰਮਾ ਦੀ ਜੀਵਨੀ ਦਾ ਸੰਖੇਪ ਵੇਰਵਾ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲ ਵਿਖੇ ਸ਼ਹੀਦ ਮੇਜਰ ਰੋਹਿਤ ਸ਼ਰਮਾ ਦੀ ਤਸਵੀਰ ਵੀ ਸਥਾਪਿਤ ਕੀਤੀ ਜਾਵੇ ਤਾਂ ਜੋ ਇਥੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੇਜਰ ਰੋਹਿਤ ਸ਼ਰਮਾ ਜੀ ਦੀ ਸ਼ਹਾਦਤ ਬਾਰੇ ਪੂਰੀ ਜਾਣਕਾਰੀ ਹਾਸਿਲ ਹੋ ਸਕੇ।