Punjab
ਖੇਡ ਮੰਤਰੀ ਮੀਤ ਹੇਅਰ ਨੇ ਯੂਨੀਵਰਸਿਟੀ ਤੇ ਐਵਾਰਡ ਜੇਤੂ ਖਿਡਾਰੀਆਂ ਨੂੰ ਦਿੱਤੀਆਂ ਮੁਬਾਰਕਾਂ
ਚੰਡੀਗੜ੍ਹ:
ਕੇਂਦਰੀ ਖੇਡ ਮੰਤਰਾਲੇ ਵੱਲੋਂ ਸਾਲ 2022 ਲਈ ਐਲਾਨੇ ਕੌਮੀ ਖੇਡ ਪੁਰਸਕਾਰਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਮੌਲਾਨਾ ਅਬੁਲ ਕਲਾਮ ਅਜ਼ਾਦ (ਮਾਕਾ) ਟਰਾਫੀ ਲਈ ਚੁਣਿਆ ਗਿਆ ਹੈ।
ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚੋਂ ਖੇਡਾਂ ਵਿੱਚ ਸਰਵੋਤਮ ਰਹਿਣ ਵਾਲੀ ਯੂਨੀਵਰਸਿਟੀ ਨੂੰ ਦਿੱਤੀ ਜਾਂਦੀ ਮਾਕਾ ਟਰਾਫੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਰਿਕਾਰਡ 24ਵੀਂ ਵਾਰ ਜਿੱਤੀ ਹੈ। ਖੇਡ ਪੁਰਸਕਾਰਾਂ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਵੇਟਲਿਫਟਰ ਪੰਜਾਬ ਦੇ ਵਿਕਾਸ ਠਾਕੁਰ ਨੂੰ ਅਰਜੁਨਾ ਐਵਾਰਡ, ਤੀਰਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਨੂੰ ਦਰੋਣਾਚਾਰੀਆ ਐਵਾਰਡ ਅਤੇ ਹਾਕੀ ਓਲੰਪੀਅਨ ਧਰਮਵੀਰ ਸਿੰਘ ਨੂੰ ਧਿਆਨ ਚੰਦ ਲਾਈਫ ਟਾਈਮ ਅਚੀਵਮੈਂਟ ਐਵਾਰਡ ਲਈ ਚੁਣਿਆ ਗਿਆ ਹੈ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਈਸ ਚਾਂਸਲਰ ਡਾ ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਸਮੁੱਚੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀਆਂ ਤੇ ਕੋਚਾਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਵੱਕਾਰੀ ਯੂਨੀਵਰਸਿਟੀ ਨੇ ਰਿਕਾਰਡ 24ਵੀਂ ਵਾਰ ਮਾਕਾ ਟਰਾਫੀ ਜਿੱਤੀ ਹੈ। ਖੇਡ ਮੰਤਰੀ ਨੇ ਕੌਮੀ ਪੁਰਸਕਾਰ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚ ਨੂੰ ਵੀ ਮੁਬਾਰਕਬਾਦ ਦਿੱਤੀ ਹੈ।