Haryana
ਹਰਿਆਣਾ ‘ਚ 5ਵੀਂ ਜਮਾਤ ਤੱਕ ਦੇ ਸਕੂਲ ਬੰਦ, ਜਾਣੋ ਕਾਰਨ
ਦਿਨੋ-ਦਿਨ ਹਵਾ ਦੇ ਪ੍ਰਦੂਸ਼ਣ ਦੀ ਸਥਿਤੀ ਬਦ ਤੋਂ ਬਦਤਰ ਬਣਦੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਹੁਣ ਹਰਿਆਣਾ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ‘ਚ ਵਧਦੇ ਪ੍ਰਦੂਸ਼ਣ ਦਰਮਿਆਨ ਨਾਇਬ ਸਰਕਾਰ ਨੇ 5ਵੀਂ ਜਮਾਤ ਤੱਕ ਦੇ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ 5ਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ ਵੱਲੋਂ ਇਸ ਸਬੰਧੀ ਜ਼ਿਲ੍ਹੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ।
ਦੱਸ ਦਈਏ ਕਿ ਦਿੱਲੀ ਵਿੱਚ AQI ਪੱਧਰ (ਏਅਰ ਕੁਆਲਿਟੀ ਇੰਡੈਕਸ) ਪਿਛਲੇ ਕੁਝ ਦਿਨਾਂ ਤੋਂ 400 ਤੋਂ ਉੱਪਰ ਬਣਿਆ ਹੋਇਆ ਹੈ। ਇਸ ਕਾਰਨ ਖੁੱਲ੍ਹੀ ਹਵਾ ਵਿੱਚ ਜਾਣ ਕਾਰਨ ਅੱਖਾਂ ਵਿੱਚ ਜਲਣ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਣ ਲੱਗ ਪਈਆਂ ਹਨ।
ਦੂਜੇ ਪਾਸੇ ਹਰਿਆਣਾ ਵੀ ਪ੍ਰਦੂਸ਼ਣ ਦੀ ਮਾਰ ਪੈ ਰਹੀ ਹੈ, ਜਿੱਥੇ ਪਿਛਲੇ ਕਈ ਦਿਨਾਂ ਤੋਂ ਹਵਾ ਦੀ ਗੁਣਵੱਤਾ (ਏਕਿਊਆਈ) ਬਹੁਤ ਮਾੜੀ ਚੱਲ ਰਹੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 400 ਨੂੰ ਪਾਰ ਕਰ ਗਿਆ ਹੈ।ਇਸ ਦੇ ਮੱਦੇਨਜ਼ਰ ਹਰਿਆਣਾ ਦੀ ਨਾਇਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।