Connect with us

Punjab

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲੱਗੀ ਧਾਰਮਿਕ ਸਜ਼ਾ!

Published

on

ਵੱਡੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਜੁੜੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਪਤਾ ਲੱਗਿਆ ਹੈ ਕਿ ਬੀਬੀ ਜਗੀਰ ਕੌਰ ਬਾਰੇ ਫੋਨ ‘ਤੇ ਅਪਸ਼ਬਦ ਬੋਲਣ ਦੇ ਮਾਮਲੇ ਵਿਚ ਇਹ ਧਾਰਮਿਕ ਸਜ਼ਾ ਲਗਾਈ ਗਈ ਹੈ। ਅੱਜ ਪੰਜ ਪਿਆਰਿਆਂ ਵਲੋਂ ਲਗਾਈ ਗਈ ਧਾਰਮਿਕ ਸਜ਼ਾ ਅਨੁਸਾਰ ਹਰਜਿੰਦਰ ਸਿੰਘ ਧਾਮੀ ਇਕ ਘੰਟਾ ਜੂਠੇ ਭਾਂਡੇ ਮਾਂਜਣ ਦੇ ਨਾਲ ਨਾਲ ਜੋੜੇ ਸਾਫ਼ ਕਰਨ ਦੀ ਸੇਵਾ ਨਿਭਾਉਣਗੇ। ਇਸ ਦੌਰਾਨ ਧਾਮੀ ਜਪੁਜੀ ਸਾਹਿਬ ਵੀ ਕਰਨਗੇ।

ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੌਰਾਨ ਪੰਜਾਂ ਪਿਆਰਿਆਂ ਅੱਗੇ ਪੇਸ਼ ਹੋਣ ਲਈ ਪਹੁੰਚੇ ਹਨ। ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਾਫੀਨਾਮਾ ਵੀ ਲਿਖ ਕੇ ਦਿੱਤਾ ਸੀ ਅਤੇ ਇਹ ਵੀ ਕਿਹਾ ਸੀ ਕਿ ਜੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਹੋਵੇਗਾ ਉਸ ਨੂੰ ਉਹ ਖਿੜੇ ਮੱਥੇ ਪ੍ਰਵਾਨ ਕਰਨਗੇ।

ਅੰਮ੍ਰਿਤ ਸੰਚਾਰ ‘ਚ ਪਹੁੰਚਣ ਤੋਂ ਪਹਿਲਾਂ ਐਡਵੋਕੇਟ ਧਾਮੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਉਹਨਾਂ ਨੂੰ ਮਿਲ ਕੇ ਆਏ ਹਨ ਜਿਸ ਤੋਂ ਉਪਰੰਤ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਅੰਮ੍ਰਿਤ ਸੰਚਾਰ ਦੌਰਾਨ ਆਪਣੀ ਭੁੱਲ ਬਖ਼ਸਾਉਣ ਲਈ ਪਹੁੰਚੇ ਹਨ।