Connect with us

Politics

ਦੇਖੋ ਕਿਸ ਤਰ੍ਹਾਂ ਪੰਜਾਬ ਬੰਦ ਦੇ ਸੱਦੇ ਵਿੱਚ ਕੈਪਟਨ ਸਾਹਿਬ ਨੇ ਦਿੱਤਾ ਕਿਸਾਨਾਂ ਦਾ ਸਾਥ ?

ਕੱਲ੍ਹ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਸੱਦਾ ,ਕੈਪਟਨ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਦਿੱਤੀਆਂ ਛੋਟਾਂ

Published

on

ਕੱਲ੍ਹ ਕਿਸਾਨਾਂ ਦੁਆਰਾ ਪੰਜਾਬ ਬੰਦ ਦਾ ਸੱਦਾ 
ਕੈਪਟਨ ਨੇ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਦਿੱਤੀਆਂ ਛੋਟਾਂ 
ਧਾਰਾ 144 ਦੀ ਉਲੰਘਣਾ ਲਈ ਕੋਈ ਐਫ.ਆਈ.ਆਰ. ਨਹੀਂ ਦਰਜ ਕੀਤੀ ਜਾਵੇਗੀ
ਕੋਵਿਡ-19 ਨਿਯਮਾਂ ਦੀ ਕੀਤੀ ਜਾਵੇ ਪਾਲਣਾ-ਕੈਪਟਨ

ਚੰਡੀਗੜ੍ਹ, 24 ਸਤੰਬਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲ ਰੱਦ ਕਰਵਾਉਣ ਲਈ ਅਤੇ ਇਹਨਾਂ ਅਰਡੀਨੈਂਸ ਦੇ ਵਿਰੁੱਧ ਸੂਬੇ ਭਰ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ।ਕੱਲ੍ਹ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਹੈ,ਸਾਰੀਆਂ ਕਿਸਾਨ ਜਥੇਬੰਦੀਆਂ ਇਕੱਠੀਆਂ ਹੋ ਕੇ ਪ੍ਰਦਰਸ਼ਨ ਕਰਨਗੀਆਂ,ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਖ਼ਾਸ ਅਪੀਲ ਕੀਤੀ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਖੇਤੀ ਬਿੱਲਾਂ ਵਿਰੁੱਧ ਭਲਕ ਦੇ ਬੰਦ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਅਤੇ ਕੋਵਿਡ ਦੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਬਿੱਲਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਧਾਰਾ 144 ਦੀ ਉਲੰਘਣਾ ਲਈ ਕੋਈ ਐਫ.ਆਈ.ਆਰ. ਦਰਜ ਨਹੀਂ ਕੀਤੀ ਜਾਵੇਗੀ। ਪਰ ਬੰਦ ਦੌਰਾਨ ਅਮਨ-ਕਾਨੂੰਨ ਵਿੱਚ ਵਿਘਨ ਨਹੀਂ ਪੈਣਾ ਚਾਹੀਦਾ।
ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਬੰਦ ਦੌਰਾਨ ਖਾਸ ਕਰਕੇ ਕੋਵਿਡ ਦੇ ਸੰਕਟ ਮੌਕੇ ਪੰਜਾਬ ਦੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।
ਮੁੱਖ ਮੰਤਰੀ ਨੇ ਕਿਸਾਨਾਂ ਅਤੇ ਬੰਦ ਦੇ ਹੱਕ ਵਿੱਚ ਡਟੀਆਂ ਹੋਰ ਜਥੇਬੰਦੀਆਂ ਨੂੰ ਪੂਰੇ ਸਮੇਂ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਦੇ ਨੇਮਾਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਸੂਬਾ ਪਹਿਲਾਂ ਹੀ ਕੋਵਿਡ ਕੇਸਾਂ ਵਿੱਚ ਲਗਾਤਾਰ ਵਾਧੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਹਤਿਆਤ ਵਰਤਣ ਦੇ ਨੇਮਾਂ ਦੀ ਕੋਈ ਵੀ ਉਲੰਘਣਾ ਸਥਿਤੀ ਨੂੰ ਬੇਕਾਬੂ ਕਰ ਸਕਦੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਗੱਲ ਦਾ ਪੂਰਾ ਖਿਆਲ ਰੱਖਣ ਕਿ ਉਨ੍ਹਾਂ ਦੇ ਸੰਘਰਸ਼ ਦੌਰਾਨ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਨੂੰ ਕਿਸੇ ਤਰ੍ਹਾਂ ਦਾ ਖਤਰਾ ਪੈਦਾ ਨਾ ਹੋਵੇ।
ਇਸ ਪ੍ਰਦਰਸ਼ਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਕਾਲ ਦੇ ਚਲਦੇ ਹਦਾਇਤਾਂ ਦਾ ਪਾਲਣ ਕਰਨ ਲਈ ਕਿਹਾ ਅਤੇ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਛੋਟਾਂ ਵੀ ਦਿੱਤੀਆਂ।