National
ਲੋਕ ਸਭਾ ਚੋਣਾਂ ਤੋਂ ਪਹਿਲਾਂ ਹਿਮਾਚਲ ‘ਚ 6 ਕਾਂਗਰਸੀ ਵਿਧਾਇਕ ਹੋਏ ਬਾਗੀ

HIMACHAL: ਇੰਡੀਅਨ ਨੈਸ਼ਨਲ ਕਾਂਗਰਸ ਨੂੰ ਹਿਮਾਚਲ ਪ੍ਰਦੇਸ਼ ਵਿੱਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਛੇ ਬਾਗੀ ਵਿਧਾਇਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਦੇ ਨਾਲ ਹੀ ਤਿੰਨ ਬਾਗੀ ਵਿਧਾਇਕ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੇ ਸਾਰੇ ਛੇ ਬਾਗੀ ਵਿਧਾਇਕ ਅਤੇ ਤਿੰਨ ਆਜ਼ਾਦ ਵਿਧਾਇਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸੀ ਵਿਧਾਇਕ ਸੁਧੀਰ ਸ਼ਰਮਾ, ਰਵੀ ਠਾਕੁਰ, ਰਾਜਿੰਦਰ ਸਿੰਘ ਰਾਣਾ, ਚੈਤੰਨਿਆ ਸ਼ਰਮਾ, ਦੇਵੇਂਦਰ ਭੁੱਟੋ ਅਤੇ ਇੰਦਰ ਦੱਤ ਲਖਨਪਾਲ ਅਤੇ ਆਜ਼ਾਦ ਵਿਧਾਇਕ ਕੇਐਲ ਠਾਕੁਰ, ਹੁਸ਼ਿਆਰ ਸਿੰਘ ਅਤੇ ਆਸ਼ੀਸ਼ ਸ਼ਰਮਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਵਿਧਾਇਕਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਕੁੱਲ 68 ਵਿਧਾਨ ਸਭਾ ਸੀਟਾਂ ‘ਚੋਂ ਕਾਂਗਰਸ ਹੁਣ 34 ਸੀਟਾਂ ‘ਤੇ ਆ ਗਈ ਹੈ। ਇਸ ਦੇ ਨਾਲ ਹੀ ਭਾਜਪਾ ਦੀ ਗਿਣਤੀ ਨਹੀਂ ਵਧੇਗੀ ਕਿਉਂਕਿ 6 ਬਾਗੀ ਵਿਧਾਇਕਾਂ ਨੂੰ ਸਪੀਕਰ ਨੇ ਮੁਅੱਤਲ ਕਰ ਦਿੱਤਾ ਸੀ ਅਤੇ 3 ਆਜ਼ਾਦ ਵਿਧਾਇਕਾਂ ਨੇ ਅਸਤੀਫਾ ਦੇ ਦਿੱਤਾ ਹੈ।
ਭਾਰਤੀ ਜਨਤਾ ਪਾਰਟੀ ਵਿੱਚ ਨਵੇਂ ਆਗੂਆਂ ਦੇ ਸ਼ਾਮਲ ਹੋਣ ਸਮੇਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਹਿਮਾਚਲ ਭਾਜਪਾ ਦੇ ਪ੍ਰਧਾਨ ਡਾਕਟਰ ਰਾਜੀਵ ਬਿੰਦਲ ਸਮੇਤ ਕਈ ਹੋਰ ਵੱਡੇ ਆਗੂ ਵੀ ਮੌਜੂਦ ਸਨ। ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਇਨ੍ਹਾਂ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਆਪਣਾ ਵਿਸ਼ਵਾਸ ਪ੍ਰਗਟਾਇਆ ਹੈ। ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਨਰਿੰਦਰ ਮੋਦੀ ਦੇਸ਼ ਵਿੱਚ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ ਅਤੇ ਇਸ ਦੇ ਨਾਲ ਹੀ ਹਿਮਾਚਲ ਵਿੱਚ ਵੀ ਭਾਜਪਾ ਦੀ ਸਰਕਾਰ ਬਣੇਗੀ।