Punjab
ਆਨੰਦਪੁਰ ਸਾਹਿਬ ਹਲਕੇ ਦੇ 25 ਪਿੰਡਾਂ ਤੋਂ ਸ਼ੁਰੂ ਹੋਵੇਗਾ ‘ਸਿੱਖਿਆ-ਤੇ-ਸਿਹਤ’ ਪ੍ਰੋਜੈਕਟ

ਚੰਡੀਗੜ੍ਹ:
ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ‘ਸਿੱਖਿਆ-ਤੇ-ਸਿਹਤ’ ਦੀ ਸ਼ੁਰੂਆਤ ਆਨੰਦਪੁਰ ਸਾਹਿਬ ਹਲਕੇ ਤੋਂ 25 ਚੁਣੇ ਗਏ ਪਿੰਡਾਂ ਵਿੱਚ ਹੋਵੇਗੀ, ਜਿਨ੍ਹਾਂ ਨੂੰ ਪਹਿਲੇ ਪੜਾਅ ਵਿੱਚ ਪਾਇਲਟ ਪ੍ਰੋਜੈਕਟ ਲਈ ਚੁਣਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਵਿਸ਼ਵ ਪੱਧਰੀ ਖੇਡ ਢਾਂਚਾ ਤਿਆਰ ਕਰਨ ਲਈ ਸਟੇਡੀਅਮ, ਸਿੰਥੈਟਿਕ ਟਰੈਕ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ।
ਅਧਿਕਾਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਅਤੇ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਹਦਾਇਤ ਕਰਦਿਆਂ ਬੈਂਸ ਨੇ ਕਿਹਾ ਕਿ ਜੇਕਰ ਅਸੀਂ ਵਧੀਆ ਖੇਡ ਬੁਨਿਆਦੀ ਢਾਂਚਾ ਅਤੇ ਲੌਜਿਸਟਿਕਸ ਮੁਹੱਈਆ ਕਰਵਾਵਾਂਗੇ ਤਾਂ ਹੀ ਉਭਰਦੇ ਖਿਡਾਰੀ ਚਮਕਣਗੇ ਅਤੇ ਸਿਤਾਰੇ ਬਣ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ 25 ਪਿੰਡਾਂ ਵਿੱਚ ਸਟੇਡੀਅਮ ਅਤੇ ਹੋਰ ਸਹੂਲਤਾਂ ਲਈ ਡਿਜ਼ਾਈਨ ਲਗਭਗ ਤਿਆਰ ਹੋ ਚੁੱਕਾ ਹੈ ਅਤੇ ਜਲਦੀ ਹੀ ਜ਼ਮੀਨੀ ਪੱਧਰ ’ਤੇ ਦੇਖਿਆ ਜਾਵੇਗਾ।
ਉਨ੍ਹਾਂ ਰਾਸ਼ਟਰਮੰਡਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵੱਲੋਂ ਬਹੁਤ ਪ੍ਰਸ਼ੰਸਾ ਪ੍ਰਾਪਤ ਕਰਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਦਾ ਉਦੇਸ਼ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਰਗੇ ਗੁਆਂਢੀ ਰਾਜ ਨੇ ਪਿਛਲੇ ਕੁਝ ਸਾਲਾਂ ਵਿੱਚ ਸਾਡੇ ਨਾਲੋਂ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਵਿਕਾਸ ਨੂੰ ਅਣਗੌਲਿਆ ਕੀਤਾ ਹੈ।
ਪਿਛਲੀਆਂ ਸਰਕਾਰਾਂ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਤਤਕਾਲੀ ਸਰਕਾਰਾਂ ਦੇ ਲਾਪਰਵਾਹੀ ਵਾਲੇ ਵਤੀਰੇ ਕਾਰਨ ਪੰਜਾਬ ਦੇ ਖਿਡਾਰੀਆਂ ਨੂੰ ਬਹੁਤੀ ਪ੍ਰਸ਼ੰਸਾ ਨਹੀਂ ਮਿਲੀ ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਨ੍ਹਾਂ ਨੂੰ ਬੁਨਿਆਦੀ ਢਾਂਚਾਗਤ ਲੋੜਾਂ ਤੋਂ ਇਲਾਵਾ ਸਾਰੀਆਂ ਬੁਨਿਆਦੀ ਅਤੇ ਵਿਸ਼ਵ ਪੱਧਰੀ ਕੋਚਿੰਗ ਸਹੂਲਤਾਂ ਮੁਹੱਈਆ ਕਰਵਾਏਗੀ।