Religion
ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ
ਅੰਮ੍ਰਿਤਸਰ, 01 ਜੁਲਾਈ : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਅੱਜ ਬੜੇ ਹੀ ਉਤਸ਼ਾਹ ਸਹਿਤ ਮਨਾਇਆ ਗਿਆ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਹਜੂਰੀ ਰਾਗੀ ਜਥੇ ਵਲੋਂ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ। ਇਸ ਦੌਰਾਨ ਸੰਗਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਨਤਮਸਤਕ ਹੋਈ ਹੈ।
ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇੱਕ ਇਮਾਰਤ ਨਹੀਂ ਸਗੋਂ ਸੱਚਾ ਸੁੱਚਾ ਸੰਕਲਪ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋਸ਼ਿਸ਼ਾਂ ਬਹੁਤ ਹੋਈਆਂ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੋਈ ਢਾਹ ਨਹੀਂ ਲਾ ਸਕਦਾ। ਸੋਸ਼ਲ ਮੀਡੀਆ ‘ਤੇ ਸਿੱਖ ਸਿਧਾਂਤਾਂ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।
ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ “ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਥਾਪਿਤ ਕੀਤੇ, ਸਿੱਖ ਕੌਮ ਦੇ ਕੇਂਦਰੀ ਅਗਵਾਈ ਅਸਥਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੀ ਸਾਰੀ ਸੰਗਤ ਨੂੰ ਲੱਖ-ਲੱਖ ਵਧਾਈ। ਅਰਦਾਸ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਮੁੱਚੀ ਸਿੱਖ ਕੌਮ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰੇ”
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ “ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ ਭਗਤੀ ਤੇ ਸ਼ਕਤੀ ਦੇ ਪ੍ਰਤੀਕ, ਸਿੱਖ ਕੌਮ ਦਾ ਸਰਵ-ਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੇ ਸੁਮੇਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਪ ਸਿਰਜਣਾ ਕੀਤੀ ਤੇ ਇਸ ਨੂੰ ਬਾਬਾ ਬੁੱਢਾ ਜੀ ਤੇ ਭਾਈ ਗੁਰਦਾਸ ਜੀ ਪਾਸੋਂ ਤਿਆਰ ਕਰਵਾਇਆ”