punjab
‘ਮਿਰੈਕਲ ਆਫ਼ ਚੰਡੀਗੜ੍ਹ’ ਬੇਬੇ ਮਾਨ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਖੇਡ ਮੰਤਰੀ ਰਾਣਾ ਸੋਢੀ ਵੱਲੋਂ ਪ੍ਰਗਟਾਵਾ
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਸ਼ਵ ਰਿਕਾਰਡ ਤੋੜਨ ਵਾਲੀ 105 ਸਾਲਾ ਐਥਲੀਟ ਬੇਬੇ ਮਾਨ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਭਨਾਂ ਲਈ ਪ੍ਰੇਰਣਾਸਰੋਤ ਬੇਬੇ ਮਾਨ ਕੌਰ ਦੇ ਜਾਣ ਨਾਲ ਖੇਡ ਜਗਤ ਨੂੰ ਵੱਡਾ ਘਾਟਾ ਪਿਆ ਹੈ। ਭਾਰਤ ਦੀ ਸਭ ਤੋਂ ਬਜ਼ੁਰਗ ਅਥਲੀਟ ਅਤੇ ‘ਮਿਰੈਕਲ ਆਫ਼ ਚੰਡੀਗੜ੍ਹ’ ਦੇ ਨਾਮ ਨਾਲ ਮਸ਼ਹੂਰ ਬੇਬੇ ਮਾਨ ਕੌਰ ਕੈਂਸਰ ਨਾਲ ਜੂਝ ਰਹੇ ਸਨ ਅਤੇ ਡੇਰਾਬੱਸੀ ਦੇ ਇਕ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ। ਅੱਜ ਦੁਪਹਿਰ ਸਮੇਂ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਆਪਣੇ ਸੋਗ ਸੰਦੇਸ਼ ਵਿੱਚ ਖੇਡ ਮੰਤਰੀ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਨੂੰ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।