Connect with us

Punjab

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਨਾਲ ਕੀਤੀ ਆਨ ਲਾਈਨ ਮੀਟਿੰਗ

Published

on

ਪਟਿਆਲਾ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 12 ਮਾਰਚ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦੇਣ ਲਈ ਅੱਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੱਲੋਂ ਡੀ.ਡੀ.ਪੀ.ਓ ਅਤੇ ਬੀ.ਡੀ.ਪੀ.ਓਜ ਦੀ ਮਦਦ ਨਾਲ ਪਟਿਆਲਾ ਬਲਾਕ ਦੇ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਨਾਲ ਗੂਗਲ ਮੀਟ ਐਪ ਰਾਹੀਂ ਇੱਕ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫ਼ੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ ਤੇ ਅਦਾਲਤੀ ਫ਼ੀਸ (ਜੇ ਕੋਈ ਭਰੀ ਹੋਵੇ) ਪਾਰਟੀਆਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਝਗੜੇ ਵਾਲੀ ਪਾਰਟੀਆਂ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕਰ ਲੈਂਦੀਆਂ ਹਨ ਅਤੇ ਇਸ ਤਰਾਂ ਦੋਵੇਂ ਪਾਰਟੀਆਂ ਦੀ ਜਿੱਤਣ ਦੀ ਵਿਵਸਥਾ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਆਉਣ ਵਾਲੀਆਂ ਲੋਕ-ਅਦਾਲਤਾਂ ਦੇ ਸਾਹਮਣੇ ਰੱਖਣ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਕੀਤੀ ਜਾ ਸਕੇ। ਇਸ ਉਦੇਸ਼ ਲਈ, ਲੋਕ ਅਦਾਲਤ ਦੁਆਰਾ ਨਿਪਟਾਰੇ ਲਈ ਤਿਆਰ ਹਰ ਮੁੱਦਈ ਸੰਬੰਧਿਤ ਅਦਾਲਤ ਵਿੱਚ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦਾ ਹੈ। ਇੱਥੋਂ ਤੱਕ ਕਿ ਪ੍ਰੀ-ਲਿਟੀਗੇਟਿਵ ਕੇਸ ਵਿੱਚ ਵੀ ਪਾਰਟੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ  ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ ਵੀ ਦਰਖਾਸਤ ਦੇ ਸਕਦਾ ਹੈ।

ਇਸ ਤੋਂ ਇਲਾਵਾ ਮੀਟਿੰਗ ਦੌਰਾਨ ਹਾਜ਼ਰੀਨ ਨੂੰ ਬੇਨਤੀ ਕੀਤੀ ਗਈ ਕਿ ਉਹ ਸੋਸ਼ਲ ਮੀਡੀਆ ਜਿਵੇਂ ਕਿ ਵਟਸ ਐਪ ਅਤੇ ਫੇਸਬੁੱਕ ਰਾਹੀਂ ਨੈਸ਼ਨਲ ਲੋਕ ਅਦਾਲਤ ਬਾਰੇ ਪ੍ਰਚਾਰ ਕਰਨ ਅਤੇ ਪਿੰਡਾਂ ਵਿੱਚ ਗੁਰਦੁਆਰਾ ਸਾਹਿਬ, ਮੰਦਿਰ ਅਤੇ ਹੋਰ ਧਾਰਮਿਕ ਥਾਂਵਾਂ ਰਾਹੀਂ ਲੋਕਾਂ ਨੂੰ ਲੋਕ ਅਦਾਲਤ ਦੇ ਕੰਮਕਾਜ ਅਤੇ ਇਸ ਦੇ ਲਾਭਾਂ ਬਾਰੇ ਦੱਸਣ।
ਇਸ ਸੰਬੰਧੀ ਹੋਰ ਜਾਣਕਾਰੀ ਲਈ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਵੈਬਸਾਈਟ www.pulsa.gov.in ਅਤੇ ਟੋਲ ਫ਼ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੰਬਰ 0175-2306500 ਤੇ ਸੰਪਰਕ ਕੀਤਾ ਜਾ ਸਕਦਾ ਹੈ।